ਅੰਮ੍ਰਿਤਸਰ – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ‘ਇੰਟਰ ਖ਼ਾਲਸਾ ਸਕੂਲਜ਼ ਕਲਚਰਲ ਫ਼ੈਸਟ‐2024’ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ:-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਜੇਤੂ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਵਿਦਿਆਰਥੀਆਂ ’ਚ ਛੁਪੇ ਹੁਨਰ ਨੂੰ ਉਜਾਗਰ ਕਰਨ ਦੇ ਨਾਲ‐ਨਾਲ ਇਕ ਪਲੇਟਫ਼ਾਰਮ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਬੱਚੇ ’ਚ ਕੋਈ ਨਾ ਕੋਈ ਹੁਨਰ ਜਰੂਰ ਹੁੰਦਾ ਹੈ, ਜ਼ਰੂਰਤ ਹੈ ਉਸ ਨੂੰ ਪਛਾਣ ਕੇ ਨਿਖਾਰਨ ਦੀ।
ਉਕਤ ਪ੍ਰੋਗਰਾਮ ਮੌਕੇ ਗਵਰਨਿੰਗ ਕੌਂਸਲ ਅਧੀਨ ਮੇਜ਼ਬਾਨ ਸਕੂਲ ਸਮੇਤ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਅਤੇ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਸੈਂਕੜੇ ਵਿਦਿਆਰਥੀਆਂ ਨੇ ਉਕਤ ਪ੍ਰੋਗਰਾਮ ’ਚ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਸ: ਛੀਨਾ ਨੇ ਕਿਹਾ ਕਿ ਗਵਰਨਿੰਗ ਕੌਂਸਲ ਦਾ ਟੀਚਾ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਚੰਗੇ ਮੁਕਾਮ ਹਾਸਲ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ’ਚ ਅਜਿਹੇ ਮੰਚ ਤੋਂ ਕੀਤੀ ਗਈ ਸ਼ੁਰੂਆਤ ਵਿਦਿਆਰਥੀਆਂ ਨੂੰ ਕਾਮਯਾਬੀ ਦੀਆਂ ਸੀੜੀਆਂ ਵੱਲ ਲਿਜਾਂਦੇ ਹਨ।
ਇਸ ਮੌਕੇ ਵਿਦਿਆਰਥੀਆਂ ਦੇ ਸ਼ਬਦ ਗਾਇਨ, ਫ਼ੋਕ ਡਾਂਸ, ਫ਼ੋਕ ਸਾਂਗ, ਮੋਨੋ ਐਕਟਿੰਗ, ਸੋਲੋ ਡਾਂਸ (ਪੰਜਾਬੀ) ਫੋਕ, ਗਿੱਧਾ, ਕਵਿਤਾ, ਪੇਟਿੰਗ, ਭਾਸ਼ਣ ਆਦਿ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸ: ਛੀਨਾ ਨੇ ਜੁਆਇੰਟ ਸਕੱਤਰ ਸ: ਸੰਤੋਖ ਸਿੰਘ ਸੇਠੀ, ਸਕੂਲ ਪ੍ਰਿੰਸੀਪਲ ਸ: ਅਮਰਜੀਤ ਸਿੰਘ ਗਿੱਲ ਨਾਲ ਮਿਲ ਕੇ ਉਕਤ ਮੁਕਾਬਲਿਆਂ ਦੌਰਾਨ ਜੇਤੂ ਆਏ ਵਿਦਿਆਰਥੀਆਂ ਨੂੰ ਸ਼ੀਲਡਾਂ ਭੇਂਟ ਕੀਤੀਆਂ ਅਤੇ ਸੁਨਿਹਰੇ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਪ੍ਰਿੰ: ਯ ਗਿੱਲ ਨੇ ਪ੍ਰੋਗਰਾਮ ਨੂੰ ਸਫ਼ਲ ਕਰਨ ਲਈ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਨੇਜ਼ਮੈਂਟ ਵੱਲੋਂ ਵਿਦਿਆਰਥੀਆਂ ਨੂੰ ਅਗਾਂਹਵਧੂ ਸੋਚ ਦੇ ਧਾਰਨੀ ਬਣਾਉਣ ਲਈ ਆਧੁਨਿਕ ਟੈਕਨਾਲੋਜੀ ਨੂੰ ਪਹਿਲ ਦਿੱਤੀ ਜਾ ਰਹੀ ਹੈ ਤਾਂ ਵਿਦਿਆਰਥੀ ਸਮੇਂ ਦੇ ਹਾਣ ਦਾ ਬਣ ਸਕਣ। ਇਸ ਮੌਕੇ ਜੁਆਇੰਟ ਸਕੱਤਰ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ, ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ, ਪ੍ਰਿੰਸੀਪਲ ਸ੍ਰੀਮਤੀ ਗੁਰਿੰਦਰਜੀਤ ਕੌਰ ਕੰਬੋਜ ਤੇ ਹੋਰਨਾਂ ਸਕੂਲਾਂ ਦਾ ਸਟਾਫ਼, ਵਿਦਿਆਰਥੀ ਹਾਜ਼ਰ ਸਨ।