Punjab

ਝੋਨੇ ਦੀ ਖਰੀਦ ਤੇ ਚੁਕਾਈ ਦੇ ਮਸਲੇ ਨੂੰ ਲੈ ਕੇ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਲਾਏ ਗਏ ਰੇਲ ਜਾਮ

ਚੰਡੀਗੜ੍ਹ – ਪੰਜਾਬ ਦੀਆਂ ਮੰਡੀਆਂ ਵਿੱਚ ਰੁਲ਼ ਰਹੇ ਝੋਨੇ ਦੀ ਪੂਰੀ ਐੱਮ ਐੱਸ ਪੀ ‘ਤੇ ਖਰੀਦ ਅਤੇ ਨਾਲੋ ਨਾਲ ਚੁਕਾਈ ਦੇ ਦਿਨੋਂ ਦਿਨ ਵਿਗੜ ਰਹੇ ਮਸਲੇ ਦੇ ਹੱਲ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ 12 ਤੋਂ 3 ਵਜੇ ਤੱਕ ਰੇਲਾਂ ਰੋਕੀਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬਟਾਲਾ (ਗੁਰਦਾਸਪੁਰ), ਸ਼ਾਹਕੋਟ (ਜਲੰਧਰ), ਬਠਿੰਡਾ ਜੰਕਸ਼ਨ, ਅਜੀਤਵਾਲ (ਮੋਗਾ), ਵੱਲਾ ਫਾਟਕ (ਅੰਮ੍ਰਿਤਸਰ), ਪੱਟੀ (ਤਰਨਤਾਰਨ), ਮਲੋਟ (ਮੁਕਤਸਰ), ਜਲਾਲਾਬਾਦ (ਫਾਜ਼ਿਲਕਾ), ਕੋਟਕਪੂਰਾ (ਫਰੀਦਕੋਟ), ਮਾਨਸਾ, ਧਬਲਾਨ (ਪਟਿਆਲਾ) ਸੁਨਾਮ (ਸੰਗਰੂਰ), ਮਲੇਰਕੋਟਲਾ, ਕਿਲਾ ਰਾਏਪੁਰ (ਲੁਧਿਆਣਾ) ਲਾਲੜੂ (ਮੋਹਾਲੀ), ਤਲਵੰਡੀ ਭਾਈ (ਫਿਰੋਜ਼ਪੁਰ) ਅਤੇ ਮੰਡਿਆਲਾ (ਹੁਸ਼ਿਆਰਪੁਰ) ਰੇਲਵੇ ਸਟੇਸ਼ਨਾਂ ਉੱਤੇ ਲਾਏ ਗਏ ਰੇਲ ਜਾਮ ਧਰਨਿਆਂ ਵਿੱਚ ਸੈਂਕੜੇ ਔਰਤਾਂ ਅਤੇ ਨੌਜਵਾਨਾਂ ਸਮੇਤ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਹੋਏ।
ਅੱਜ ਵੱਖ ਵੱਖ ਥਾਵਾਂ ‘ਤੇ ਸੰਬੋਧਨ ਕਰਦਿਆਂ ਮੁੱਖ ਬੁਲਾਰਿਆਂ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਜ਼ਿਲ੍ਹਾ ਬਲਾਕ ਪੱਧਰੇ ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸੰਸਾਰ ਬੈਂਕ ਦੀ ਖੁੱਲ੍ਹੀ ਮੰਡੀ ਦੀ ਨੀਤੀ ਵੱਲ ਅੱਗੇ ਵਧਣ ਲਈ ਹੀ ਦੋਨਾਂ ਸਰਕਾਰਾਂ ਵੱਲੋਂ ਕਦਮਤਾਲ ਮਿਲਾ ਕੇ ਕਿਸਾਨਾਂ ਦੀ ਲਹੂ ਪਸੀਨੇ ਦੀ ਕਮਾਈ ਪੈਰਾਂ ਹੇਠ ਰੋਲ਼ੀ ਜਾ ਰਹੀ ਹੈ। ਪੰਜਾਬ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਝੋਨੇ ਦੀ ਸਮੇਂ ਸਿਰ ਖਰੀਦ ਅਤੇ ਚੁਕਾਈ ਦੀ ਗੰਭੀਰ ਬਣ ਚੁੱਕੀ ਸਮੱਸਿਆ ਦੇ ਹੱਲ ਲਈ ਵਾਰ ਵਾਰ ਕੀਤੀ ਜਾ ਰਹੀ ਮੰਗ ਨੂੰ ਦੋਨਾਂ ਸਰਕਾਰਾਂ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਦੇਸ਼ ਦੇ ਅੰਨਦਾਤੇ ਨੂੰ ਮੰਡੀਆਂ ਵਿੱਚ ਖੱਜਲਖੁਆਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਅਗਲੀ ਫ਼ਸਲ ਦੀ ਬਿਜਾਈ ਵਿੱਚ ਪਛੇਤ ਪਾਈ ਜਾ ਰਹੀ ਹੈ। ਬੁਲਾਰਿਆਂ ਨੇ ਇੱਕਸੁਰ ਹੋ ਕੇ ਮੰਗ ਕੀਤੀ ਕਿ ਝੋਨੇ ਦੀ ਖਰੀਦ ਅਤੇ ਚੁਕਾਈ ਦੇ ਪੁਖਤਾ ਪ੍ਰਬੰਧ ਤੁਰੰਤ ਕੀਤੇ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਹ ਮੰਗ ਤੁਰੰਤ ਪੂਰੀ ਨਾ ਕਰਨ ਦੀ ਸੂਰਤ ਵਿੱਚ ਸਰਕਾਰਾਂ ਨੂੰ ਹੋਰ ਤਿੱਖੇ ਕਿਸਾਨ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਵੱਲੋਂ ਫੌਰੀ ਸੱਦੇ ਨੂੰ ਭਰਵਾਂ ਹੁੰਗਾਰਾ ਭਰਨ ਲਈ ਰੇਲ ਜਾਮ ਧਰਨਿਆਂ ਵਿੱਚ ਭਾਰੀ ਗਿਣਤੀ ਵਿੱਚ ਸ਼ਾਮਲ ਹੋਣ ਵਾਲੇ ਕਿਸਾਨ ਮਜ਼ਦੂਰ ਭੈਣਾਂ ਭਰਾਵਾਂ ਦਾ ਧੰਨਵਾਦ ਕੀਤਾ ਅਤੇ ਇਸ ਸੰਘਰਸ਼ ਦੇ ਅਗਲੇ ਸੱਏ ਨੂੰ ਹੋਰ ਵੀ ਜੋਰ ਨਾਲ ਲਾਗੂ ਕਰਨ ਲਈ ਤਿਆਰ ਬਰ ਤਿਆਰ ਰਹਿਣ ਦੀ ਅਪੀਲ ਕੀਤੀ ਗਈ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin