ਨਵੀਂ ਦਿੱਲੀ – ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ ਸਮਰਥਨ ਦੇਣ ਦਾ ਐਲਾਨ ਕਰਨ ਤੋਂ ਕੁਝ ਘੰਟਿਆਂ ਬਾਅਦ ਜਨਤਾ ਦਲ (ਯੂਨਾਈਟਿਡ) ਨੇ ਕਿਹਾ ਹੈ ਕਿ ਭਾਰਤੀ ਸੈਨਾਵਾਂ ’ਚ ਭਰਤੀ ਲਈ ਬਣਾਈ ਅਗਨੀਪਥ ਯੋਜਨਾ ’ਤੇ ਮੁੜ ਵਿਚਾਰ ਕਰਨ ਦੀ ਲੋੜ ਹੈ। ਜੇਡੀ(ਯੂ) ਦੇ ਬੁਲਾਰੇ ਕੇਸੀ ਤਿਆਗੀ ਨੇ ਨਿਊਜ਼ ਚੈਨਲ ਨੂੰ ਦੱਸਿਆ,‘ਅਗਨੀਪਥ ਸਕੀਮ ਉੱਤੇ ਨਵੇਂ ਸਿਰੇ ਤੋਂ ਵਿਚਾਰ ਕਰਨ ਦੀ ਲੋੜ ਹੈ। ਮੈਨੂੰ ਲੱਗਦਾ ਹੈ ਕਿ ਇਨ੍ਹਾਂ ਲੋਕ ਸਭਾ ਚੋਣਾਂ ਦੌਰਾਨ ਇਸ ਯੋਜਨਾ ਖਿਲਾਫ਼ ਲੋਕਾਂ ਨੇ ਗੁੱਸਾ ਕੱਢਿਆ ਹੈ। ਬੁੱਧਵਾਰ ਨੂੰ ਜੇਡੀ (ਯੂ) ਨੇਤਾ ਅਤੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਐੱਨਡੀਏ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰਾਸ਼ਟਰੀ ਰਾਜਧਾਨੀ ਵਿੱਚ ਸਨ, ਜਿੱਥੇ ਉਨ੍ਹਾਂ ਦੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਵਿਸ਼ਵਾਸ ਪ੍ਰਗਟਾਇਆ।