ਨਵੀਂ ਦਿੱਲੀ – ਕੇਂਦਰ ਸਰਕਾਰ ਨੇ ਸੰਸਦ ਦੇ ਅਗਲੇ ਮੌਨਸੂਨ ਸੈਸ਼ਨ ਤੋਂ ਪਹਿਲਾਂ 21 ਜੁਲਾਈ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ। ਇਹ ਜਾਣਕਾਰੀ ਸੂਤਰਾਂ ਨੇ ਏਜੰਸੀ ਨਾਲ ਸਾਂਝੀ ਕੀਤੀ ਹੈ। ਇਹ ਵਿਰੋਧੀ ਧਿਰ ਦੇ ਆਗੂ ਵਜੋਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਦੀ ਪਹਿਲੀ ਮੀਟਿੰਗ ਹੋਵੇਗੀ। ਤਿ੍ਰਣਮੂਲ ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਪਾਰਟੀ ਦਾ ਕੋਈ ਵੀ ਨੁਮਾਇੰਦਾ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਵੇਗਾ ਕਿਉਂਕਿ ਪਾਰਟੀ ਵੱਲੋਂ 21 ਜੁਲਾਈ ਨੂੰ ਸ਼ਹੀਦੀ ਦਿਵਸ ਮਨਾਇਆ ਜਾਂਦਾ ਹੈ। 21 ਜੁਲਾਈ ਦਾ ਸ਼ਹੀਦੀ ਦਿਵਸ 13 ਕਾਂਗਰਸ ਸਮਰਥਕਾਂ ਦੀ ਯਾਦ ਵਿੱਚ ਮਨਾਇਆ ਜਾਂਦਾ ਹੈ ਜਿਨ੍ਹਾਂ ਨੂੰ 1993 ਵਿੱਚ ਕੋਲਕਾਤਾ ਪੁਲਿਸ ਵੱਲੋਂ ਰਾਜ ਸਕੱਤਰੇਤ ਰਾਇਟਰਜ਼ ਬਿਲਡਿੰਗਜ਼ ਵੱਲ ਮਾਰਚ ਦੌਰਾਨ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਉਸ ਵੇਲੇ ਸੀਪੀਆਈ (ਐਮ) ਦੀ ਅਗਵਾਈ ਵਾਲੇ ਖੱਬੇ ਮੋਰਚੇ ਦੀ ਸਰਕਾਰ ਸੀ। ਦੱਸਣਾ ਬਣਦਾ ਹੈ ਕਿ ਸੰਸਦ ਦਾ ਮੌਨਸੂਨ ਸੈਸ਼ਨ 22 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 12 ਅਗਸਤ ਨੂੰ ਸਮਾਪਤ ਹੋਵੇਗਾ। ਕੇਂਦਰ ਵੱਲੋਂ ਬਜਟ 23 ਜੁਲਾਈ ਨੂੰ ਪੇਸ਼ ਕੀਤਾ ਜਾਵੇਗਾ।