ਚੰਡੀਗੜ੍ਹ – ਪਿਛਲੇ ਪੰਜ ਸਾਲਾਂ ਵਿਚ ਕਾਂਗਰਸ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਵਿਚ ਕੀਤੀਆਂ ਗਈਆਂ ਭਰਤੀਆਂ ਦੀ ਜਾਂਚ ਦੇ ਹੁਕਮ ਦਿੱਤੇ ਗਏ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਇਹ ਹੁਕਮ ਕੈਬਨਿਟ ਮੰਤਰੀ ਹਰਜੋਤ ਬੈਂਸ ਦੇ ਉਸ ਪੱਤਰ ਦੇ ਆਧਾਰ ‘ਤੇ ਦਿੱਤੇ ਹਨ, ਜਿਸ ‘ਚ ਬੈਂਸ ਨੇ ਦੋਸ਼ ਲਾਇਆ ਸੀ ਕਿ ਸਪੀਕਰ ਰਾਣਾ ਕੇਪੀ ਸਿੰਘ ਤੋਂ ਇਲਾਵਾ ਕਈ ਮੰਤਰੀਆਂ ਤੇ ਆਗੂਆਂ ਦੇ ਚਹੇਤਿਆਂ ਨੂੰ ਵੀ ਭਰਤੀ ਕੀਤਾ ਗਿਆ ਹੈ। ਧਿਆਨ ਯੋਗ ਹੈ ਕਿ ਵਿਧਾਨ ਸਭਾ ਚੋਣਾਂ ਵਿਚ ਰਾਣਾ ਕੇਪੀ ਸਿੰਘ ਹਰਜੋਤ ਬੈਂਸ ਤੋਂ ਹਾਰ ਗਏ ਸਨ। ਦੂਜੇ ਪਾਸੇ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ।
ਧਿਆਨਯੋਗ ਹੈ ਕਿ ਪਿਛਲੇ ਪੰਜ ਸਾਲਾਂ ਵਿਚ ਵਿਧਾਨ ਸਭਾ ਵਿਚ 170 ਦੇ ਕਰੀਬ ਭਰਤੀਆਂ ਹੋਈਆਂ ਸਨ। ਇਨ੍ਹਾਂ ਭਰਤੀਆਂ ਸਬੰਧੀ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਪਿਛਲੀ ਕਾਂਗਰਸ ਸਰਕਾਰ ਦੌਰਾਨ ਭਰਤੀ ਕੀਤੇ ਮੁਲਾਜ਼ਮਾਂ ਦੀ ਜਾਂਚ ਦੀ ਮੰਗ ਕੀਤੀ ਹੈ। ਸਪੀਕਰ ਨੂੰ ਲਿਖੇ ਪੱਤਰ ਵਿਚ ਬੈਂਸ ਨੇ ਕਿਹਾ ਕਿ 2017-22 ਦੌਰਾਨ ਜਦੋਂ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਨ ਤਾਂ ਇਹ ਮੁਲਾਜ਼ਮ ਭਰਤੀ ਕੀਤੇ ਗਏ ਸਨ। ਉਨ੍ਹਾਂ ਪੱਤਰ ਵਿੱਚ ਕਿਹਾ ਕਿ ਉਨ੍ਹਾਂ ਜਨਵਰੀ ਮਹੀਨੇ ਵਿੱਚ ਆਪਣੇ ਪੱਧਰ ‘ਤੇ ਇਸ ਮਾਮਲੇ ਦੀ ਜਾਂਚ ਕੀਤੀ ਸੀ ਜਿਸ ਵਿਚ ਇਸ ਭਰਤੀ ਵਿਚ ਘਪਲੇ ਦਾ ਖ਼ੁਲਾਸਾ ਹੋਇਆ ਸੀ। ਇਸ ਭਰਤੀ ਪ੍ਰਕਿਰਿਆ ‘ਚ ਕਾਂਗਰਸ ਸਰਕਾਰ ਦੇ ਕਈ ਸਾਬਕਾ ਮੰਤਰੀਆਂ ਨੇ ਨੌਕਰੀਆਂ ‘ਤੇ ਆਪਣੇ ਚਹੇਤੇ ਐਡਜਸਟ ਕਰ ਲਏ। ਆਪਣੇ ਪੱਤਰ ਵਿਚ ਸਾਬਕਾ ਸਪੀਕਰ ਰਾਣਾ ਕੇਪੀ ਤੋਂ ਇਲਾਵਾ ਬੈਂਸ ਨੇ ਸਾਬਕਾ ਵਿੱਤ ਮੰਤਰੀ ਮਨਪ੍ਰਰੀਤ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਰਾਜਾ ਵੜਿੰਗ, ਸਾਬਕਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ‘ਤੇ ਵੀ ਉਂਗਲ ਉਠਾਈ ਹੈ।
ਬੈਂਸ ਨੇ ਦੋਸ਼ ਲਾਇਆ ਕਿ ਇਸ ਭਰਤੀ ਵਿਚ ਕਿਸੇ ਕਿਸਮ ਦੀ ਰਾਖਵੇਂਕਰਨ ਦੀ ਨੀਤੀ ਦੀ ਪਾਲਣਾ ਨਹੀਂ ਕੀਤੀ ਗਈ। ਆਪਣੇ ਚਹੇਤਿਆਂ ਨੂੰ ਭਰਤੀ ਕਰਨ ਲਈ ਕਈ ਨਿਯਮ ਬਦਲੇ ਗਏ ਸਨ। ਹਰਜੋਤ ਬੈਂਸ ਨੇ ਪੱਤਰ ਵਿੱਚ ਕਿਹਾ ਹੈ ਕਿ ਭਰਤੀ ਪ੍ਰਕਿਰਿਆ ਲਈ ਬਣਾਈ ਗਈ ਕਮੇਟੀ ਵਿਚ ਸ਼ਾਮਲ ਮੈਂਬਰਾਂ ਨੇ ਵੀ ਆਪਣੇ ਰਿਸ਼ਤੇਦਾਰਾਂ ਨੂੰ ਨੌਕਰੀ ਦੇਣ ਲਈ ਸਾਰੇ ਨਿਯਮਾਂ ਨੂੰ ਿਛੱਕੇ ਟੰਗ ਦਿੱਤਾ। ਬੈਂਸ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ। ਉਨ੍ਹਾਂ ਵਿਧਾਨ ਸਭਾ ਦੇ ਮੌਜੂਦਾ ਸਪੀਕਰ ਤੋਂ ਮੰਗ ਕੀਤੀ ਹੈ ਕਿ ਇਸ ਭਰਤੀ ਘੁਟਾਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਜਾਵੇ। ਘੁਟਾਲੇ ਵਿੱਚ ਸ਼ਾਮਲ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਇਸ ਪੱਤਰ ਦੇ ਆਧਾਰ ‘ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜਾਂਚ ਦੇ ਹੁਕਮ ਦਿੱਤੇ ਹਨ ਪਰ ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਨੇ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਰਤੀ ਕਰਨ ਤੋਂ ਪਹਿਲਾਂ ਅਖ਼ਬਾਰਾਂ ਵਿਚ ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਗਿਆ ਸੀ। ਉਮੀਦਵਾਰਾਂ ਦਾ ਲਿਖਤੀ ਟੈਸਟ ਲਿਆ ਗਿਆ। ਕਮੇਟੀ ਬਣਾ ਕੇ ਇੰਟਰਵਿਊ ਲਈ ਗਈ। ਭਰਤੀ ਲਈ ਨਿਯਮਾਂ ਵਿਚ ਜੋ ਵੀ ਵਿਵਸਥਾ ਹੈ, ਸਾਰੀ ਪ੍ਰਕਿਰਿਆ ਅਪਣਾਈ ਗਈ। ਜਿਹੜੇ ਲੋਕ ਇਹ ਦੋਸ਼ ਲਗਾ ਰਹੇ ਹਨ ਕਿ ਉਨ੍ਹਾਂ ਆਪਣੇ ਰਿਸ਼ਤੇਦਾਰਾਂ ਨੂੰ ਭਰਤੀ ਕੀਤਾ ਹੈ, ਉਹ ਭਰਤੀ ਕੀਤੇ ਗਏ ਇਕ ਵੀ ਮੁਲਾਜ਼ਮ ਦਾ ਉਨ੍ਹਾਂ ਨਾਲ ਰਿਸ਼ਤਾ ਸਾਬਤ ਕਰ ਦੇਣ ਤਾਂ ਉਹ ਰਾਜਨੀਤੀ ਛੱਡ ਦੇਣਗੇ।
