ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਜਲੰਧਰ ਵਿਖੇ ਜਲੰਧਰ ਸਮੇਤ 4 ਜ਼ਿਲ੍ਹਿਆਂ ਹੁਸ਼ਿਆਰਪੁਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦੋਆਬਾ ਖੇਤਰ ’ਚ ਕਣਕ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਚੱਲ ਰਹੇ ਕਣਕ ਦੇ ਖ਼ਰੀਦ ਸੀਜ਼ਨ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 8 ਲੱਖ ਤੋਂ ਵੱਧ ਕਿਸਾਨਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਵਿੱਚ 124 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਸੂਬਾ ਸਰਕਾਰ ਨੇ ਪੂਰੇ ਸੀਜ਼ਨ ਨੂੰ ਸੁਚਾਰੂ ਬਣਾਉਣ ਲਈ ਕਣਕ ਦੀ ਖ਼ਰੀਦ ਲਈ 28,894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਿਟ ਪਹਿਲਾਂ ਹੀ ਪ੍ਰਾਪਤ ਕਰ ਲਈ ਹੈ। ਰਾਜ ਭਰ ਵਿੱਚ 1864 ਖ਼ਰੀਦ ਕੇਂਦਰ (ਮੰਡੀਆਂ) ਸਥਾਪਤ ਕਰਨ ਤੋਂ ਇਲਾਵਾ ਬੰਪਰ ਫ਼ਸਲ ਦੇ ਮੱਦੇਨਜ਼ਰ 600 ਦੇ ਕਰੀਬ ਆਰਜ਼ੀ ਖ਼ਰੀਦ ਕੇਂਦਰ ਵੀ ਸਥਾਪਤ ਕੀਤੇ ਗਏ ਹਨ। ਮੰਡੀਆਂ ’ਚ ਲਿਆਂਦੀ ਕਿਸਾਨਾਂ ਦੀ ਕਣਕ ਦੇ ਦਾਣੇ-ਦਾਣੇ ਨੂੰ ਖ਼ਰੀਦਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦਹੁਰਾਉਂਦਿਆਂ ਉਨ੍ਹਾਂ ਕਿਹਾ ਕਿ ਫ਼ਸਲ ਦੀ ਖ਼ਰੀਦ ਦੇ 24 ਘੰਟਿਆਂ ਦੇ ਅੰਦਰ ਕਿਸਾਨਾਂ ਨੂੰ ਅਦਾਇਗੀ ਯਕੀਨੀ ਬਣਾਈ ਜਾਵੇਗੀ।
previous post