ਨਵੀਂ ਦਿੱਲੀ, (ਮਨਮੋਹਨ ਸਿੰਘ) – ਸਰਦਾਰ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਸਰਦਾਰ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਰਾਹੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਅਨਿੰਨ ਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦਾ ‘350 ਸਾਲਾ ਸ਼ਹਾਦਤ ਦਿਹਾੜਾ’ ਇੱਕਜੁੱਟ ਹੋ ਕੇ ਮਨਾਉਣ ਦੇ ਉਪਰਾਲੇ ਕਰਨ ਲਈ ਨਿਮਰਤਾ ਸਹਿਤ ਬੇਨਤੀ ਕੀਤੀ ਹੈ। ਉਨਾਂ ਪੱਤਰ ਵਿੱਚ ਦੱਸਿਆ ਹੈ ਕਿ ਸਮੁੱਚਾ ਸਿੱਖ ਪੰਥ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ‘350 ਸਾਲਾ ਸ਼ਹਾਦਤ ਦਿਹਾੜਾ’ ਬੜੀ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾ ਰਿਹਾ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਪਰ ਕੁੱਝ ਪੰਥਕ ਇਕਜੁੱਟਤਾ ਦੇ ਦੋਖੀਆਂ ਵੱਲੋਂ ਇਸ ਮਹਾਨ 350 ਸਾਲਾ ਸ਼ਹਾਦਤ ਨੂੰ ਵਖਰੇਵੇਂ ਨਾਲ ਮਨਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਹੋ ਗਈਆਂ ਹਨ। ਉਨਾਂ ਪੱਤਰ ਵਿੱਚ ਕਿਹਾ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਨਤੀ ਕਰਦੀ ਹੈ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ‘350 ਸਾਲਾ ਸ਼ਹਾਦਤ ਦਿਹਾੜੇ’ ਨੂੰ ਦਿੱਲੀ ਵਿਖੇ ਮਨਾਇਆ ਜਾਵੇ। ਉਨਾਂ ਪੱਤਰ ਵਿੱਚ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਨੂੰ ਵੱਡੇ ਭਰਾ ਦੀ ਤਰ੍ਹਾਂ ਇਹਨਾਂ ਸਮਾਗਮਾਂ ਵਿੱਚ ਪੂਰਨ ਸਨਮਾਨ ਤੇ ਸਹਿਯੋਗ ਦਿੱਤਾ ਜਾਵੇਗਾ। ਉਨਾਂ ਅੱਗੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧ ਸਾਰੇ ਪ੍ਰੋਗਰਾਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਅਗਵਾਈ ਵਿੱਚ ਕਰਵਾਵੇਗਾ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੋਟੇ ਭਰਾ ਦਾ ਫਰਜ਼ ਨਿਭਾਉਂਦੇ ਪੂਰਨ ਸਨਮਾਨ ਅਤੇ ਸਹਿਯੋਗ ਕੀਤਾ ਜਾਵੇਗਾ। ਉਨਾਂ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਿਆਨ ਵਿੱਚ ਲਿਆਂਦਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਨਾਲ ਸ਼ਹੀਦ ਹੋਏ ਤਿੰਨ ਸਿੱਖਾਂ ਦੀ ਸ਼ਹਾਦਤ ਨੂੰ ਇੱਕਜੁੱਟ ਹੋ ਕੇ ਗੁਰਦੁਆਰਾ ਸੀਸਗੰਜ ਸਾਹਿਬ, ਦਿੱਲੀ ਵਿਖੇ ਮਨਾਉਣ ਲਈ ਇੱਕ ਵਿਸ਼ੇਸ਼ ਇਕੱਤਰਤਾ 2 ਅਪ੍ਰੈਲ 2025 ਨੂੰ ਕਾਨਫਰੰਸ ਹਾਲ ਦਫਤਰ, ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਕੀਤੀ ਗਈ ਸੀ, ਜਿਸ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰਚਰਨ ਸਿੰਘ ਜੀ ਗਰੇਵਾਲ, ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸ੍ਰ. ਭੁਪਿੰਦਰ ਸਿੰਘ ਅਸੰਧ, ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਭਾਈ ਸਰਬਜੀਤ ਸਿੰਘ ਜੀ ਅਤੇ ਹੋਰ ਭਾਰਤ ਦੀਆਂ ਪ੍ਰਮੁੱਖ ਸੰਸਥਾਵਾਂ ਵੱਲੋਂ ਨੁਮਾਇੰਦੇ ਸ਼ਾਮਲ ਹੋਏ ਸਨ ਅਤੇ ਪੰਥਕ ਰਵਾਇਤ ਅਨੁਸਾਰ ਦਿੱਲੀ ਵਿਖੇ ਇੱਕਜੁੱਟ ਹੋ ਕੇ ਸ਼ਹੀਦੀ ਸਮਾਗਮਾਂ ਨੂੰ ਦਿੱਲੀ ਵਿਖੇ ਕਰਨ ਦਾ ਫੈਸਲਾ ਲਿਆ ਸੀ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਨ੍ਹਾਂ ਸ਼ਹੀਦੀ ਸਮਾਗਮਾਂ ਨੂੰ ਇੱਕ-ਜੁੱਟ ਹੋ ਕੇ ਮਨਾਉਣਾ ਸਾਡਾ ਆਪਸੀ ਪਿਆਰ ਅਤੇ ਪੰਥਕ ਇੱਕਜੁੱਟਤਾ ਨੂੰ ਦਰਸਾਵੇਗਾ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵੱਲੋਂ ਮਨੁੱਖਤਾ ਅਤੇ ਹਿੰਦੂ ਧਰਮ ਦੀ ਰੱਖਿਆ ਲਈ ਦਿੱਤੀ ਇਹ ਲਾਸਾਨੀ ਸ਼ਹਾਦਤ ਦਾ ਸੁਨੇਹਾ ਅਸੀਂ ਵੱਡੇ ਪੱਧਰ ‘ਤੇ ਘਰ ਘਰ ਤੱਕ ਪਹੁੰਚਾਉਣ ਲਈ ਯਤਨ ਕਰੀਏ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਖਾਲਸਾ ਪੰਥ ਦੇ 300 ਸਾਲਾ ਸਿਰਜਣਾ ਦਿਹਾੜੇ ਨੂੰ ਸਾਲ 1999 ਵਿੱਚ ਸਮੁੱਚੇ ਖਾਲਸਾ ਪੰਥ ਨੇ ਇੱਕਜੁੱਟਤਾ ਨਾਲ ਬੜੇ ਹੀ ਸਤਿਕਾਰ ਅਤੇ ਜਾਹੋ-ਜਲਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮਨਾਇਆ ਸੀ। ਸ੍ਰੀ ਗੁਰੂ ਅੰਗਦ ਦੇਵ ਜੀ ਦਾ 400 ਸਾਲਾ ਪ੍ਰਕਾਸ਼ ਗੁਰਪੁਰਬ ਸ੍ਰੀ ਖਡੂਰ ਸਾਹਿਬ ਵਿਖੇ ਸਾਰੀਆਂ ਸੰਸਥਾਵਾਂ ਵੱਲੋਂ ਇਕੱਠੇ ਹੋ ਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਦਿੰਦੇ ਹੋਏ ਮਨਾਇਆ ਗਿਆ ਸੀ। ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਗੁਰਪੁਰਬ ਸਾਰੀਆਂ ਹੀ ਸਿੱਖ ਸੰਸਥਾਵਾਂ ਨੇ ਮਿਲ ਕੇ ਸੁਲਤਾਨਪੁਰ ਲੋਧੀ ਵਿਖੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦੇ ਹੋਏ ਮਨਾਇਆ ਗਿਆ। ਤਖਤ ਸ੍ਰੀ ਹਰਿਮੰਦਰ ਜੀ, ਪਟਨਾ ਸਾਹਿਬ ਵਿਖੇ ਜਨਵਰੀ 2017 ਵਿੱਚ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਦਾ 350 ਵਾਂ ਪ੍ਰਕਾਸ਼ ਗੁਰਪੁਰਬ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਸਹਿਯੋਗ ਕਰਦੇ ਹੋਏ ਪਟਨਾ ਸਾਹਿਬ ਵਿਖੇ ਮਨਾਇਆ ਗਿਆ। ਅਕਤੂਬਰ 2008 ਵਿੱਚ ਗੁਰੂ ਗ੍ਰੰਥ ਸਾਹਿਬ ਗੁਰਤਾਗੱਦੀ ਤੀਸਰੀ ਸ਼ਤਾਬਦੀ ਸਮਾਗਮ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਸਮੁੱਚੇ ਪੰਥ ਵੱਲੋਂ ਸਹਿਯੋਗ ਕਰਦੇ ਹੋਏ ਤਖਤ ਸ੍ਰੀ ਹਜੂਰ ਸਾਹਿਬ ਦੀ ਕਮੇਟੀ ਦੀ ਸਰਪ੍ਰਸਤੀ ਹੇਠ ਮਨਾਏ ਗਏ। ਇਹ ਰਿਵਾਇਤ ਪਹਿਲਾਂ ਤੋਂ ਚਲਦੀ ਆ ਰਹੀ ਹੈ ਕਿ ਸ਼ਤਾਬਦੀ ਜਾਂ ਅਰਧ-ਸ਼ਤਾਬਦੀ ਸਮਾਗਮਾਂ ਨੂੰ ਸਮੁੱਚੀ ਕੌਮ ਤੇ ਪੰਥਕ ਜਥੇਬੰਦੀਆਂ ਮਿਲ ਕੇ ਸਬੰਧਤ ਅਸਥਾਨ ‘ਤੇ ਮਨਾਉਂਦੀਆਂ ਆ ਰਹੀਆਂ ਹਨ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਅਲੱਗ-ਅਲੱਗ ਪ੍ਰੋਗਰਾਮ ਉਲੀਕ ਕੇ ਨਵੀਂ ਪਿਰਤ ਨਾ ਪਾਈ ਜਾਵੇ।