Punjab

ਆਮ ਆਦਮੀ ਪਾਰਟੀ ਦੇ 3 ਸੰਸਦ ਮੈਂਬਰ ਭਾਜਪਾ ਦੀ ਕਿਸ਼ਤੀ ‘ਚ ਸਵਾਰ ਹੋ ਗਏ

ਸੰਸਦ ਮੈਂਬਰ ਰਾਘਵ ਚੱਢਾ ਭਾਜਪਾ ਦੇ ਪ੍ਰਧਾਨ ਨਿਤਿਨ ਨਬੀਨ ਨੂੰ ਮਿਲਦੇ ਹੋਏ।

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਸਿਰਫ਼ ਇੱਕ ਸਾਲ ਦੇ ਲਗਭਗ ਦਾ ਸਮਾਂ ਬਚਿਆ ਹੈ, ਪਰ ਉਸ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਵੱਡਾ ਭੂਚਾਲ ਆ ਗਿਆ ਹੈ। ਆਮ ਆਦਮੀ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੇ ਪਾਰਟੀ ਨੂੰ ਅਲਵਿਦਾ ਕਹਿੰਦਿਆਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕਰ ਲਈ ਹੈ। ਇਨ੍ਹਾਂ ਤਿੰਨ ਸੰਸਦ ਮੈਂਬਰਾਂ ‘ਚ ਰਾਘਵ ਚੱਢਾ, ਅਸ਼ੋਕ ਮਿੱਤਲ ਅਤੇ ਸੰਦੀਪ ਪਾਠਕ ਸ਼ਾਮਲ ਹਨ, ਜਿਨ੍ਹਾਂ ਨੇ ਪਾਰਟੀ ‘ਤੇ ਮੁੱਢਲੇ ਸਿਧਾਂਤਾਂ ਤੋਂ ਭਟਕ ਜਾਣ ਦਾ ਇਲਜ਼ਾਮ ਲਾਇਆ ਹੈ।

ਇਸ ਦੌਰਾਨ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਸਾਬਕਾ ਕ੍ਰਿਕਟਰ ਅਤੇ ਪਾਰਟੀ ਨੇਤਾ ਹਰਭਜਨ ਸਿੰਘ, ਰਾਜਿੰਦਰ ਗੁਪਤਾ, ਵਿਕਰਮ ਸਾਹਨੀ ਅਤੇ ਸਵਾਤੀ ਮਾਲੀਵਾਲ ਵੀ ਉਨ੍ਹਾਂ ਦੇ ਨਾਲ ਹਨ, ਜਿਸ ਨਾਲ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਕੁੱਲ ਸੰਸਦ ਮੈਂਬਰਾਂ ਦੀ ਗਿਣਤੀ ਸੱਤ ਹੋ ਗਈ ਹੈ। ਰਾਘਵ ਚੱਢਾ ਨੇ ਕਿਹਾ ਕਿ, “ਪਿਛਲੇ ਕੁਝ ਸਾਲਾਂ ਤੋਂ, ਮੈਨੂੰ ਲੱਗਦਾ ਹੈ ਕਿ ਮੈਂ ਗਲਤ ਪਾਰਟੀ ਵਿੱਚ ਸਹੀ ਆਦਮੀ ਹਾਂ। ਅਸੀਂ ਸੰਵਿਧਾਨ ਦੇ ਉਪਬੰਧਾਂ ਦੀ ਵਰਤੋਂ ਕਰਦੇ ਹੋਏ ਭਾਜਪਾ ਵਿੱਚ ਰਲੇਵਾਂ ਕਰਨ ਦਾ ਫੈਸਲਾ ਕੀਤਾ ਹੈ। ਅਸੀਂ ਸਾਰੇ ਭਾਜਪਾ ਵਿੱਚ ਸ਼ਮੂਲੀਅਤ ਕਰ ਰਹੇ ਹਾਂ ਅਤੇ ਰਾਜ ਸਭਾ ਸਕੱਤਰੇਤ ਨੂੰ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾ ਦਿੱਤੇ ਹਨ।”

2 ਅਪ੍ਰੈਲ ਨੂੰ ਆਪ ਨੇ ਰਾਘਵ ਚੱਢਾ ਨੂੰ ‘ਆਪ’ ਰਾਜ ਸਭਾ ਸੰਸਦ ਮੈਂਬਰਾਂ ਦੇ ਡਿਪਟੀ ਲੀਡਰ ਦੇ ਅਹੁਦੇ ਤੋਂ ਹਟਾ ਦਿੱਤਾ। ਇਸ ਸਬੰਧੀ ਰਾਜ ਸਭਾ ਸਕੱਤਰੇਤ ਨੂੰ ਇੱਕ ਪੱਤਰ ਭੇਜਿਆ ਗਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਪਾਰਟੀ ਦੇ ਕੋਟੇ ਤੋਂ ਬੋਲਣ ਦਾ ਸਮਾਂ ਨਹੀਂ ਦਿੱਤਾ ਜਾਣਾ ਚਾਹੀਦਾ।

ਸੰਸਦ ਮੈਂਬਰ ਅਸ਼ੋਕ ਮਿੱਤਲ ਦੀਆਂ ਜਾਇਦਾਦਾਂ ‘ਤੇ ਇਸੇ ਮਹੀਨੇ ਹੀ ਕੇਂਦਰ ਸਰਕਾਰ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਛਾਪੇਮਾਰੀ ਕੀਤੀ ਸੀ। ਆਪ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ), ਫਗਵਾੜਾ ਦੇ ਵਾਈਸ ਚਾਂਸਲਰ ਅਸ਼ੋਕ ਮਿੱਤਲ ਨੂੰ ਡਿਪਟੀ ਲੀਡਰ ਨਿਯੁਕਤ ਕੀਤਾ ਸੀ। ਰਾਘਵ 2022 ਤੋਂ ਪੰਜਾਬ ਤੋਂ ‘ਆਪ’ ਰਾਜ ਸਭਾ ਸੰਸਦ ਮੈਂਬਰ ਰਹੇ ਹਨ। ਉਨ੍ਹਾਂ ਦਾ ਕਾਰਜਕਾਲ 2028 ਵਿੱਚ ਖਤਮ ਹੁੰਦਾ ਹੈ।

ਆਮ ਆਦਮੀ ਪਾਰਟੀ ਦੇ ਰਾਜ ਸਭਾ ‘ਚ ਕੁੱਲ 10 ਸਾਂਸਦ ਰਾਘਵ ਚੱਢਾ, ਸੰਦੀਪ ਪਾਠਕ, ਅਸ਼ੋਕ ਕੁਮਾਰ ਮਿੱਤਲ, ਵਿਕਰਮਜੀਤ ਸਿੰਘ ਸਾਹਨੀ, ਹਰਭਜਨ ਸਿੰਘ, ਸਵਾਤੀ ਮਾਲੀਵਾਲ, ਰਾਜਿੰਦਰ ਗੁਪਤਾ, ਸੰਜੇ ਸਿੰਘ, ਬਲਬੀਰ ਸਿੰਘ ਸੀਚੇਵਾਲ ਅਤੇ ਐਨ.ਡੀ. ਗੁਪਤਾ ਸਨ, ਪਰ ਹੁਣ 3 ਮੈਂਬਰਾਂ ਦੇ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਮੂਲੀਅਤ ਕਰਨ ਅਤੇ ਰਾਘਵ ਚੱਢਾ ਦੇ 4 ਹੋਰ ਸੰਸਦ ਮੈਂਬਰਾਂ ਦੇ ਆਪਣੇ ਨਾਲ ਹੋਣ ਦੇ ਦਾਅਵੇ ਪਿੱਛੋਂ ਸਿਰਫ਼ 3 ਸੰਸਦ ਮੈਂਬਰ ਹੀ ਆਮ ਆਦਮੀ ਪਾਰਟੀ ਕੋਲ ਬਚਦੇ ਹਨ।

Related posts

7 ਰੋਜਾ ‘ਏ.ਆਈ. ਤੋਂ ਡਾਟਾ ਵਿਸ਼ਲੇਸ਼ਣ’ ਸਿਖਲਾਈ ਵਰਕਸ਼ਾਪ ਕਰਵਾਈ ਗਈ !

admin

ਸਰਕਾਰਾਂ ਦੇ ਅੜੀਅਲ ਤੇ ਨਾਂਹ ਪੱਖੀ ਰਵੱਈਏ ਕਾਰਨ ਭਾਈ ਬਲਵੰਤ ਸਿੰਘ ਰਾਜੋਆਣਾ ਸਖ਼ਤ ਫੈਸਲੇ ਲਈ ਮਜ਼ਬੂਰ ਹੋਏ – ਐਡਵੋਕੇਟ ਧਾਮੀ

Bunty

ਸੰਸਦ ਰਾਜੀਵ-ਲੌਂਗੋਵਾਲ ਸਮਝੌਤੇ ‘ਤੇ ਮੋਹਰ ਲਗਾਵੇ – ਹਰਸਿਮਰਤ ਕੌਰ ਬਾਦਲ

Bunty