ਅੰਮ੍ਰਿਤਸਰ – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਪੰਜ ਸਿੰਘ ਸਾਹਿਬਾਨ ਨੇ ਫੈਂਸਲਾ ਸੁਣਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਬਾਗੀ ਹੋਏ ਅਕਾਲੀ ਆਗੂਆਂ ਵੱਲੋਂ ਲਗਾਏ ਗਏ ਲਿਖਤੀ ਦੋਸ਼ਾਂ ਸਬੰਧੀ 15 ਦਿਨਾਂ ਦੇ ਅੰਦਰ ਸਪਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਦੀ ਸ੍ਰੀ ਅਕਾਲ ਤਖਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ ਪੰਦਰਾਂ ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਇਨ੍ਹਾਂ ਅਕਾਲੀ ਆਗੂਆਂ ਵੱਲੋਂ ਲਗਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ। ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਚੋਂ ਭਾਈ ਮੰਗਲ ਸਿੰਘ ਸ਼ਾਮਲ ਸਨ। ਦਸਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਅਕਾਲੀ ਆਗੂਆਂ ਨੇ ਪੱਤਰ ਵਿਚ 2007 ਤੋਂ ਲੈ ਕੇ 2017 ਤੱਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹੋਈਆਂ ਭੁੱਲਾਂ, ਸੱਚਾ ਸੌਦਾ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ‘ਤੇ ਕਾਰਵਾਈ ਦੀ ਥਾਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੱਲੋਂ ਕੇਸ ਵਾਪਸ ਲੈਣਾ। ਡੇਰੇ ਦਾਰ ਨੂੰ ਸਿੱਖ ਪੰਥ ਵਿਚੋਂ ਛੇਕਣ ਤੋਂ ਬਾਅਦ ਮੁਆਫ ਕਰਵਾ ਦੇਣਾ, 1 ਜੂਨ 2015 ਨੂੰ ਬੁਰਜ ਜਵਾਹਰ ਸਿੰਘ ਵਾਲਾ ਫਰੀਦਕੋਟ ਦੇ ਗੁਰਦੁਆਰਾ ਸਾਹਿਬ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੁਝ ਅਨਸਰਾਂ ਵਲੋਂ ਚੋਰੀ ਕਰਕੇ ਇਸ ਦੇ 110 ਅੰਗਾਂ ਦੀ 12 ਅਕਤੂਬਰ 2015 ਨੂੰ ਬਰਗਾੜੀ ਵਿਖੇੇ ਬੇਦਅਬੀ ਦਾ ਮਾਮਲਾ, ਕੋਟਕਪੂਰਾ ਅਤੇ ਬਹਿਬਲਕਲਾਂ ਗੋਲੀ ਕਾਂਡ, ਸੁਮੇਧ ਸੈਣੀ ਨੂੰ ਪੰਜਾਬ ਦਾ ਪੁਲਿਸ ਮੁਖੀ ਲਗਾਉਂਣਾ, ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਅਤੇ ਚੀਫ ਪਾਰਲੀਮੈਨੀ ਸਕੱਤਰ ਬਣਾਉਂਣਾ ਅਤੇ ਕਈ ਹੋਰ ਘਟਨਾਕ੍ਰਮ ਸ਼ਾਮਲ ਕੀਤੇ ਸਨ। ਇਸ ਦੇ ਨਾਲ ਹੀ ਡੇਰਾ ਸਿਰਸਾ ਮੁੱਖੀ ਦੀ ਮੁਆਫੀ ਦੇ ਪੰਜ ਸਿੰਘ ਸਾਹਿਬਾਨ ਵੱਲੋਂ ਲਗਏ ਗਏ ਫੈਂਸਲੇ ਨੂੰ ਸਹੀ ਠਹਿਰਾਣ ਲਈ 90 ਲੱਖ ਦੇ ਸ਼੍ਰੋਮਣੀ ਕਮੇਟੀ ਵੱਲੋਂ ਇਸ਼ਤਿਹਾਰ ਦੇਣਾ ਸ਼ਾਮਲ ਕੀਤਾ ਗਿਆ ਸੀ। ਜਿਸ ‘ਤੇ ਪੰਜ ਸਿੰਘ ਸਾਹਿਬਾਨ ਨੇ ਇਸ ਕੇਸ ਨਾਲ ਸਬੰਧਤ ਸੁਖਬੀਰ ਸਿੰਘ ਬਾਦਲ ਤੇ ਸ਼੍ਰੋਮਣੀ ਕਮੇਟੀ ਨੂੰ ਆਪਣਾ ਪੱਖ ਰੱਖਣ ਲਈ ਕਿਹਾ ਹੈ।