ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਵੱਡਾ ਹੁਲਾਰਾ ਮਿਲਿਆ ਜਦੋਂ ਪਟਿਆਲਾ ਦੇ ਪ੍ਰਸਿੱਧ ਰਾਜਸੀ ਅਤੇ ਟਕਸਾਲੀ ਅਕਾਲੀ ‘ਕੋਹਲੀ ਪਰਿਵਾਰ’ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ‘ਆਪ’ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਜ਼ਿਕਰਯੋਗ ਹੈ ਕਿ ਪਟਿਆਲਾ ਦਾ ਕੋਹਲੀ ਪਰਿਵਾਰ ਲੰਮੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਰਿਹਾ ਹੈ ਅਤੇ ਇਸ ਪਰਿਵਾਰ ਨੇ ਪਟਿਆਲੇ ਦੇ ਕੌਸਲ ਪ੍ਰਧਾਨ ਤੋਂ ਲੈ ਕੇ ਪੰਜਾਬ ਮੰਤਰੀ ਤੱਕ ਅਹੁਦੇ ’ਤੇ ਸੇਵਾ ਨਿਭਾਈ ਹੈ। ਵੀਰਵਾਰ ਨੂੰ ਚੰਡੀਗੜ੍ਹ ਵਿਖੇ ਕੋਹਲੀ ਪਰਿਵਾਰ ਦੇ ਫ਼ਰਜ਼ੰਦ ਅਤੇ ਪਟਿਆਲਾ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ਨੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ‘ਆਪ’ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਅਜੀਤਪਾਲ ਸਿੰਘ ਕੋਹਲੀ ਦਾ ਰਸਮੀ ਤੌਰ ’ਤੇ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਉਨ੍ਹਾਂ ਉਮੀਦ ਪ੍ਰਗਟਾਈ ਕਿ ਅਜੀਤਪਾਲ ਸਿੰਘ ਕੋਹਲੀ ਦੇ ‘ਆਪ’ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਪਟਿਆਲਾ ਸ਼ਹਿਰ ਦੇ ਨਾਲ ਨਾਲ ਸਮੁਚੇ ਪੰਜਾਬ ਵਿੱਚ ਰਾਜਸੀ ਲਾਭ ਮਿਲੇਗਾ।ਇਸ ਮੌਕੇ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਰਜੀਤ ਸਿੰਘ ਕੋਹਲੀ ਅਤੇ ਦਾਦਾ ਸਰਦਾਰਾ ਸਿੰਘ ਕੋਹਲੀ ਨੇ ਸ਼੍ਰੋਮਣੀ ਅਕਾਲੀ ਦਲ ’ਚ ਰਹਿ ਪੰਥ ਅਤੇ ਪੰਜਾਬ ਦੀ ਸੇਵਾ ਕੀਤੀ ਹੈ। ਉਨ੍ਹਾਂ ਦੇ ਪਿਤਾ ਅਤੇ ਦਾਦਾ ਨੇ ਪਟਿਆਲਾ ਸ਼ਹਿਰ ਦੀ ਨਗਰ ਕੌਸਲ ਪ੍ਰਧਾਨ, ਪੰਜਾਬ ਦੇ ਵਿਧਾਇਕ ਅਤੇ ਮੰਤਰੀ ਵੀ ਰਹੇ ਹਨ। ਅਜੀਤਪਾਲ ਸਿੰਘ ਕੋਹਲੀ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹੁਣ ਪਹਿਲਾ ਜਿਹਾ ਨਹੀਂ ਰਿਹਾ। ਅਕਾਲੀ ਦਲ ਬਾਦਲ ਕੋਲ ਨੌਜਵਾਨਾਂ ਲਈ ਕੋਈ ਚੰਗੀ ਨੀਅਤ ਅਤੇ ਨੀਤੀ ਨਹੀਂ ਹੈ। ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਨੌਜਵਾਨਾਂ ਦੇ ਅਦਰਸ਼ ਬਣੇ ਹੋਏ ਹਨ, ਜਿਸ ਕਰਕੇ ਉਨ੍ਹਾਂ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।