Punjab

ਅਕਾਲੀ ਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਭਲਕੇ ਹੋਣ ਵਾਲੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਐਲਾਨਿਆ

ਅਮ੍ਰਿਤਸਰ – ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਹੋਣ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣਾ ਉਮੀਦਵਾਰ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕਰ ਕੇ ਉਹਨਾਂ ਦੀ ਰਾਇ ਲੈਣ ਮਗਰੋਂ ਕੀਤਾ ਗਿਆ। ਮੈਂਬਰਾਂ ਦੀ ਇਹ ਸਰਬਸੰਮਤੀ ਨਾਲ ਰਾਇ ਸੀ ਕਿ ਐਡਵੋਕੇਟ ਧਾਮੀ ਨੇ ਪਿਛਲੇ ਦੋ ਸਾਲਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਚੰਗੀਆਂ ਸੇਵਾਵਾਂ ਦਿੱਤੀਆਂ ਹਨ ਤੇ ਪਾਰਟੀ ਨੂੰ ਤੀਜੀ ਵਾਰ ਉਹਨਾਂ ਨੂੰ ਉਮੀਦਵਾਰ ਬਣਾਉਣਾ ਚਾਹੀਦਾ ਹੈ।
ਇਸ ਬਾਰੇ ਜਾਣਕਾਰੀ ਦਿੰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਸ ਬਾਰੇ ਸਰਬਸੰਮਤੀ ਨਾਲ ਹੀ ਰਾਇ ਸੀ ਕਿ ਐਡਵੋਕੇਟ ਧਾਮੀ ਪੰਥਕ ਕਦਰਾਂ ਕੀਮਤਾਂ ਵਾਸਤੇ ਡਟੇ ਹਨ ਤੇ ਉਹਨਾਂ ਨੇ ਆਪਣੇ ਕਾਰਜਕਾਲ ਦੌਰਾਨ ਪੰਥਕ ਸੰਸਥਾਵਾਂ ਵਾਸਤੇ ਡੱਟ ਕੇ ਪਹਿਰਾ ਦਿੱਤਾ ਹੈ। ਉਹਨਾਂ ਕਿਹਾ ਕਿ ਅਸੀਂ ਉਹਨਾਂ ਦੇ ਕੰਮ ਦੀ ਸ਼ਲਾਘਾ ਕਰਦੇ ਹਾਂ ਤੇ ਸਾਨੂੰ ਵਿਸ਼ਵਾਸ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣਗੇ।
ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਸਭ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਉਮੀਦਵਾਰ ਲਈ ਵੋਟਾਂ ਪਾਉਣ। ਉਹਨਾਂ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਚੋਣਾਂ ਦੀ ਕੀ ਅਹਿਮੀਅਤ ਹੈ ਤੇ ਕਿਹਾ ਕਿ ਇਹ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਹੈ। ਉਹਨਾਂ ਨੇ ਇਹ ਗੱਲ ਦਿਨ ਰਾਤ ਸਿੱਖ ਵਿਰੋਧੀ ਤਾਕਤਾਂ ਵਾਸਤੇ ਦਿਨ ਰਾਤ ਕੰਮ ਕਰ ਰਹੇ ਲੋਕਾਂ ਨੂੰ ਚੇਤੇ ਕਰਵਾਈ ਕਿ ਪੰਥ ਤੇ ਇਸਦੀ ਫੌਜ ਸ਼੍ਰੋਮਣੀ ਅਕਾਲੀ ਦਲ ਹੀ ਹੈ। ਉਹਨਾਂ ਨੇ ਪਿਛਲੇ ਸਾਲ ਵੀ ਵਿਰੋਧੀ ਧਿਰਾਂ ਦੀ ਸਾਜ਼ਿਸ਼ ਬੇਨਕਾਬ ਕਰਨ ਲਈ ਪਾਰਟੀ ਮੈਂਬਰਾਂ ਨੂੰ ਵਧਾਈ ਦਿੱਤੀ।
ਇਹਨਾਂ ਮੈਂਬਰਾਂ ਨੇ ਮੀਟਿੰਗ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਭਲਕੇ ਐਡਵੋਕੇਟ ਧਾਮੀ ਦੀ ਜਿੱਤ ਮਗਰੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੇ ਪੈਨਲ ਦੇ ਗਠਨ ਦੇ ਸਾਰੇ ਅਧਿਕਾਰ ਐਡਵੋਕੇਟ ਧਾਮੀ ਨੂੰ ਦੇਣ ਦਾ ਮਤਾ ਵੀ ਪਾਸ ਕੀਤਾ।ਇਸ ਮੌਕੇ ਸਰਦਾਰ ਬਾਦਲ ਨੇ ਸਭ ਨੂੰ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਆਮ ਚੋਣਾਂ ਵਾਸਤੇ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕਰਵਾਈ ਜਾਵੇ।ਬਲਬੀਰ ਸਿੰਘ ਘੁੰਨਸ ਦੀ ਚੁਣੌਤੀ ਬਾਰੇ ਪੁੱਛੇ ਜਾਣ ’ਤੇ ਸਰਦਾਰ ਬਾਦਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਕਾਲੀ ਦਲ ਹਮੇਸ਼ਾ ਚੁਣੌਤੀਆਂ ਨੂੰ ਅਜਾਈਂ ਹੀ ਲੈਂਦਾ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਸੰਤ ਘੁੰਨਸ ਸਿੱਖ ਵਿਰੋਧੀ ਤਾਕਤਾਂ ਦੇ ਹੱਥ ਵਿਚ ਖੇਡ ਰਹੇ ਹਨ।
ਮੀਟਿੰਗ ਦੌਰਾਨ ਐਡਵੋਕੇਟ ਧਾਮੀ ਨੇ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਧੰਨਵਾਦ ਕੀਤਾ ਜਿਹਨਾਂ ਨੇ ਤੀਜੀ ਵਾਰ ਉਹਨਾਂ ’ਤੇ ਭਰੋਸਾ ਪ੍ਰਗਟ ਕੀਤਾ। ਇਸ ਮੌਕੇ ਸੀਨੀਅਰ ਪਾਰਟੀ ਆਗੂ ਸਰਦਾਰ ਬਲਵਿੰਦਰ ਸਿੰਘ ਭੂੰਦੜ ਤੇ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

Related posts

ਜੀਨਸ ਅਤੇ ਟੀ-ਸ਼ਰਟਾਂ ਪਾਉਣ ‘ਤੇ ਪਾਬੰਦੀ : ਪੰਜਾਬ ਦੇ ਗੁਆਂਢੀ ਸੂਬੇ ਵਲੋਂ ਮੁਲਾਜ਼ਮ ਨੂੰ ਹੁਕਮ

admin

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin