ਬੰਗਲੌਰ – ਕਰਨਾਟਕ ਦੇ ਰਾਜਪਾਲ ਥਾਵਰਚੰਦ ਗਹਿਲੋਤ ਨੇ ਮੈਸੂਰ ਸ਼ਹਿਰੀ ਵਿਕਾਸ ਅਥਾਰਟੀ (ਮੁਡਾ) ਦੀ ਜ਼ਮੀਨ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿਚ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ, ‘ਰਾਜਪਾਲ ਨੇ ਮੁੱਖ ਮੰਤਰੀ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਟੀਜੇ ਅਬਰਾਹਮ, ਪ੍ਰਦੀਪ ਅਤੇ ਸਨੇਮਈ ਕ੍ਰਿਸ਼ਨਾ ਵੱਲੋਂ ਦਾਇਰ ਤਿੰਨ ਪਟੀਸ਼ਨਾਂ ‘ਤੇ ਆਧਾਰਿਤ ਹੈ।’ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਦੇ ਪਲਾਟ ਅਲਾਟਮੈਂਟ ‘ਘਪਲੇ’ ਦੇ ਸਬੰਧ ਵਿੱਚ ਰਾਜਪਾਲ ਵੱਲੋਂ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਉਨ੍ਹਾਂ ਨੇ ਕੁਝ ਗਲਤ ਨਹੀਂ ਕੀਤਾ ਹੈ। ਸਿੱਧਰਮਈਆ ਨੇ ਰਾਜਪਾਲ ਥਾਵਰਚੰਦ ਗਹਿਲੋਤ ਦੇ ਫੈਸਲੇ ਨੂੰ ਸੰਵਿਧਾਨ ਵਿਰੋਧੀ ਅਤੇ ਕਾਨੂੰਨ ਖਿਲਾਫ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਬਾਰੇ ਅਦਾਲਤ ਵਿੱਚ ਸੁਆਲ ਉਠਾਇਆ ਜਾਵੇਗਾ ਤੇ ਉਹ ਇਸ ਦਾ ਕਾਨੂੰਨੀ ਤੌਰ ’ਤੇ ਸਾਹਮਣਾ ਕਰਨਗੇ।
