ਨਵੀਂ ਦਿੱਲੀ – ਰਾਜਸਥਾਨ ਅਤੇ ਮਿਜ਼ੋਰਮ ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਨੂੰ ਮਿਲੀ ਹਾਰ ਦੇ ਕਾਰਨਾਂ ਲਈ ਪਾਰਟੀ ਆਗੂਆਂ ਨੇ ਅੱਜ ਵੱਖੋ ਵੱਖਰੀਆਂ ਮੀਟਿੰਗਾਂ ਕੀਤੀਆਂ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਾਂਗਰਸ ਦਫ਼ਤਰ ’ਚ ਸਮੀਖਿਆ ਮੀਟਿੰਗ ਸੱਦੀ ਜਿਸ ’ਚ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅਤੇ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਸਨ। ਮਿਜ਼ੋਰਮ ਲਈ ਸਭ ਤੋਂ ਪਹਿਲਾਂ ਮੀਟਿੰਗ ਹੋਈ। ਮਿਜ਼ੋਰਮ ਮਾਮਲਿਆਂ ਦੇ ਇੰਚਾਰਜ ਭਗਤ ਚਰਨ ਦਾਸ ਨੇ ਦੱਸਿਆ ਕਿ ਮੀਟਿੰਗ ਦੌਰਾਨ ਸੂਬੇ ’ਚ ਜਥੇਬੰਦਕ ਢਾਂਚੇ ਸਮੇਤ ਹੋਰ ਮੁੱਦਿਆਂ ਬਾਰੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਵਾਪਰੇ ਵੱਖ ਵੱਖ ਘਟਨਾਕ੍ਰਮ ਦੀ ਵੀ ਨਜ਼ਰਸਾਨੀ ਕੀਤੀ ਗਈ। ਇਸ ਤੋਂ ਇਲਾਵਾ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਚਾਰ ਵਟਾਂਦਰਾ ਹੋਇਆ। ਇਸ ਮਗਰੋਂ ਰਾਜਸਥਾਨ ਦੇ ਆਗੂਆਂ ਦੀ ਮੀਟਿੰਗ ਹੋਈ ਜਿਸ ’ਚ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਅਤੇ ਹੋਰ ਸੀਨੀਅਰ ਆਗੂਆਂ ਨੇ ਹਿੱਸਾ ਲਿਆ ਅਤੇ ਹਾਰ ਦੇ ਕਾਰਨਾਂ ’ਤੇ ਵਿਚਾਰਾਂ ਕੀਤੀਆਂ।