ਨਵੀਂ ਦਿੱਲੀ – ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕਾਂਗਰਸ ਨੇਤਾਵਾਂ ਪਵਨ ਖੇੜਾ, ਜੈਰਾਮ ਰਮੇਸ਼, ਐੱਨ. ਡਿਸੂਜ਼ਾ ਅਤੇ ਕਾਂਗਰਸ ਪਾਰਟੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਸਮ੍ਰਿਤੀ ਇਰਾਨੀ ਨੇ ਕਾਂਗਰਸ ਅਤੇ ਇਸ ਦੇ ਨੇਤਾਵਾਂ ਨੂੰ ਬਿਨਾਂ ਸ਼ਰਤ ਲਿਖਤੀ ਮਾਫ਼ੀ ਮੰਗਣ ਅਤੇ ਤੁਰੰਤ ਪ੍ਰਭਾਵ ਨਾਲ ਦੋਸ਼ ਵਾਪਸ ਲੈਣ ਲਈ ਕਿਹਾ ਹੈ। ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸ਼ਨੀਵਾਰ ਨੂੰ ਕਾਂਗਰਸ ਦੇ ਉਨ੍ਹਾਂ ਦੋਸ਼ਾਂ ਨੂੰ ਖ਼ਾਰਜ ਕਰ ਦਿੱਤਾ ਕਿ ਉਨ੍ਹਾਂ ਦੀ ਬੇਟੀ ਗੋਆ ‘ਚ ਗ਼ੈਰ-ਕਾਨੂੰਨੀ ਬਾਰ ਚਲਾਉਂਦੀ ਹੈ। ਕੇਂਦਰੀ ਮੰਤਰੀ ਨੇ ਕਿਹਾ ਸੀ ਕਿ ਉਨ੍ਹਾਂ ਦੀ ਬੇਟੀ ਦੀ ਕੋਈ ਬਾਰ ਨਹੀਂ ਹੈ।
ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਸ਼ਨੀਵਾਰ ਨੂੰ ਕਾਂਗਰਸ ‘ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਲੜਕੀ ਨੂੰ ਸਿਰਫ਼ ਇਸ ਲਈ ਬਦਨਾਮ ਕੀਤਾ ਜਾ ਰਿਹਾ ਹੈ ਕਿਉਂਕਿ ਮੈਂ ਨੈਸ਼ਨਲ ਹੈਰਾਲਡ ਮਾਮਲੇ ‘ਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ 5,000 ਕਰੋੜ ਰੁਪਏ ਦੀ ਲੁੱਟ ਦਾ ਪਰਦਾਫਾਸ਼ ਕੀਤਾ ਸੀ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਨੇ ਚੁਣੌਤੀ ਦਿੱਤੀ ਸੀ ਕਿ ਰਾਹੁਲ ਗਾਂਧੀ ‘ਚ ਹਿੰਮਤ ਹੈ ਤਾਂ ਅਮੇਠੀ ਤੋਂ ਦੁਬਾਰਾ ਚੋਣ ਲੜਨ। ਉਹ ਰਾਹੁਲ ਗਾਂਧੀ ਨੂੰ ਫਿਰ ਹਰਾ ਦੇਵੇਗੀ। ਉਨ੍ਹਾਂ ਚਿਤਾਵਨੀ ਦਿੱਤੀ ਸੀ ਕਿ ਉਹ ਇਨ੍ਹਾਂ ਝੂਠੇ ਦੋਸ਼ਾਂ ਬਾਰੇ ਕਾਂਗਰਸ ਤੋਂ ਅਦਾਲਤ ਅਤੇ ਜਨਤਾ ਦੀ ਕਚਹਿਰੀ ਵਿੱਚ ਜਵਾਬ ਮੰਗੇਗੀ।