Punjab

ਕੇਂਦਰ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਕਰੇ: ਭਗਵੰਤ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੱਤੀ ਹੈ। ਉਨ੍ਹਾਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਜੋ ਪਿਛਲੇ 38 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਹਨ, ਨੂੰ ਇਲਾਜ ਲਈ ਜਬਰੀ ਹਸਪਤਾਲ ਭਰਤੀ ਕਰਵਾਉਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਇਸ ਬਾਬਤ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਭੇਜੇ ‘ਖੇਤੀ ਮੰਡੀ ਨੀਤੀ’ ਦੇ ਖਰੜੇ ਨੂੰ ਵੀ ਪੂਰਨ ਤੌਰ ’ਤੇ ਰੱਦ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਜ਼ਿੱਦ ਛੱਡ ਕੇ ਅੰਨਦਾਤੇ ਦੀ ਸਾਰ ਲੈਣ ਅਤੇ ਗੱਲਬਾਤ ਤੋਂ ਭੱਜਣ ਦੀ ਥਾਂ ਸੰਵਾਦ ਲਈ ਪਹਿਲ ਕਰਨ।

ਇਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ-ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਸੁਪਰੀਮ ਕੋਰਟ ਦਾ ਫ਼ੈਸਲਾ ਸਿਰ ਮੱਥੇ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਪ੍ਰਤੀ ਫ਼ਿਕਰਮੰਦ ਹੈ, ਪਰ ਉਹ ਅਜਿਹਾ ਕੋਈ ਕਦਮ ਨਹੀਂ ਚੁੱਕਣਗੇ ਜਿਸ ਨਾਲ ਕਿਸਾਨ ਤੇ ਪੁਲੀਸ ਆਪਸ ’ਚ ਹੀ ਉਲਝਣ। ਮੁੱਖ-ਮੰਤਰੀ ਨੇ ਕਿਹਾ ਕਿ ਉਹ ਖ਼ੁਦ ਕਿਸਾਨਾਂ ਤੇ ਕੇਂਦਰ ਦਰਮਿਆਨ ਪੁਲ ਦਾ ਕੰਮ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਡੱਲੇਵਾਲ ਨੂੰ ਚੁੱਕਣ ਵਾਸਤੇ ਏਅਰ ਐਂਬੂਲੈਂਸ ਅਤੇ ਕੇਂਦਰੀ ਬਲ ਤਾਂ ਭੇਜਣ ਦੀ ਗੱਲ ਕਰ ਰਹੀ ਹੈ, ਪਰ ਕਿਸਾਨਾਂ ਨੂੰ ਗੱਲਬਾਤ ਲਈ ਸੱਦਾ ਦੇਣ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਮੰਗਾਂ ਕੇਂਦਰ ਨਾਲ ਸਬੰਧਤ ਹਨ ਅਤੇ ਕਿਸਾਨਾਂ ਨੂੰ ਸ਼ੰਭੂ ਖਨੌਰੀ ਬਾਰਡਰ ’ਤੇ ਹਰਿਆਣਾ ਸਰਕਾਰ ਹੀ ਰੋਕ ਰਹੀ ਹੈ। ਮੁੱਖ-ਮੰਤਰੀ ਨੇ ‘ਪੰਜਾਬ ਬੰਦ’ ਦੇ ਹਵਾਲੇ ਨਾਲ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੇ ਕਦਮ ਨਾ ਚੁੱਕਣ ਜਿਸ ਨਾਲ ਆਮ ਲੋਕ ਤੰਗ ਪ੍ਰੇਸ਼ਾਨ ਹੋਣ। ਉਨ੍ਹਾਂ ਕਿਹਾ ਕਿ ‘ਪੰਜਾਬ ਬੰਦ’ ਨਾਲ ਸੂਬਾ ਸਰਕਾਰ ਨੂੰ ਸੌ ਕਰੋੜ ਦਾ ਘਾਟਾ ਪਿਆ ਹੈ।

ਇਸੇ ਦੌਰਾਨ ਮੁੱਖ-ਮੰਤਰੀ ਭਗਵੰਤ ਮਾਨ ਨੇ ਦੋ ਦਿਨ ਪਹਿਲਾਂ ਜਗਜੀਤ ਸਿੰਘ ਡੱਲੇਵਾਲ ਨਾਲ ਫ਼ੋਨ ’ਤੇ ਗੱਲਬਾਤ ਕਰਕੇ ਉਨ੍ਹਾਂ ਦੀ ਸਿਹਤ ਦਾ ਹਾਲ ਚਾਲ ਪੁੱਛਿਆ। ਉਨ੍ਹਾਂ ਕਿਸਾਨ ਆਗੂ ਨੂੰ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਤੋਂ ਜਾਣੂ ਕਰਾਇਆ। ਮੁੱਖ-ਮੰਤਰੀ ਨੇ ਡੱਲੇਵਾਲ ਨੂੰ ਆਪਣੀ ਸਿਹਤ ਖ਼ਤਰੇ ਵਿਚ ਨਾ ਪਾਉਣ ਦੀ ਅਪੀਲ ਕੀਤੀ ਹੈ।

ਦੂਜੇ ਪਾਸੇ ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਸਾਬਕਾ ਮੁੱਖ-ਮੰਤਰੀ ਵਿਜੈ ਰੂਪਾਨੀ ਨੇ ਮੁੱਖ-ਮੰਤਰੀ ਭਗਵੰਤ ਮਾਨ ’ਤੇ ਪਲਟਵਾਰ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਸੂਬਾ ਸਰਕਾਰ ਦੀ ਹੈ ਅਤੇ ਪੰਜਾਬ ਸਰਕਾਰ ਇਸ ’ਤੇ ਰਾਜਨੀਤੀ ਕਰ ਰਹੀ ਹੈ। ਭਾਜਪਾ ਦੇ ਸੀਨੀਅਰ ਆਗੂ ਤਰੁਨ ਚੁੱਘ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨੀ ਦੇ ਮਾਮਲੇ ’ਤੇ ਆਪਣੀ ਜ਼ਿੰਮੇਵਾਰੀ ਸਮਝੇ।

Related posts

ਜੇਐਸਡਬਲਯੂ ਕੰਪਨੀ ਖਿਲਾਫ਼ 14 ਜੁਲਾਈ ਨੂੰ ਲੋਕ ਸੁਣਵਾਈ ਵਿੱਚ ਪਹੁੰਚਣ ਦਾ ਸੱਦਾ !

admin

ਮੁੱਖ-ਮੰਤਰੀ ਵਲੋਂ ਪਵਿੱਤਰ ਨਗਰੀ ਦੇ ਲੋਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ !

admin

ਰਾਜੇਵਾਲ ਵਲੋਂ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਨੋਟੀਫਿਕੇਸ਼ਨ ਨੂੰ ਫੌਰੀ ਰੱਦ ਕਰਨ ਦੀ ਅਪੀਲ !

admin