ਬਠਿੰਡਾ – ਅਕਾਲੀ ਦਲ ਤੋਂ ਕਿਨਾਰਾ ਕਰ ਚੁੱਕੇ ਵਿਰਸਾ ਸਿੰਘ ਵਲਟੋਹਾ ’ਤੇ ਗੰਭੀਰ ਇਲਜ਼ਾਮ ਲਾਉਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਚੁੱਕੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਵੀਰਵਾਰ ਨੂੰ ਸਿਆਸੀ ਅਤੇ ਧਾਰਮਿਕ ਆਗੂਆਂ ਦਾ ਤਾਂਤਾ ਲੱਗਾ ਰਿਹਾ। ਵੀਰਵਾਰ ਸਵੇਰੇ ਹੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਸਿੰਘ ਸਾਹਿਬ ਦੀ ਸਥਾਨਕ ਰਿਹਾਇਸ਼ ’ਤੇ ਪੁੱਜ ਕੇ ਉਨ੍ਹਾਂ ਨਾਲ ਮੁਲਾਕਾਤ ਕਰਦਿਆਂ ਸਮੁੱਚੇ ਵਾਪਰੇ ਘਟਨਾਕ੍ਰਮ ਦੀ ਨਿੰਦਾ ਕੀਤੀ। ਅੱਜ ਸਭ ਤੋਂ ਪਹਿਲਾਂ ਅਕਾਲੀ ਦਲ ਸੁਧਾਰ ਲਹਿਰ ਦਾ ਇਕ ਵਫਦ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਗਗਨਦੀਪ ਸਿੰਘ ਬਰਨਾਲਾ ਸਮੇਤ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਰਿਹਾਇਸ਼ ਪੁੱਜਾ ਅਤੇ ਕੁਝ ਸਮੇਂ ਬਾਅਦ ਹੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵੀ ਉੱਥੇ ਪੁੱਜੇ। ਉਕਤ ਮੁਲਾਕਾਤ ਤੋਂ ਪਹਿਲਾਂ ਹੀ ਗੱਲਬਾਤ ਦੌਰਾਨ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਕ ਗਹਿਰੀ ਸਾਜਿਸ਼ ਤਹਿਤ ਸਿੱਖ ਸੰਸਥਾਵਾਂ ਦੇ ਨਾਲ ਨਾਲ ਸਿੰਘ ਸਾਹਿਬਾਨ ਦੇ ਵੱਕਾਰ ਨੂੰ ਢਾਹ ਲਾਈ ਜਾ ਰਹੀ ਹੈ ਜੋ ਡੂੰਘੀ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਸ੍ਰੋਮਣੀ ਅਕਾਲੀ ਦਲ ਦਾ ਗਠਨ ਇਸ ਲਈ ਕੀਤਾ ਸੀ ਕਿ ਉਹ ਪੰਥਕ ਹਿਤਾਂ ਦੀ ਪਹਿਰੇਦਾਰੀ ਕਰੇ। ਇਤਿਹਾਸ ਗਵਾਹ ਹੈ ਕਿ ਜਦੋਂ ਕਦੇ ਵੀ ਸਿੱਖਾਂ ਅਤੇ ਸਿੱਖੀ ਨੂੰ ਖਤਰਾ ਮਹਿਸੂਸ ਹੋਇਆ ਜਾਂ ਪੰਥਕ ਸੰਸਥਾਵਾਂ ’ਤੇ ਖਤਰਾ ਬਣਿਆ ਤਾਂ ਅਕਾਲੀ ਦਲ ਨੇ ਹਿੱਕ ਡਾਹ ਕੇ ਲੜਾਈਆਂ ਲੜੀਆਂ ਪਰ ਹੁਣ ਮੰਦਭਾਗੀ ਗੱਲ ਇਹ ਹੈ ਕਿ ਵਾੜ ਹੀ ਖੇਤ ਨੂੰ ਖਾਣ ਲੱਗ ਪਈ ਹੈ। ਚੰਦੂਮਾਜਰਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਨੂੰ ਧਮਕੀਆਂ ਦਿੱਤੀਆਂ ਗਈਆਂ ਅਤੇ ਹੁਣ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਿਵੇਂ ਭਾਵੁਕਤਾ ਨਾਲ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਪ੍ਰਤੀ ਇਖਲਾਕ ਤੋਂ ਗਿਰੀਆਂ ਗੱਲਾਂ ਕਹੀਆਂ ਅਤੇ ਉਨ੍ਹਾਂ ਦੀ ਜਾਤੀ ਨੂੰ ਪਰਖਿਆ ਗਿਆ ਇਹ ਬਹੁਤ ਦੁੱਖਦਾਈ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚੇ ਪੰਥ ਦਰਦੀ ਸਿੱਖ ਨਾ ਕੇਵਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਹਨ ਸਗੋਂ ਸਮੁੱਚੇ ਸਿੰਘ ਸਾਹਿਬਾਨ ਦੇ ਨਾਲ ਖੜ੍ਹੇ ਹਨ। ਵਫਦ ਵਿਚ ਹੋਰਨਾਂ ਤੋਂ ਇਲਾਵਾ ਸੁਧਾਰ ਲਹਿਰ ਦੇ ਆਗੂ ਗੁਰ ਪ੍ਰਤਾਪ ਸਿੰਘ ਵਡਾਲਾ, ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਸਾਬਕਾ ਸੰਸਦ ਮੈਂਬਰ ਬੀਬੀ ਪਰਮਜੀਤ ਕੌਰ ਗੁਲਸ਼ਨ, ਜਸਟਿਸ ਨਿਰਮਲ ਸਿੰਘ ਅਤੇ ਸੁਖਵਿੰਦਰ ਸਿੰਘ ਔਲਖ ਦੋਵੇਂ ਸਾਬਕਾ ਵਿਧਾਇਕ, ਕਰਨੈਲ ਸਿੰਘ ਪੰਜੋਲੀ, ਮਿੱਠੂ ਸਿੰਘ ਕਾਹਨੇਕੇ ਦੋਵੇਂ ਮੈਂਬਰ ਸ੍ਰੋਮਣੀ ਕਮੇਟੀ, ਮਨਜੀਤ ਸਿੰਘ ਬੱਪੀਆਣਾ ਮੈਂਬਰ ਧਰਮ ਪ੍ਰਚਾਰ, ਟਕਸਾਲੀ ਆਗੂ ਭੋਲਾ ਸਿੰਘ ਗਿੱਲਪੱਤੀ ਆਦਿ ਸ਼ਾਮਲ ਸਨ।
