ਨਵੀਂ ਦਿੱਲੀ – ਜੇਕਰ ਤੁਸੀਂ ਹਿਮਾਲੀਅਨ ਸੂਬੇ ਉੱਤਰਾਖੰਡ ’ਚ ਜ਼ਮੀਨ ਲੈ ਕੇ ਖੇਤੀ ਜਾਂ ਬਾਗਬਾਨੀ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਫਿਲਹਾਲ ਅਜਿਹਾ ਨਹੀਂ ਕਰ ਸਕੋਗੇ। ਦਰਅਸਲ, ਕੁਝ ਦਿਨ ਪਹਿਲਾਂ ਸੂਬੇ ਦੇ ਮੌਜੂਦਾ ਭੂਮੀ ਕਾਨੂੰਨ ਦੇ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਸੀ। ਇਸ ਭੂਮੀ ਕਾਨੂੰਨ ਦੇ ਵਿਰੋਧ ਵਿੱਚ ਦੇਹਰਾਦੂਨ ਸਮੇਤ ਕਈ ਜ਼ਿਲ੍ਹਿਆਂ ਵਿੱਚ ਸਥਾਨਕ ਲੋਕਾਂ ਅਤੇ ਕਈ ਸਮਾਜ ਸੇਵੀ ਸੰਸਥਾਵਾਂ ਨੇ ਰੈਲੀਆਂ ਕੱਢੀਆਂ ਸਨ। ਇਸ ਤੋਂ ਬਾਅਦ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨਵੇਂ ਸਾਲ ’ਤੇ ਜ਼ਮੀਨੀ ਕਾਨੂੰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਸੂਬੇ ’ਚ ਬਾਹਰੀ ਲੋਕਾਂ ਨੂੰ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾ ਦਿੱਤੀ ਹੈ।
ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਉੱਤਰਾਖੰਡ ’ਚ ਬਾਹਰੀ ਲੋਕਾਂ ਨੂੰ ਜ਼ਮੀਨ ਖਰੀਦਣ ’ਤੇ ਪਾਬੰਦੀ ਲਗਾ ਦਿੱਤੀ ਹੈ। ਧਾਮੀ ਨੇ ਹੁਕਮ ਦਿੱਤਾ ਹੈ ਕਿ ਅਗਲੇ ਹੁਕਮਾਂ ਤੱਕ ਜ਼ਿਲ੍ਹਾ ਮੈਜਿਸਟਰੇਟ ਉੱਤਰਾਖੰਡ ਤੋਂ ਬਾਹਰਲੇ ਲੋਕਾਂ ਨੂੰ ਖੇਤੀਬਾੜੀ ਅਤੇ ਬਾਗਬਾਨੀ ਦੇ ਉਦੇਸ਼ਾਂ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਨਹੀਂ ਦੇਣਗੇ। ਯਾਨੀ ਸੂਬੇ ਵਿੱਚ ਖੇਤੀਬਾੜੀ ਅਤੇ ਬਾਗਬਾਨੀ ਦੇ ਉਦੇਸ਼ਾਂ ਲਈ ਜ਼ਮੀਨ ਖਰੀਦਣ ਵਾਲੇ ਬਾਹਰੀ ਲੋਕਾਂ ’ਤੇ ਅੰਤਰਿਮ ਪਾਬੰਦੀ ਲਗਾਈ ਗਈ ਹੈ। ਇਸ ਤੋਂ ਪਹਿਲਾਂ ਵੀ ਉੱਤਰਾਖੰਡ ਵਿੱਚ ਮੁੱਖ ਮੰਤਰੀ ਨੇ ਜ਼ਮੀਨ ਖਰੀਦਣ ਤੋਂ ਪਹਿਲਾਂ ਖਰੀਦਦਾਰ ਦੀ ਪਿਛੋਕੜ ਦੀ ਪੁਸ਼ਟੀ ਤੋਂ ਬਾਅਦ ਹੀ ਜ਼ਮੀਨ ਖਰੀਦਣ ਦੇ ਨਿਰਦੇਸ਼ ਦਿੱਤੇ ਸਨ।
ਦੱਸਿਆ ਜਾਂਦਾ ਹੈ ਕਿ ਸੀ.ਐਮ ਧਾਮੀ ਨੇ ਹਾਲ ਹੀ ’ਚ ਮੁੱਖ ਮੰਤਰੀ ਨਿਵਾਸ ’ਤੇ ਜ਼ਮੀਨੀ ਕਾਨੂੰਨ ਨੂੰ ਲੈ ਕੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕੀਤੀ ਸੀ। ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਜ਼ਮੀਨੀ ਕਾਨੂੰਨ ਸਬੰਧੀ ਬਣਾਈ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਜਨਤਕ ਸੁਣਵਾਈ ਕੀਤੀ ਜਾਵੇ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੇ ਲੋਕਾਂ ਅਤੇ ਮਾਹਿਰਾਂ ਦੀ ਰਾਏ ਲਈ ਜਾਵੇ। ਭੂਮੀ ਕਾਨੂੰਨ ਲਈ ਵਿਕੇਂਦਰੀਕਰਣ ਪ੍ਰਣਾਲੀ ਲਈ ਗੜ੍ਹਵਾਲ ਅਤੇ ਕੁਮਾਉਾਂਦੇ ਕਮਿਸ਼ਨਰ ਨੂੰ ਵੀ ਸ਼ਾਮਲ ਕਰਨਾ ਚਾਹੀਦਾ ਹੈ।
