Articles

ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਸਮਾਨਤਾ ਅਤੇ ਨਿਆਂ ’ਤੇ ਜ਼ੋਰ ਦਿੱਤਾ: ਰਾਸ਼ਟਰਪਤੀ !

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸੋਮਵਾਰ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦਾ ਦ੍ਰਿਸ਼। (ਫੋਟੋ: ਏ ਐਨ ਆਈ)

ਦਸਵੇਂ ਗੁਰੂ ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦਾ 358ਵਾਂ ਪ੍ਰਕਾਸ਼-ਪੁਰਬ ਪੂਰੀ ਦੁਨੀਆਂ ਦੇ ਵਿੱਚ ਬੜੀ ਹੀ ਸ਼ਰਧਾ ਅਤੇ ਸਦਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧ ਦੇ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ, ਗੁਰਬਾਣੀ ਕੀਰਤਨ ਹੋਏ ਅਤੇ ਬੁਲਾਰਿਆਂ ਦੇ ਵਲੋਂ ਗੁਰੁ ਸਾਹਿਬਾਨ ਦੀਆਂ ਸਿੱਖਿਆਵਾਂ ਉਪਰ ਚੱਲਣ ਦਾ ਸੱਦਾ ਦਿੱਤਾ ਗਿਆ।

ਨਾਨਕਸ਼ਾਹੀ ਕੈਲੰਡਰ ਵਿਵਾਦ ਦੇ ਚਲਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਪਾਕਿਸਤਾਨ ਵਿੱਚ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਮਨਾਇਆ ਗਿਆ ਹੈ। 2010 ਤੋਂ ਚੱਲ ਰਹੇ ਕੈਲੰਡਰ ਵਿਵਾਦ ਕਾਰਨ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਵਿਸ਼ਵ ਵਿੱਚ ਦੋ ਵੱਖ-ਵੱਖ ਤਰੀਕਾਂ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਹੈ, ਜਿਸ ਵਿੱਚ ਹਰ ਸਾਲ ਗੁਰੂ ਸਾਹਿਬ ਦੇ ਜਨਮ ਦਿਵਸ ਦੀ ਮਿਤੀ ਅੱਗੇ ਪਿੱਛੇ ਬਦਲ ਜਾਂਦੀ ਹੈ ਅਤੇ ਕਿਸੇ ਸਾਲ ਇਹ ਗੁਰਪੁਰਬ ਦੋ ਵਾਰ ਤੇ ਕਿਸੇ ਸਾਲ ਇੱਕ ਵਾਰ ਵੀ ਨਹੀਂ ਆਉਂਦਾ।

ਸੱਚਖੰਡ ਹਰਿਮੰਦਰ ਸਾਹਿਬ ਵਿੱਚ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋਣ ਦੀ ਅਪੀਲ ਕੀਤੀ। ਸੰਘਣੀ ਧੁੰਦ ਅਤੇ ਸੀਤ ਲਹਿਰ ਦੇ ਬਾਵਜੂਦ ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਦਰਸ਼ਨ ਇਸ਼ਨਾਨ ਕਰਨ ਦੇ ਨਾਲ-ਨਾਲ ਗੁਰਬਾਣੀ ਕੀਰਤਨ ਸਰਵਣ ਕੀਤਾ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਗੁਰੂ ਉਪਦੇਸ਼ਾਂ ਅਨੁਸਾਰ ਅੰਮ੍ਰਿਤਧਾਰੀ ਹੋਣ ਦੀ ਪ੍ਰੇਰਨਾ ਕੀਤੀ। ਸ਼ਾਮ ਵੇਲੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸਮੂਹ ਗੁਰਦੁਆਰਿਆਂ ਦੀਆਂ ਇਮਾਰਤਾਂ ’ਤੇ ਦੀਪਮਾਲਾ ਕੀਤੀ ਗਈ।

ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਹਾੜੇ ਮੌਕੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਸਾਰਿਆਂ ਨੂੰ ਧਰਮ, ਸ਼ਾਂਤੀ ਤੇ ਸਦਭਾਵਨਾ ਦੇ ਮਾਰਗ ’ਤੇ ਲੈ ਕੇ ਜਾਣਗੀਆਂ। ਰਾਸ਼ਟਰਪਤੀ ਨੇ ਕਿਹਾ ਕਿ, ‘‘ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਸਾਰਿਆਂ ਨੂੰ ਵਧਾਈ। ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੀ ਬਿਨਾ ਕਿਸੇ ਸਵਾਰਥ ਤੋਂ ਸੇਵਾ ਸਾਨੂੰ ਪ੍ਰੇਰਿਤ ਕਰਦੀ ਰਹਿੰਦੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਹਮੇਸ਼ਾ ਸਮਾਨਤਾ ਤੇ ਨਿਆਂ ’ਤੇ ਜ਼ੋਰ ਦਿੱਤਾ। ਉਨ੍ਹਾਂ ਕਾਮਨਾ ਕੀਤੀ, ‘‘ਉਨ੍ਹਾਂ ਦੀਆਂ ਸਿੱਖਿਆਵਾਂ ਸਾਨੂੰ ਧਰਮ, ਸ਼ਾਂਤੀ ਤੇ ਸਦਭਾਵਨਾ ਦੇ ਮਾਰਗ ’ਤੇ ਲੈ ਜਾਣ।’’

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਮੋਦੀ ਨੇ ਕਿਹਾ ਕਿ, ‘‘ਮੈਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਦਿਹਾੜੇ ’ਤੇ ਸ਼ਰਧਾ ਭੇਟ ਕਰਦਾ ਹਾਂ। ਉਨ੍ਹਾਂ ਦੇ ਵਿਚਾਰ ਸਾਨੂੰ ਇਕ ਅਜਿਹੇ ਸਮਾਜ ਦੇ ਨਿਰਮਾਣ ਲਈ ਪ੍ਰੇਰਿਤ ਕਰਦੇ ਹਨ ਜੋ ਪ੍ਰਗਤੀਸ਼ੀਲ, ਖੁਸ਼ਹਾਲ ਤੇ ਦਯਾਲੂ ਹੋਵੇ।’’

ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਿੱਖਾਂ ਦੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਨਵੀਂ ਦਿੱਲੀ ਦੇ  ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਸਭਿਆਚਾਰ, ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਆਪਣਾ ਸਾਰਾ ਪਰਿਵਾਰ ਵਾਰ ਦਿੱਤਾ ਅਤੇ ਆਪਣੇ ਸਿਧਾਂਤਾਂ ’ਤੇ ਪਹਿਰਾ ਦਿੰਦਿਆਂ ਕੱਟੜ ਹਮਲਾਵਰਾਂ ਦਾ ਡਟ ਕੇ ਸਾਹਮਣਾ ਕੀਤਾ। ਉਨ੍ਹਾਂ ਕਿਹਾ ਕਿ, ‘‘ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਮੈਂ ਉਨ੍ਹਾਂ ਨੂੰ ਯਾਦ ਕਰਦਾ ਹਾਂ ਅਤੇ ਸ਼ਰਧਾਂਜਲੀ ਭੇਟ ਕਰਦਾ ਹਾਂ। ਸੱਭਿਆਚਾਰ, ਧਰਮ ਅਤੇ ਮਨੁੱਖਤਾ ਦੀ ਰਾਖੀ ਖ਼ਾਤਰ ਸਭ ਕੁਝ ਕੁਰਬਾਨ ਕਰਨ ਵਾਲੇ ਗੁਰੂ ਗੋਬਿੰਦ ਸਿੰਘ ਜੀ ਕੱਟੜ ਹਮਲਾਵਰਾਂ ਅੱਗੇ ਆਪਣੇ ਸਿਧਾਂਤਾਂ ’ਤੇ ਡਟੇ ਰਹੇ। ਕੁਰਬਾਨੀ, ਬਹਾਦਰੀ ਅਤੇ ਸਮਰਪਣ ਦਾ ਪ੍ਰਤੀਕ ਉਨ੍ਹਾਂ ਦਾ ਜੀਵਨ ਅਨੰਤ ਕਾਲ ਤੱਕ ਸਾਰਿਆਂ ਦਾ ਮਾਰਗ ਦਰਸ਼ਨ ਕਰਦਾ ਰਹੇਗਾ।’’ ਗ੍ਰਹਿ ਮੰਤਰੀ ਨੇ ਇਹ ਵੀ ਕਿਹਾ ਕਿ ਬੇਇਨਸਾਫ਼ੀ ਅਤੇ ਜ਼ੁਲਮ ਖ਼ਿਲਾਫ਼ ਡਟ ਕੇ ਲੜਨ ਵਾਲੇ ਗੁਰੂ ਗੋਬਿੰਦ ਸਿੰਘ ਦਾ ਜੀਵਨ ਕੁਰਬਾਨੀ, ਬਹਾਦਰੀ ਅਤੇ ਸੇਵਾ ਦੀ ਅਦੁੱਤੀ ਮਿਸਾਲ ਹੈ।

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਗੁਰੂ ਗੋਬਿੰਦ ਸਿੰਘ ਦੀ ਜੈਅੰਤੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹ ਕਿ, ‘‘ਮਹਾਨ ਸੰਤ, ਸਿੱਖਾਂ ਦੇ ਦਸਮ ਗੁਰੂ ਤੇ ਖਾਲਸਾ ਪੰਥ ਦੇ ਸੰਸਥਾਪਕ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਵਿੱਤਰ ਪ੍ਰਕਾਸ਼ ਦਿਹਾੜੇ  ’ਤੇ ਕੋਟੀ-ਕੋਟੀ ਨਮਨ।’’ ਉਨ੍ਹਾਂ ਕਿਹਾ, ‘‘ਧਰਮ ਤੇ ਮਨੁੱਖਤਾ ਦੀ ਰੱਖਿਆ ਲਈ ਸਮਰਪਿਤ ਉਨ੍ਹਾਂ ਦਾ ਜੀਵਨ ਸਾਨੂੰ ਸਾਰਿਆਂ ਨੂੰ ਸੱਚ, ਸੇਵਾ ਤੇ ਤਿਆਗ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਪ੍ਰਦਾਨ ਕਰਦਾ ਹੈ।’’ ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਨਾਥ ਨੇ ਇਸ ਪਵਿੱਤਰ ਦਿਨ ’ਤੇ ਲਖਨਊ ਦੇ ਡੀਏਵੀ ਕਾਲਜ ਵਿੱਚ ਇੱਕ ਸਮਾਗਮ ’ਚ ਹਿੱਸਾ ਲਿਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਕੁਰਬਾਨੀਆਂ ਅਦੁੱਤੀ ਮਿਸਾਲ ਹਨ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਆਪਣੇ ਪਰਿਵਾਰ ਸਣੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਮੱਥਾ ਟੇਕਣ ਉਪਰੰਤ ਕੀਰਤਨ ਸਰਵਣ ਕੀਤਾ। ਰਾਜਪਾਲ ਨੇ ਸਮੁੱਚੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਪੁਰਬ ਦੀਆਂ ਮੁਬਾਰਕਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅੱਜ ਇਤਿਹਾਸਕ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਦਾ ਉਨ੍ਹਾਂ ਨੂੰ ਸੁਭਾਗ ਪ੍ਰਾਪਤ ਹੋਇਆ ਹੈ। ਰਾਜਪਾਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪਣਾ ਸਮੁੱਚਾ ਪਰਿਵਾਰ ਦੇਸ਼ ਅਤੇ ਧਰਮ ਦੀ ਰਾਖੀ ਲਈ ਕੁਰਬਾਨ ਕੀਤਾ। ਇਸ ਤੋਂ ਸਾਰਿਆਂ ਨੂੰ ਆਪਣੇ ਜੀਵਨ ਵਿਚ ਅਮਲ ਕਰਨ ਦੀ ਪ੍ਰੇਰਨਾ ਮਿਲਦੀ ਹੈ।

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ‘ਤੇ ਨਤਮਸਤਕ ਹੋਣ ਦੇ ਲਈ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਪੁੱਜੇ ਅਤੇ ਉਹਨਾਂ ਆਪਣੇ ਪ੍ਰੀਵਾਰ ਸਮੇਤ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਸਮੂਹ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਨੇ ਸਾਨੂੰ ਜਬਰ-ਜ਼ੁਲਮ ਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਸੀ। ਇਸ ਪਵਿੱਤਰ ਦਿਹਾੜੇ ’ਤੇ ਸਾਨੂੰ ਸਾਰਿਆਂ ਨੂੰ ਲੋਕਾਂ ਦੀ ਸੇਵਾ ਲਈ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਣ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦਾ ਸ਼ਾਂਤੀ, ਮਾਨਵਤਾ, ਪਿਆਰ ਅਤੇ ਆਪਸੀ ਭਾਈਚਾਰੇ ਦਾ ਸੰਦੇਸ਼ ਅਜੋਕੇ ਸਮੇਂ ਵਿੱਚ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ। ਪੰਜਾਬ ਸਰਕਾਰ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਸਮੇਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Related posts

ਅੱਜ 70 ਸੀਟਾਂ ‘ਤੇ ਵੋਟਿੰਗ: ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ ?

admin

ਭਾਰਤ ਦੀ ਪਹਿਲੀ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਯੂਨੀਵਰਸਿਟੀ !

admin

ਡਿਜੀਟਲ ਯੁੱਗ ਵਿੱਚ ਚੰਗੇ ਮਾੜੇ ਪ੍ਰਭਾਵਾਂ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ !

admin