ਨਵੀਂ ਦਿੱਲੀ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਆਤਿਸ਼ੀ ਖਿਲਾਫ਼ ਦਾਖ਼ਲ ਅਪਰਾਧਕ ਮਾਣਹਾਨੀ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਕੇਜਰੀਵਾਲ ਅਤੇ ਆਤਿਸ਼ੀ ਨੂੰ ਫਿਲਹਾਲ ਰਾਹਤ ਦਿੰਦੇ ਹੋਏ ਮਾਮਲੇ ਦੀ ਕਾਰਵਾਈ ’ਤੇ ਅੰਤਰਿਮ ਰੋਕ ਲਾ ਦਿੱਤੀ ਹੈ।
ਜਸਟਿਸ ਰਿਸ਼ੀਕੇਸ਼ ਰਾਏ ਦੀ ਬੈਂਚ ਨੇ ਕੇਜਰੀਵਾਲ ਅਤੇ ਆਤਿਸ਼ੀ ਨੂੰ ਰਾਹਤ ਦਿੰਦੇ ਹੋਏ ਸ਼ਿਕਾਇਤਕਰਤਾ ਭਾਜਪਾ ਨੇਤਾ ਰਾਜੀਵ ਬੱਬਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਇਸ ਨੋਟਿਸ ਦਾ ਜਵਾਬ ਦੇਣ ਲਈ 3 ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਵਿਚ ਹੁਣ ਇਸ ਮਾਮਲੇ ਦੀ ਸੁਣਵਾਈ 4 ਹਫ਼ਤੇ ਬਾਅਦ ਹੋਵੇਗੀ। ਆਤਿਸ਼ੀ ਅਤੇ ਕੇਜਰੀਵਾਲ ਵਲੋਂ ਅਦਾਲਤ ’ਚ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਦਲੀਲ ਦਿੱਤੀ ਕਿ ਮਾਣਹਾਨੀ ਮਾਮਲਾ ਭਾਜਪਾ ਦੀ ਦਿੱਲੀ ਇਕਾਈ ਦੇ ਅਧਿਕਾਰਤ ਪ੍ਰਤੀਨਿਧੀ ਵਜੋਂ ਬੱਬਰ ਵੱਲੋਂ ਦਾਇਰ ਕੀਤਾ ਗਿਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਨਾ ਤਾਂ ਭਾਜਪਾ, ਨਾ ਹੀ ਇਸ ਦੀ ਦਿੱਲੀ ਇਕਾਈ ਨੇ ਕੋਈ ਸ਼ਿਕਾਇਤ ਦਾਇਰ ਕੀਤੀ।