ਚੰਡੀਗੜ੍ਹ – ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 7 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਗੰਭੀਰ ਮਾਮਲਾ ਸਾਹਮਣੇ ਆਇਆ ਹੈ।
ਇਸ ਮਾਮਲੇ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੋਣ ਦਾ ਦਾਅਵਾ ਕਰਦਿਆਂ ਦਿੱਲੀ ਦੇ ਤਿਲਕ ਨਗਰ ਤੋਂ ਵਿਧਾਇਕ ਜਰਨੈਲ ਸਿੰਘ ਨੂੰ ਫੋਨ ਕੀਤਾ ਅਤੇ ਵਟਸਐਪ ਰਾਹੀਂ ਧਮਕੀ ਭਰੇ ਸੁਨੇਹੇ ਭੇਜੇ। ਮੁਲਜ਼ਮ ਨੇ ਕਥਿਤ ਤੌਰ ‘ਤੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ 7 ਕਰੋੜ ਰੁਪਏ ਦੇਣ ਲਈ ਕਿਹਾ ਜਾਵੇ, ਨਹੀਂ ਤਾਂ ਉਨ੍ਹਾਂ ਅਤੇ ਉਨ੍ਹਾਂ ਦੀ ਧੀ ਹਰਸ਼ਿਤਾ ਕੇਜਰੀਵਾਲ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਵਿਧਾਇਕ ਦੀ ਸ਼ਿਕਾਇਤ ਦੇ ਆਧਾਰ ‘ਤੇ ਮੋਹਾਲੀ ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਵਿੱਚ ਅਣਪਛਾਤੇ ਮੁਲਜ਼ਮ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।
ਵਿਧਾਇਕ ਜਰਨੈਲ ਸਿੰਘ ਨੂੰ ਆਇਆ ਫੋਨਜਾਣਕਾਰੀ ਅਨੁਸਾਰ ਵਿਧਾਇਕ ਜਰਨੈਲ ਸਿੰਘ ਨੇ 6 ਨਵੰਬਰ ਨੂੰ ਮੋਹਾਲੀ ਦੇ ਸੀਨੀਅਰ ਪੁਲਿਸ ਕਪਤਾਨ (ਐੱਸਐੱਸਪੀ) ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਨਿੱਜੀ ਮੋਬਾਈਲ ਨੰਬਰ ‘ਤੇ ਇੱਕ ਅਣਜਾਣ ਵਿਅਕਤੀ ਦਾ ਫੋਨ ਆਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਵਟਸਐਪ ‘ਤੇ ਧਮਕੀ ਭਰਿਆ ਸੁਨੇਹਾ ਵੀ ਮਿਲਿਆ। ਵਟਸਐਪ ‘ਤੇ ਸੁਨੇਹਾ ਭੇਜਣ ਵਾਲੇ ਵਿਅਕਤੀ ਦਾ ਪ੍ਰੋਫਾਈਲ ਨਾਮ ‘H’ ਦਿਖਾਈ ਦੇ ਰਿਹਾ ਸੀ। ਸ਼ਿਕਾਇਤ ਅਨੁਸਾਰ ਇਸ ਵਿਅਕਤੀ ਨੇ ਆਪਣੇ ਆਪ ਨੂੰ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਦੱਸਿਆ। ਉਸ ਨੇ ਵਿਧਾਇਕ ਨੂੰ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਤੱਕ ਇਹ ਸੁਨੇਹਾ ਪਹੁੰਚਾਉਣ ਕਿ ਉਨ੍ਹਾਂ ਨੂੰ 7 ਕਰੋੜ ਰੁਪਏ ਦੇਣੇ ਪੈਣਗੇ। ਜੇਕਰ ਪੈਸੇ ਨਾ ਦਿੱਤੇ ਗਏ ਤਾਂ ਕੇਜਰੀਵਾਲ ਅਤੇ ਉਨ੍ਹਾਂ ਦੀ ਧੀ ਨੂੰ ਜਾਨੋਂ ਮਾਰ ਦਿੱਤਾ ਜਾਵੇਗਾ। ਵਿਧਾਇਕ ਦੇ ਅਨੁਸਾਰ ਮੁਲਜ਼ਮ ਨੇ ਉਸੇ ਮੋਬਾਈਲ ਨੰਬਰ ਤੋਂ ਲਿਖਤੀ ਸੁਨੇਹਾ ਵੀ ਭੇਜਿਆ, ਜਿਸ ਵਿੱਚ ਫਿਰੌਤੀ ਦੀ ਮੰਗ ਅਤੇ ਕਤਲ ਦੀ ਧਮਕੀ ਦੁਹਰਾਈ ਗਈ।
ਜਰਨੈਲ ਸਿੰਘ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਕਿ ਮੁਲਜ਼ਮ ਨੇ ਉਨ੍ਹਾਂ ਨੂੰ ਇੱਕ ਜਨਤਕ ਨੁਮਾਇੰਦਾ ਹੋਣ ਕਾਰਨ ਨਿਸ਼ਾਨਾ ਬਣਾਇਆ ਅਤੇ ਉਨ੍ਹਾਂ ਦੇ ਅਹੁਦੇ ਦੀ ਵਰਤੋਂ ਕਰਕੇ ਕੇਜਰੀਵਾਲ ਤੱਕ ਫਿਰੌਤੀ ਦਾ ਸੁਨੇਹਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਇਸ ਮਾਮਲੇ ਨੂੰ ਗੰਭੀਰ ਅਪਰਾਧ ਦੱਸਦਿਆਂ ਪੁਲਿਸ ਤੋਂ ਮੁਲਜ਼ਮ ਅਤੇ ਉਸ ਨਾਲ ਜੁੜੇ ਹੋਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਸ਼ਿਕਾਇਤ ਦੇ ਨਾਲ ਵਟਸਐਪ ‘ਤੇ ਆਏ ਧਮਕੀ ਭਰੇ ਸੁਨੇਹੇ ਦਾ ਸਕ੍ਰੀਨਸ਼ਾਟ ਵੀ ਪੁਲਿਸ ਨੂੰ ਸੌਂਪਿਆ ਗਿਆ ਹੈ।
ਪੁਲਿਸ ਦੀ ਮੁੱਢਲੀ ਜਾਂਚ ਵਿੱਚ ਇਸ ਮਾਮਲੇ ਵਿੱਚ ਫਿਰੌਤੀ ਮੰਗਣ, ਧਮਕੀਆਂ ਦੇਣ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਤ ਦੋਸ਼ ਸਾਹਮਣੇ ਆਏ ਹਨ। ਇਸ ਮਾਮਲੇ ਵਿੱਚ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀਆਂ ਧਾਰਾਵਾਂ 308(4), 351(2), 351(3), 351(4), 111(2) ਅਤੇ ਸੂਚਨਾ ਤਕਨਾਲੋਜੀ ਐਕਟ ਦੀ ਧਾਰਾ 66ਡੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇੱਕ ਮੋਬਾਈਲ ਨੰਬਰ ਨੂੰ ਜਾਂਚ ਵਿੱਚ ਮੁਲਜ਼ਮ ਨਾਲ ਜੋੜਿਆ ਗਿਆ ਹੈ। ਮਾਮਲੇ ਦੀ ਜਾਂਚ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੇ ਇੰਸਪੈਕਟਰ ਸੁਨੀਲ ਕੁਮਾਰ ਨੂੰ ਸੌਂਪੀ ਗਈ ਹੈ।
ਵਿਧਾਇਕ ਜਰਨੈਲ ਸਿੰਘ ਨੇ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਮੁਲਜ਼ਮ ਦੇ ਮੋਬਾਈਲ ਨੰਬਰ ਦੀ ਕਾਲ ਡਿਟੇਲ ਰਿਕਾਰਡ (ਸੀਡੀਆਰ), ਆਈਪੀ ਲੌਗ ਅਤੇ ਮੋਬਾਈਲ ਲੋਕੇਸ਼ਨ ਦੀ ਜਾਂਚ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਮੁਲਜ਼ਮ ਨਾਲ ਜੁੜੇ ਹੋਰ ਲੋਕਾਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਬੰਧਤ ਸੁਰੱਖਿਆ ਏਜੰਸੀਆਂ ਨਾਲ ਤਾਲਮੇਲ ਕਰਕੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਧਮਕੀ ਭਰੇ ਸੁਨੇਹਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਫੋਨ ਕਰਨ ਵਾਲਾ ਵਿਅਕਤੀ ਅਸਲ ਵਿੱਚ ਕੌਣ ਹੈ ਅਤੇ ਉਸ ਦਾ ਕਿਸੇ ਗੈਂਗ ਨਾਲ ਕੋਈ ਸਬੰਧ ਹੈ ਜਾਂ ਨਹੀਂ।
