ਚੰਡੀਗੜ੍ਹ – ਕਾਂਗਰਸ ਦੇ ਸੀਨੀਅਰ ਨੇਤਾ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਉਨ੍ਹਾਂ ਦੇ ਘਰ ਪਹੁੰਚ ਗਏ ਹਨ। ਇਸ ਦੌਰਾਨ ਅਮਿਤ ਸ਼ਾਹ ਨੇ ਕੈਪਟਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਉਹ ਕੱਲ ਵੱਡਾ ਕਦਮ ਉਠਾ ਸਕਦੇ ਹਨ। ਅਜਿਹੇ ’ਚ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨਾਲ ਪੰਜਾਬ ਦੀ ਸਿਆਸਤ ’ਚ ਭੂਚਾਲ ਆ ਗਿਆ ਹੈੈ ਤੇ ਚਰਚਾ ਗਰਮ ਹੋ ਗਈ ਹੈ ਕਿ ਉਹ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਕਿਸਾਨ ਅੰਦੋਲਨ ਮਾਮਲੇ ਦਾ ਹੱਲ ਕਰਵਾਉਣ ’ਚ ਅਹਿਮ ਭੂਮਿਕਾ ਨਿਭਾਅ ਸਕਦੇ ਹਨ। ਪੰਜਾਬ ਦੀ ਰਣਨੀਤੀ ਦੇ ਹਿਸਾਬ ਨਾਲ ਇਸ ਨੂੰ ਬੇਹੱਦ ਮਹੱਤਵਪੂਰਨ ਘਟਨਾ ਦੱਸਿਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਕੱਲ੍ਹ ਮੰਗਲਵਾਰ ਦਿੱਲੀ ਗਏ ਸੀ। ਉਦੋਂ ਤੋਂ ਹੀ ਸੰਭਾਵਨਾ ਪ੍ਰਗਟਾਈ ਜਾ ਰਹੀ ਸੀ ਕਿ ਉਹ ਅਮਿਤ ਸ਼ਾਹ ਸਮੇਤ ਹੋਰ ਸੀਨੀਅਰ ਨੇਤਾਵਾਂ ਨਾਲ ਮੁਲਾਕਾਤ ਕਰਨਗੇ। ਹਾਲਾਂਕਿ ਉਦੋਂ ਕੈਪਟਨ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਸ ਨੂੰ ਕਿਆਸਬਾਜ਼ੀ ਕਰਾਰ ਦਿੱਤਾ ਸੀ। ਰਵੀਨ ਠੁਕਰਾਲ ਨੇ ਕਿਹਾ ਸੀ ਕਿ ਉਹ ਦਿੱਲੀ ਸਥਿਤ ਕਪੂਰਥਲਾ ਹਾਊਸ ਨੂੰ ਖਾਲੀ ਕਰਨ ਲਈ ਦਿੱਲੀ ਗਏ ਹਨ। ਜਦੋਂ ਅੱਜ ਸ਼ਾਹ ਤੇ ਕੈਪਟਨ ਦੀ ਮੁਲਾਕਾਤ ਬਾਰੇ ਠੁਕਰਾਲ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਕਿਹਾ ਕਿ ਅਜੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗਾ।
previous post