Punjab

ਅਕਾਲੀ ਦਲ ‘ਲੈਂਡ ਪੂਲਿੰਗ’ ਖਿਲਾਫ 31 ਅਗਸਤ ਨੂੰ ਅਕਾਲ ਤਖ਼ਤ ’ਤੇ ਅਰਦਾਸ ਨਾਲ ਮੋਰਚਾ ਆਰੰਭ ਕਰੇਗਾ !

ਸ਼੍ਰੋਮਣੀ ਅਕਾਲੀ ਦਲ ‘ਲੈਂਡ ਪੂਲਿੰਗ ਸਕੀਮ’ ਵਿਰੁੱਧ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਨਾਲ ਮੋਰਚਾ ਆਰੰਭ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਸਕੀਮ’ ਖਿਲਾਫ਼ 1 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਮੋਰਚਾ ਸ਼ੁਰੂ ਕਰੇਗਾ ਅਤੇ ਇਸ ਸਬੰਧੀ 31 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਅਰਦਾਸ ਕਰਕੇ ਅਕਾਲੀ ਦਲ ਮੋਰਚੇ ਦੀ ਆਰੰਭਤਾ ਕਰੇਗਾ।

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ, ਵਰਕਿੰਗ ਕਮੇਟੀ, ਹਲਕਾ ਇੰਚਾਰਜਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਪਾਰਟੀ ਮੁੱਖ ਦਫਤਰ ਚੰਡੀਗੜ੍ਹ ਵਿੱਚ ਸਾਂਝੀ ਮੀਟਿੰਗ ਕਰਨ ਉਪਰੰਤ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਮੋਰਚਾ ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਵਪਾਰੀਆਂ ਤੇ ਪੰਜਾਬੀ ਸਮਾਜ ਦੇ ਹੋਰ ਵਰਗਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਹੋਵੇਗਾ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ 1 ਸਤੰਬਰ ਨੂੰ ਮੋਰਚੇ ਦੇ ਪਹਿਲੇ ਜੱਥੇ ਦੀ ਅਗਵਾਈ ਕਰਨਗੇ ਜੋ ਨੇੜਲੇ ਪੰਚਾਇਤ ਭਵਨ ਤੱਕ ਜਾਵੇਗਾ। ਪੰਜਾਬ ਦੇ ਹਰ ਹਲਕੇ ਤੋਂ ਪਾਰਟੀ ਵਰਕਰ ਇਸ ਨਿਰੰਤਰ ਚੱਲਣ ਵਾਲੇ ਧਰਨੇ ਵਿਚ ਸ਼ਾਮਲ ਹੋਣਗੇ ਅਤੇ ਰੋਜ਼ਾਨਾ 5-5 ਸੌ ਲੋਕਾਂ ਦੇ ਜੱਥੇ ਇਸ ਵਿਚ ਉਦੋਂ ਤੱਕ ਸ਼ਾਮਲ ਹੋਣਗੇ ਜਦੋਂ ਤੱਕ ਆਪ ਸਰਕਾਰ ਲੈਂਡ ਪੂਲਿੰਗ ਸਕੀਮ ਰੱਦ ਨਹੀਂ ਕਰਦੀ। ਇਸ ਉਦੇਸ਼ ਵਾਸਤੇ ਡਾ. ਦਲਜੀਤ ਸਿੰਘ ਚੀਮਾ, ਐਨ ਕੇ ਸ਼ਰਮਾ ਤੇ ਮੁਹਾਲੀ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਦੀ ਸ਼ਮੂਲੀਅਤ ਵਾਲੀ ਤਿੰਨ ਮੈਂਬਰੀ ਤਾਲਮੇਲ ਕਮੇਟੀ ਦਾ ਵੀ ਗਠਨ ਕੀਤਾ ਗਿਆ ਹੈ।

ਅਕਾਲੀ ਦਲ ਦੇ ਪ੍ਰਧਾਨ ਨੇ ਕਿਸੇ ਨਾ ਕਿਸੇ ਕਾਰਣ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਪਾਰਟੀ ਵਿਚ ਵਾਪਸ ਆ ਜਾਣ ਕਿਉਂਕਿ ਬੀਤੇ ਦਿਨ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਵੀ ਸਾਰੇ ਅਕਾਲੀ ਦਲ ਤੇ ਕੌਮ ਨੂੰ ਇਕਜੁੱਟਤਾ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਬਾਦਲ ਨੇ ਮਾਝਾ ਇਲਾਕੇ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਸਮਰਥਕਾਂ ਨਾਲ ਸਰਕਾਰ ਵੱਲੋਂ ਕੀਤੀ ਜਾ ਰਹੀ ਵਧੀਕੀ ਦੀ ਵੀ ਨਿਖੇਧੀ ਕੀਤੀ ਅਤੇ ਦੱਸਿਆ ਕਿ ਉਹਨਾਂ ਨੂੰ ਥਾਣਿਆਂ ਵਿਚ ਸੱਦ ਕੇ ਮਜੀਠੀਆ ਖਿਲਾਫ ਬਿਆਨ ਦੇਣ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਅਕਾਲੀ ਦਲ ਜਲਦੀ ਹੀ ਸੂਬੇ ਦੇ ਰਾਜਪਾਲ ਕੋਲ ਪਹੁੰਚ ਕਰੇਗਾ ਤੇ ਉਹਨਾਂ ਨੂੰ ਸਾਰੇ ਮਾਮਲੇ ਦੀ ਜਾਣਕਾਰੀ ਦੇਵੇਗਾ।

Related posts

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin

ਸ਼ਹੀਦੀ ਨਗਰ ਕੀਰਤਨ ਮੱਧ ਪ੍ਰਦੇਸ਼ ਤੋਂ ਅਗਲੇ ਪੜਾਅ ਰਾਜਿਸਥਾਨ ਲਈ ਰਵਾਨਾ

admin