ਅੰਮ੍ਰਿਤਸਰ – ਅਕਾਲ ਤਖ਼ਤ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲਤਾਨ ਸਿੰਘ ਨੂੰ ਸੇਵਾਮੁਕਤ ਕਰਨ ਦੇ ਸ਼੍ਰੋਮਣੀ ਕਮੇਟੀ ਫ਼ੈਸਲੇ ਦਾ ਦਲ ਖਾਲਸਾ ਨੇ ਨੋਟਿਸ ਲੈਂਦਿਆਂ ਬਾਦਲ ਦਲ ਦੇ ਲੀਡਰਾਂ ਨੂੰ ਅਕਾਲ ਤਖ਼ਤ ਦੀ ਸਰਵਉੱਚਤਾ ਨੂੰ ਚੁਣੌਤੀ ਦੇਣ ਵਾਲੇ ਪੰਥ ਦੇ ਦੁਸ਼ਮਣ ਕਰਾਰ ਦਿੱਤਾ ਹੈ।
ਪਾਰਟੀ ਦਫ਼ਤਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਰਕਿੰਗ ਪ੍ਰਧਾਨ ਪਰਮਜੀਤ ਸਿੰਘ ਮੰਡ, ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ ਅਤੇ ਸਿਆਸੀ ਸਕੱਤਰ ਕੰਵਰਪਾਲ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਸੱਤ ਮਾਰਚ ਦੇ ਫ਼ੈਸਲੇ ਨੂੰ ਸਿੱਖ ਇਤਿਹਾਸ ਵਿੱਚ ਕਾਲਾ ਚੈਪਟਰ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਤਖ਼ਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਅਤੇ ਉਨ੍ਹਾਂ ਨੂੰ ਸੇਵਾਮੁਕਤ ਕਰਨ ਦਾ ਕੋਈ ਵਿਧੀ-ਵਿਧਾਨ ਅਤੇ ਪ੍ਰਬੰਧ ਹੋਂਦ ਵਿੱਚ ਨਹੀਂ ਆਉਂਦਾ ਉਦੋਂ ਤੱਕ ਸਿੱਖ ਪੰਥ ਨੂੰ ਸ਼ਰਮਸਾਰ ਕਰਨ ਵਾਲੀਆਂ ਅਜਿਹੀਆਂ ਅਣਸੁਖਾਵੀਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿਣਗੀਆਂ। ਮੰਡ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਜਥੇਦਾਰ ਨੂੰ ਬੇਇੱਜ਼ਤ ਕਰ ਕੇ ਹਟਾਇਆ ਗਿਆ ਹੈ। 1988 ਵਿੱਚ ਭਾਈ ਜਸਬੀਰ ਸਿੰਘ ਰੋਡੇ, 1998 ਵਿੱਚ ਭਾਈ ਰਣਜੀਤ ਸਿੰਘ ਅਤੇ 2008 ਵਿੱਚ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੂੰ ਅਤੇ ਪਿਛਲੇ ਮਹੀਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰਾਂ ਦੇ ਅਹੁਦੇ ਤੋਂ ਬਰਖ਼ਾਸਤ ਕੀਤਾ ਗਿਆ ਸੀ ਕਿਉਂਕਿ ਉਨ੍ਹਾਂ ਸਾਰਿਆਂ ਨੇ ਅਕਾਲੀ ਦਲ ਬਾਦਲ ਦੀ ਰਾਜਨੀਤਕ ਲੀਡਰਸ਼ਿਪ ਦੇ ਹੁਕਮਾਂ ’ਤੇ ਚੱਲਣ ਤੋਂ ਇਨਕਾਰ ਕਰ ਦਿੱਤਾ ਸੀ।”
ਇਸ ਦੌਰਾਨ ਦਲ ਖ਼ਾਲਸਾ ਵੱਲੋਂ ਹੋਲੇ ਮਹੱਲੇ ਮੌਕੇ ਦਿੱਲੀ ਫ਼ਤਹਿ ਦਿਵਸ ਨੂੰ ਸਮਰਪਿਤ 13 ਮਾਰਚ ਨੂੰ ਹੁਸ਼ਿਆਰਪੁਰ ਤੋਂ ਆਨੰਦਪੁਰ ਸਾਹਿਬ ਤੱਕ ‘ਕੇਸਗੜ੍ਹ ਦੀ ਲਲਕਾਰ’ ਮਾਰਚ ਕੱਢਣ ਦਾ ਫ਼ੈਸਲਾ ਕੀਤਾ ਗਿਆ ਹੈ।