ਓਡੀਸ਼ਾ – ਮਾਓਵਾਦੀ ਪ੍ਰਭਾਵਿਤ ਸੂਬਿਆਂ ਵਿੱਚ ਖੱਬੇਪੱਖੀ ਅਤਿਵਾਦ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਾਓਵਾਦੀ ਵਿਦਰੋਹ ਦਾ ਸਾਹਮਣਾ ਕਰ ਰਹੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਕਿ ਇੱਕ ਸਾਲ ਦੇ ਅੰਦਰ ਸਮੱਸਿਆ ਨੂੰ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮਾਓਵਾਦੀ ਵਿਦਰੋਹੀ ਸਮੂਹਾਂ ਨੂੰ ਫੰਡਾਂ ਦੇ ਪ੍ਰਵਾਹ ਨੂੰ ਰੋਕਣ ਲਈ ਸਾਂਝੀ ਰਣਨੀਤੀ ਹੋਣੀ ਚਾਹੀਦੀ ਹੈ। ਸ਼ਾਹ ਓਡੀਸ਼ਾ, ਤੇਲੰਗਾਨਾ, ਬਿਹਾਰ, ਮੱਧ ਪ੍ਰਦੇਸ਼, ਮਹਾਰਾਸ਼ਟਰ ਅਤੇ ਝਾਰਖੰਡ ਦੇ ਮੁੱਖ ਮੰਤਰੀਆਂ ਨੂੰ ਸੰਬੋਧਨ ਕਰ ਰਹੇ ਸਨ। ਗ੍ਰਹਿ ਮੰਤਰੀ ਨੇ ਕਿਹਾ ਕਿ ਮਾਓਵਾਦੀ ਸਮੂਹਾਂ ਵਿਰੁੱਧ ਲੜਾਈ ਹੁਣ ਆਪਣੇ ਆਖਰੀ ਪੜਾਅ ‘ਤੇ ਹੈ ਅਤੇ ਬਗਾਵਤਾਂ ਨੂੰ ਖ਼ਤਮ ਕਰਨ ਲਈ ਫੈਸਲਾਕੁੰਨ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਖੱਬੇ ਪੱਖੀ ਅਤਿਵਾਦ ਦੀ ਹਿੰਸਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਇੱਕ ਸਾਲ ਵਿੱਚ ਘਟ ਕੇ 200 ਰਹਿ ਗਈ ਹੈ। ਉਨ੍ਹਾਂ ਨੇ ਸਾਰੇ ਮੁੱਖ ਮੰਤਰੀਆਂ ਨੂੰ ਅਪੀਲ ਕੀਤੀ ਕਿ ਉਹ ਅਗਲੇ ਸਾਲ ਲਈ ਇਸ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਲੈਣ ਤਾਂ ਜੋ ਸਮੱਸਿਆ ਦਾ ਸਥਾਈ ਹੱਲ ਲੱਭਿਆ ਜਾ ਸਕੇ। ਇਸ ਮੌਕੇ ਸ਼ਿਵਰਾਜ ਸਿੰਘ ਚੌਹਾਨ (ਮੱਧ ਪ੍ਰਦੇਸ਼), ਊਧਵ ਠਾਕਰੇ (ਮਹਾਰਾਸ਼ਟਰ) ਅਤੇ ਹੇਮੰਤ ਸੋਰੇਨ (ਝਾਰਖੰਡ) ਸਮੇਤ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ, ਗਿਰੀਰਾਜ ਸਿੰਘ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਵੀ ਮੌਜੂਦ ਸਨ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐਸ ਜਗਨ ਮੋਹਨ ਰੈਡੀ ਅਤੇ ਕੇਰਲਾ ਦੇ ਮੁੱਖ ਮੰਤਰੀ ਪਿਨਾਰਯ ਵਿਜਯਨ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ, ਇਨ੍ਹਾਂ ਸੂਬਿਆਂ ਦੀ ਨੁਮਾਇੰਦਗੀ ਕਿਸੇ ਮੰਤਰੀ ਜਾਂ ਸੀਨੀਅਰ ਅਧਿਕਾਰੀਆਂ ਨੇ ਕੀਤੀ। ਅਮਿਤ ਸ਼ਾਹ ਨੇ ਕਿਹਾ ਕਿ ਮਾਓਵਾਦੀ ਸਮੂਹਾਂ ਦੀ ਆਮਦਨ ਦੇ ਸਰੋਤਾਂ ਨੂੰ ਬੇਅਸਰ ਕਰਨ ਦੇ ਯਤਨ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਦਬਾਅ ਵਧਾਉਣ, ਮਾਓਵਾਦੀਆਂ ਵਿਰੁੱਧ ਕਾਰਵਾਈਆਂ ਨੂੰ ਤੇਜ਼ ਕਰਨ ਦੇ ਸਾਧਨਾਂ, ਉਨ੍ਹਾਂ ਦੇ ਅਗਾਂਹਵਧੂ ਸੰਗਠਨਾਂ ਵਿਰੁੱਧ ਕਾਰਵਾਈ, ਅੱਤਵਾਦੀਆਂ ਨੂੰ ਫੰਡਾਂ ਦੇ ਪ੍ਰਵਾਹ ਨੂੰ ਰੋਕਣ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ, ਰਾਸ਼ਟਰੀ ਜਾਂਚ ਏਜੰਸੀ ਦੁਆਰਾ ਰਫ਼ਤਾਰ ਵਧਾਉਣ ਅਤੇ ਠੋਸ ਕਾਰਵਾਈ ਕਰਨ ਬਾਰੇ ਚਰਚਾ ਕੀਤੀ। ਕੇਂਦਰ ਅਤੇ ਸੂਬਾ ਸਰਕਾਰਾਂ ਦੇ ਵਿੱਚ ਬਿਹਤਰ ਤਾਲਮੇਲ ਇਸ ਉਦੇਸ਼ ਨੂੰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰ ਸਕਦਾ ਹੈ।