ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ 2027 ਦੀਆਂ ਚੋਣਾਂ ਲਈ ਪਾਰਟੀ ਦਾ ਮੈਨੀਫੈਸਟੋ ਤਿਆਰ ਕਰਨ ਵਾਸਤੇ 9 ਮੈਂਬਰੀ ਕਮੇਟੀ ਦਾ ਐਲਾਨ ਕੀਤਾ।
ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ, ਜਦਕਿ ਡਾ. ਦਲਜੀਤ ਸਿੰਘ ਚੀਮਾ ਨੂੰ ਮੈਂਬਰ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਕਮੇਟੀ ਦੇ ਹੋਰ ਮੈਂਬਰਾਂ ਵਿੱਚ ਗੁਲਜ਼ਾਰ ਸਿੰਘ ਰਣੀਕੇ, ਹੀਰਾ ਸਿੰਘ ਗਾਬੜੀਆ, ਮਹੇਸ਼ ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸਿਕੰਦਰ ਸਿੰਘ ਮਲੂਕਾ, ਸੋਹਣ ਸਿੰਘ ਠੰਡਲ ਅਤੇ ਹਰਚਰਨ ਸਿੰਘ ਬੈਂਸ ਸ਼ਾਮਲ ਹਨ।
ਅਕਾਲੀ ਦਲ ਦੇ ਵੱਖ-ਵੱਖ ਵਿੰਗਾਂ ਦੇ ਪ੍ਰਧਾਨਾਂ ਨੂੰ ਵੀ ਕਮੇਟੀ ਨਾਲ ਜੋੜਿਆ ਗਿਆ ਹੈ। ਇਨ੍ਹਾਂ ਵਿੱਚ ਯੂਥ, ਮਹਿਲਾ, ਟਰੇਡ ਐਂਡ ਇੰਡਸਟਰੀ, ਲੀਗਲ, SOI, ਕਰਮਚਾਰੀ, ਸਾਬਕਾ ਸੈਨਿਕ ਅਤੇ ਘੱਟ ਗਿਣਤੀ ਵਿੰਗ ਸ਼ਾਮਲ ਹਨ। ਇਨ੍ਹਾਂ ਵਿੰਗਾਂ ਦੇ ਪ੍ਰਧਾਨਾਂ ਨੂੰ ਕਮੇਟੀ ਵਿੱਚ ਵਿਸ਼ੇਸ਼ ਸੱਦੇ ਮੈਂਬਰ (Special Invitees) ਵਜੋਂ ਸ਼ਾਮਲ ਕੀਤਾ ਗਿਆ ਹੈ।ਮੈਨੀਫੈਸਟੋ ਕਮੇਟੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦਾ ਦੌਰਾ ਕਰੇਗੀ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਕਰੇਗੀ। ਕਮੇਟੀ ਵੱਲੋਂ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਉਦਯੋਗਪਤੀਆਂ, ਨੌਜਵਾਨਾਂ, ਮਹਿਲਾਵਾਂ, ਸਰਕਾਰੀ ਕਰਮਚਾਰੀਆਂ ਅਤੇ ਸਮਾਜ ਦੇ ਹੋਰ ਵਰਗਾਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
ਇਸ ਦੌਰਾਨ ਲੋਕਾਂ ਦੀਆਂ ਮੁੱਖ ਸਮੱਸਿਆਵਾਂ, ਉਮੀਦਾਂ ਅਤੇ ਤਰਜੀਹਾਂ ਬਾਰੇ ਉਨ੍ਹਾਂ ਦੇ ਸੁਝਾਅ ਲਏ ਜਾਣਗੇ। ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੇ ਲੋਕਾਂ ਤੋਂ ਮਿਲਣ ਵਾਲੇ ਸੁਝਾਵਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਮੈਨੀਫੈਸਟੋ ਵਿੱਚ ਸ਼ਾਮਲ ਕੀਤਾ ਜਾਵੇਗਾ। ਪਾਰਟੀ ਮੁਤਾਬਕ ਇਸ ਤਰੀਕੇ ਨਾਲ ਤਿਆਰ ਕੀਤਾ ਜਾਣ ਵਾਲਾ ਮੈਨੀਫੈਸਟੋ ਪੰਜਾਬ ਦੇ ਲੋਕਾਂ ਦੀ ਆਵਾਜ਼, ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਭਵਿੱਖ ਲਈ ਉਨ੍ਹਾਂ ਦੀਆਂ ਉਮੀਦਾਂ ਨੂੰ ਦਰਸਾਏਗਾ। 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਅਕਾਲੀ ਦਲ ਵੱਲੋਂ ਕਮੇਟੀ ਦਾ ਐਲਾਨ ਪਾਰਟੀ ਦੀ ਚੋਣ ਤਿਆਰੀਆਂ ਨੂੰ ਅੱਗੇ ਵਧਾਉਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
