ਚੰਡੀਗੜ੍ਹ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਉਨ੍ਹਾਂ ਦੀ ਰਿਹਾਇਸ਼ ਵਿਖੇ ਪਹੁੰਚੇ । ਇਸ ਮੁਲਾਕਾਤ ਦੇ ਸਬੱਬ ਬਾਰੇ ਬਿੱਟੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਉਹ ਆਪਣੇੇ ਸਾਥੀਆਂ ਖਿਲਾਫ਼ ਦਰਜ ਝੂਠੇ ਕੇਸਾਂ ਦਾ ਵਿਰੋਧ ਕਰਨ ਲਈ ਮੁੱਖ ਮੰਤਰੀ ਨੂੰ ਮਿਲਣ ਆਏ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਹਾਰ ਦਾ ਬਦਲਾ ਲੈਣ ਲਈ ਉਨ੍ਹਾਂ ਦੇ ਨੇੜਲਿਆਂ ਖਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ। ਉਹ ਆਪਣੇ ਸਮਰਥਕਾਂ ਸਮੇਤ ਮੁੱਖ ਮੰਤਰੀ ਨੂੰ ਮਿਲਣ ਲਈ ਪਹੁੰਚੇ ਪਰ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਜਦੋਂ ਉਨ੍ਹਾਂ ਨੂੰ ਅੰਦਰ ਤੋਂ ਗੇਟ ‘ਤੇ ਹੀ ਰੋਕਿਆ ਗਿਆ ਤਾਂ ਬਿੱਟੂ ਆਪਣੇ ਨਾਲ ਲਿਆਂਦੀਆਂ ਦੋ ਐਫਆਈਆਰਜ਼ ਦੀਆਂ ਕਾਪੀਆਂ ਤਾਇਨਾਤ ਪੁਲਿਸ ਕਰਮੀਆਂ ਨੂੰ ਦਿਖਾਈਆਂ ਪਰ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਅੰਦਰ ਨਹੀਂ ਹਨ, ਇਸ ਲਈ ਉਨ੍ਹਾਂ ਨੂੁੰ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਸ ‘ਤੇ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਨਿਵਾਸ ‘ਤੇ ਨਹੀਂ ਹਨ ਪਰ ਉਹ ਜਿੱਥੇ ਵੀ ਹੋਣਗੇ, ਉਹ ਉਨ੍ਹਾਂ ਨੂੰ ਜ਼ਰੂਰ ਮਿਲਣਗੇ। ਉਸਨੂੰ ਇਸ ਤਰੀਕੇ ਨਾਲ ਉਨ੍ਹਾਂ ਨੂੰ ਮਿਲਣ ਤੋਂ ਨਹੀਂ ਰੋਕਿਆ ਜਾ ਸਕਦਾ। ਸੁਰੱਖਿਆ ਕਰਮਚਾਰੀਆਂ ਨੇ ਬਿੱਟੂ ਨੂੰ ਮੁੱਖ ਮੰਤਰੀ ਨਿਵਾਸ ਦੇ ਅੰਦਰ ਨਹੀਂ ਜਾਣ ਦਿੱਤਾ।
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਹੋਏ ਚੰਡੀਗੜ੍ਹ ਪੁਲਿਸ ਵੱਲੋਂ ਕੀਤੇ ਗਏ ਅਪਮਾਨਜਨਕ ਵਿਹਾਰ ਲਈ ਚੰਡੀਗੜ੍ਹ ਦੇ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਹੈ। ਸ਼ਿਕਾਇਤ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਲਈ ਇੱਕਲੇ ਗਏ ਸਨ ਪਰ ਉਥੇ ਮੌਜੂਦ ਚੰਡੀਗੜ੍ਹ ਪੁਲਿਸ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਬਦਸਲੂਕੀ ਅਤੇ ਅਪਮਾਨਜਨਕ ਵਿਹਾਰ ਨੇ ਮੈਨੂੰ ਬੇਹੱਦ ਨਿਰਾਸ਼ ਕੀਤਾ। ਉਨ੍ਹਾਂ ਕਿਹਾ ਕਿ ਬਾਵਜੂਦ ਇਸਦੇ ਕਿ ਮੈਂ ਇੱਕ ਕੇਂਦਰੀ ਰਾਜ ਮੰਤਰੀ ਹਾਂ, ਉਨ੍ਹਾਂ ਨੇ ਮੇਰੇ ਨਾਲ ਨਕਾਰਾਤਮਕ ਢੰਗ ਨਾਲ ਪੇਸ਼ ਆਉਂਦੇ ਹੋਏ ਬਦਤਮੀਜ਼ੀ ਕੀਤੀ ਅਤੇ ਸਰੀਰਕ ਹਿੰਸਾ ਵੀ ਕੀਤੀ। ਡਿਪਟੀ ਐਸਪੀ ਉਦੈਪਾਲ ਸਿੰਘ ਦੀ ਅਗਵਾਈ ਵਾਲੀ ਟੀਮ, ਜਿਸ ਵਿੱਚ 2 ਅਸਿਸਟੈਂਟ ਸਬ-ਇੰਸਪੈਕਟਰ ਅਤੇ 3 ਕਾਂਸਟੇਬਲ ਸ਼ਾਮਲ ਸਨ, ਨੇ ਮੇਰੇ ਨਾਲ ਗੱਲਬਾਤ ਦੌਰਾਨ ਦੁਰਵਿਹਾਰ ਕੀਤਾ।