ਅੰਮ੍ਰਿਤਸਰ – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਨੇ ਤੈਰਾਕੀ ਦੇ ਖੇਤਰ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਦਿਆਂ ਸਕੂਲ ਅਤੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ। ਉਕਤ ਸਕੂਲ ਵਿਖੇ 7ਵੀਂ ਕਲਾਸ ਦੀ ਹੋਣਹਾਰ ਵਿਦਿਆਰਥਣ ਏਕਮਜੋਤ ਕੌਰ ਨੇ ਤੈਰਾਕੀ ’ਚ ਆਪਣੀ ਖੇਡ ਦੇ ਸ਼ਾਨਦਾਰ ਮੁਜ਼ਾਹਰਾ ਸਦਕਾ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦਾ ਤਗਮਾ ਆਪਣੇ ਨਾਮ ’ਤੇ ਦਰਜ ਕਰਵਾਇਆ।
ਇਸ ਸਬੰਧੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਅਤੇ ਸਮੂਹ ਸਟਾਫ਼ ਵੱਲੋਂ ਏਕਮਜੋਤ ਕੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਬ-ਜੂਨੀਅਰ ਤੈਰਾਕੀ ਚੈਂਪੀਅਨਸ਼ਿਪ 2026 (ਸਟੇਟ ਪੱਧਰ) ਦਾ ਆਯੋਜਨ ਫਿਰੋਜ਼ਪੁਰ ਵਿਖੇ ਕੀਤਾ ਗਿਆ, ਜਿਸ ’ਚ ਪੰਜਾਬ ਭਰ ਦੇ ਵੱਖ-ਵੱਖ ਸਕੂਲਾਂ ਤੋਂ ਤੈਰਾਕਾਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਸਕੂਲ ਦੀ ਉਕਤ ਵਿਦਿਆਰਥਣ ਨੇ ਆਪਣੀ ਬੇਮਿਸਾਲ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਸੋਨ ਤਗਮੇ ਨੂੰ ਆਪਣੇ ਨਾਂ ’ਤੇ ਦਰਜ ਕਰਵਾਇਆ, ਜੋ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਅੱਗਾਂਹ ਵੱਧਣ ਲਈ ਉਤਸ਼ਾਹਿਤ ਕਰਦਾ ਰਹੇਗਾ। ਇਸ ਮੌਕੇ ਉਨ੍ਹਾਂ ਏਕਮਜੋਤ ਕੌਰ ਦੇ ਨਾਲ ਹੋਰਨਾਂ ਵਿਦਿਆਰਥਣਾਂ ਨੂੰ ਵੀ ਭਵਿੱਖ ’ਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਉਪਲਬੱਧੀਆਂ ’ਚ ਉਚ ਸਥਾਨ ਪ੍ਰਾਪਤ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।
