ਨਵੀਂ ਦਿੱਲੀ – ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ ਵਿਚ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਨੂੰ 2021-22 ਤੋਂ 2025-26 ਤਕ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਸ ‘ਚ 93 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਖਰਚ ਕੀਤੇ ਜਾਣਗੇ। ਕੇਂਦਰੀ ਮੰਤਰੀ ਮੰਡਲ ਨੇ ਸੈਮੀਕੰਡਕਟਰ ਤੇ ਡਿਸਪਲੇ ਬੋਰਡਾਂ ਦੇ ਨਿਰਮਾਣ ਨੂੰ ਉਤਸ਼ਾਹਿਤ ਕਰਨ ਲਈ ਪੀਐਲਆਈ ਸਕੀਮ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਸਾਨਾਂ ਦੇ ਹਿੱਤ ਵਿਚ ਲਏ ਫੈਸਲੇ ਨੂੰ ਸਰਕਾਰ ਦਾ ਵੱਡਾ ਕਦਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਦੇਸ਼ ਦੇ 22 ਲੱਖ ਕਿਸਾਨਾਂ ਦੇ ਜੀਵਨ ਨੂੰ ਬਦਲ ਦੇਵੇਗੀ ਤੇ ਇਸ ਯੋਜਨਾ ਵਿਚ ਜਿੰਨੇ ਵੀ ਪ੍ਰੋਜੈਕਟ ਸ਼ਾਮਲ ਕੀਤੇ ਜਾਣਗੇ, ਉਨ੍ਹਾਂ ਨਾਲ ਲੱਖਾਂ ਕਿਸਾਨਾਂ ਦੀ ਜ਼ਿੰਦਗੀ ਬਦਲ ਜਾਵੇਗੀ ਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਹੋਵੇਗਾ।ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਇਹ ਵੀ ਦੱਸਿਆ ਕਿ ਦੇਸ਼ ਵਿਚ RuPay ਡੈਬਿਟ ਕਾਰਡ ਅਤੇ ਘੱਟ ਮੁੱਲ ਵਾਲੇ BHIM UPI ਰਾਹੀਂ ਡਿਜੀਟਲ ਲੈਣ-ਦੇਣ ਨੂੰ ਉਤਸ਼ਾਹਿਤ ਕਰਨ ਲਈ ਪ੍ਰੋਤਸਾਹਨ ਦਿੱਤੇ ਗਏ ਹਨ। ਇਸ ‘ਤੇ 1300 ਕਰੋੜ ਰੁਪਏ ਖਰਚ ਕੀਤੇ ਜਾਣਗੇ।ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਤਿਹਾਸਕ ਫੈਸਲਾ ਲਿਆ ਹੈ। ਇਸ ਦੇ ਨਾਲ ਦੇਸ਼ ਵਿਚ ਸੈਮੀਕੰਡਕਟਰ ਚਿਪਸ ਦੇ ਇਕ ਸੰਪੂਰਨ ਈਕੋਸਿਸਟਮ ਨੂੰ ਡਿਜ਼ਾਈਨ, ਫੈਬਰੀਕੇਟ, ਪੈਕੇਜਿੰਗ, ਟੈਸਟਿੰਗ ਤੇ ਵਿਕਸਤ ਕਰਨ ਦਾ ਫੈਸਲਾ ਲਿਆ ਗਿਆ ਹੈ। ਜਿਸ ਲਈ ਅੱਜ 76 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਨੂੰ ਮਨਜ਼ੂਰੀ ਦਿੱਤੀ ਗਈ ਹੈ।ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਅੱਜ ਭਾਰਤ ਦੇ ਲਗਭਗ 20 ਫੀਸਦੀ ਇੰਜੀਨੀਅਰ ਸੈਮੀਕੰਡਕਟਰ ਉਦਯੋਗ ਵਿੱਚ ਹਨ। ਇਸ ਸੰਖਿਆ ਨੂੰ ਵਧਾਉਣ ਲਈ, 85,000 ਉੱਚ ਯੋਗਤਾ ਪ੍ਰਾਪਤ, ਚੰਗੀ ਸਿਖਲਾਈ ਪ੍ਰਾਪਤ ਇੰਜੀਨੀਅਰਾਂ ਲਈ ਇੱਕ ਪ੍ਰੋਗਰਾਮ ‘ਚਿਪਸ ਟੂ ਸਟਾਰਟਅੱਪ’ ਬਣਾਇਆ ਗਿਆ ਹੈ। ਜਿਸ ਵਿੱਚ ਬੀ-ਟੈੱਕ, ਐਮ-ਟੈਕ, ਪੀਐਚਡੀ ਇੰਜੀਨੀਅਰ ਤਿਆਰ ਕੀਤੇ ਜਾਣਗੇ।