Punjab Religion Technology

ਏਆਈ ਦੀ ਦੁਰਵਰਤੋਂ ਨਾਲ ਨਜਿੱਠਣ ਲਈ ਸ਼੍ਰੋਮਣੀ ਕਮੇਟੀ ਨੇ ਤਕਨੀਕੀ ਮਾਹਿਰਾਂ ਤੋਂ ਸੁਝਾਅ ਲਏ !

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਟੈਕਨੋਲੋਜੀ ਦੇ ਮਾਹਿਰਾਂ ਨਾਲ ਮੀਟਿੰਗ ਕਰਦੇ ਹੋਏ।

ਅੰਮ੍ਰਿਤਸਰ – ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨਾਲੋਜੀ ਦੀ ਦੁਰਵਰਤੋਂ ਨਾਲ ਸਿੱਖ ਧਰਮ ਦੀ ਕੀਤੀ ਜਾ ਰਹੀ ਬੇਅਦਬੀ ਰੋਕਣ ਲਈ ਨੀਤੀ ਬਨਾਉਣ ਵਾਸਤੇ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ਨਾਲ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਇਕੱਤਰਤਾ ਹੋਈ। ਇਕੱਤਰਤਾ ਵਿਚ ਏਆਈ ਤਕਨੀਕ ਦੀ ਜਾਣਕਾਰੀ ਰੱਖਣ ਵਾਲੇ ਮਾਹਿਰਾਂ ਨੇ ਭਵਿੱਖ ਦੀਆਂ ਚੁਣੌਤੀਆਂ ਦੇ ਮੱਦੇਨਜ਼ਰ ਅਤੇ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਆਪਣੇ ਕੀਮਤੀ ਸੁਝਾਅ ਦਿੱਤੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਰਾਹੀਂ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਵੀਡੀਓ ਅਤੇ ਹੋਰ ਸਮੱਗਰੀ ਦਾ ਸੋਸ਼ਲ ਮੀਡੀਏ ’ਤੇ ਲਗਾਤਾਰ ਵਾਧਾ ਵੱਡੀ ਚਿੰਤਾ ਵਾਲਾ ਹੈ। ਇਸੇ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਨੇ ਇਸ ਖੇਤਰ ਵਿਚ ਕੰਮ ਕਰ ਰਹੇ ਮਾਹਿਰਾਂ ਤੋਂ ਸੁਝਾਅ ਲੈਣ ਲਈ ਅੱਜ ਦੀ ਇਕੱਤਰਤਾ ਬੁਲਾਈ ਸੀ, ਤਾਂ ਜੋ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਠੋਸ ਨੀਤੀ ਤਿਆਰ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਦੀ ਇਕੱਤਰਤਾ ਵਿਚ ਕੀਮਤੀ ਸੁਝਾਅ ਪ੍ਰਾਪਤ ਹੋਏ ਹਨ, ਜਿਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਦੀ ਆਉਣ ਵਾਲੀ ਇਕੱਤਰਤਾ ਵਿਚ ਵਿਚਾਰਿਆ ਜਾਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜੇ ਏਆਈ ਮਾਹਿਰਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਵੀ ਕੀਤਾ।

ਇਕੱਤਰਤਾ ’ਚ ਸ੍ਰੋਮਣੀ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਮੋਹਨ ਸਿੰਘ ਬੰਗੀ, ਸ. ਰਣਜੀਤ ਸਿੰਘ ਕਾਹਲੋਂ, ਸ. ਗੁਰਨਾਮ ਸਿੰਘ ਜੱਸਲ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਾਈਸ ਚਾਂਸਲਰ ਡਾ. ਪ੍ਰਿਤਪਾਲ ਸਿੰਘ, ਖਾਲਸਾ ਕਾਲਜ ਪਟਿਆਲਾ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ, ਡਾ. ਜਸਵਿੰਦਰ ਸਿੰਘ, ਡਾ. ਵਿਲੀਅਮ ਸਿੰਘ, ਬਾਬਾ ਬੰਦਾ ਸਿੰਘ ਬਹਾਦਰ ਇੰਜੀ: ਕਾਲਜ ਦੇ ਪ੍ਰਿੰਸੀਪਲ ਸ. ਲਖਵੀਰ ਸਿੰਘ, ਗੁਰੂ ਨਾਨਕ ਦੇਵ ਇੰਜੀ: ਕਾਲਜ ਲੁਧਿਆਣਾ ਤੋਂ ਡਾ. ਜਗਦੀਪ ਸਿੰਘ ਅਤੇ ਪ੍ਰੋ. ਸਤਿੰਦਰਪਾਲ ਸਿੰਘ, ਰਿਆਤ ਬਹਾਰਾ ਇੰਸਟੀਚਿਊਟ, ਹੁਸ਼ਿਆਰਪੁਰ ਤੋਂ ਡਾਇਰੈਕਟਰ ਪ੍ਰਿੰਸੀਪਲ ਡਾ. ਗੁਰਜੀਤ ਸਿੰਘ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੋਂ ਡਾ. ਕੁਲਦੀਪ ਸਿੰਘ, ਦਿੱਲੀ ਤੋਂ ਡਾ. ਸਰਬਜੋਤ ਸਿੰਘ ਆਨੰਦ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਐਡਵੋਕੇਟ ਸ. ਅਮਰਦੀਪ ਸਿੰਘ ਧਾਰਨੀ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਸਿਸਟਮ ਐਡਮਿਨਸਟ੍ਰੇਟਰ ਸ. ਕਰਮਵੀਰ ਸਿੰਘ ਆਦਿ ਹਾਜ਼ਰ ਸਨ। ਇਸੇ ਦੌਰਾਨ ਕੈਨੇਡਾ ਤੋਂ ਸ. ਗਿਆਨ ਸਿੰਘ ਸੰਧੂ, ਅਮਰੀਕਾ ਤੋਂ ਡਾ. ਹਰਿੰਦਰ ਸਿੰਘ ਅਤੇ ਏਆਈ ਮਾਹਿਰ ਡਾ. ਸੰਦੀਪ ਸਿੰਘ ਸੰਧਾ ਆਨਲਾਈਨ ਮਾਧਿਅਮ ਰਾਹੀਂ ਇਕੱਤਰਤਾ ’ਚ ਸ਼ਾਮਲ ਹੋਏ।

Related posts

ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਨੂੰ ਵਿਕਸਤ ਕਰਨ ਲਈ ਸਰਕਾਰ ਵਚਨਬੱਧ : ਮੁੱਖ-ਮੰਤਰੀ

admin

“ਯੁੱਧ ਨਸ਼ਿਆਂ ਵਿਰੁੱਧ” ਦੇ 218ਵੇਂ ਦਿਨ 82 ਨਸ਼ਾ ਤਸਕਰ ਗ੍ਰਿਫ਼ਤਾਰ !

admin

ਆਈਆਈਟੀ ਭੁਵਨੇਸ਼ਵਰ ਵਿਖੇ ‘ਨਮੋ ਸੈਮੀਕੰਡਕਟਰ ਲੈਬ’ ਦੀ ਸਥਾਪਨਾ ਨੂੰ ਮਨਜ਼ੂਰੀ !

admin