ਨਵੀਂ ਦਿੱਲੀ – ਵਿਸ਼ਵ ਸਿਹਤ ਸੰਗਠਨ ਵੱਲੋਂ ਕੋਵੈਕਸੀਨ ਦੀ ਮਨਜ਼ੂਰੀ ‘ਤੇ ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਕਿਹਾ ਕਿ ਡਬਲਯੂਐਚਓ ਕੋਲ ਇਕ ਪ੍ਰਣਾਲੀ ਹੈ, ਜਿਸ ‘ਚ ਇਕ ਤਕਨੀਕੀ ਕਮੇਟੀ ਹੈ ਜਿਸ ਨੇ ਕੋਵੈਕਸੀਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਦਕਿ ਦੂਜੀ ਕਮੇਟੀ ਦੀ ਅੱਜ ਮੀਟਿੰਗ ਹੋ ਰਹੀ ਹੈ। ਕੋਵੈਕਸੀਨ ਨੂੰ ਅੱਜ ਦੀ ਮੀਟਿੰਗ ਦੇ ਆਧਾਰ ‘ਤੇ ਮਨਜ਼ੂਰੀ ਦਿੱਤੀ ਜਾਵੇਗੀ। ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ AY 4.2 ਬਾਰੇ ਉਨ੍ਹਾਂ ਕਿਹਾ ਕਿ ਇਕ ਟੀਮ ਇਸ ਨਵੇਂ ਵੇਰੀਐਂਟ ਦੀ ਜਾਂਚ ਕਰ ਰਹੀ ਹੈ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਅਤੇ ਨੈਸ਼ਨਲ ਸੈਂਟਰ ਫਾਰ ਡਿਜ਼ੀਜ਼ ਕੰਟਰੋਲ (NCDC) ਦੀਆਂ ਟੀਮਾਂ ਨੂੰ ਵੱਖ-ਵੱਖ ਕਿਸਮਾਂ ਦਾ ਅਧਿਐਨ ਅਤੇ ਵਿਸ਼ਲੇਸ਼ਣ ਕਰਨ ਦਾ ਕੰਮ ਸੌਂਪਿਆ ਗਿਆ ਹੈ। ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ‘ਤੇ ਸਿਹਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ‘ਚ ਦੇਸ਼ ਕਿਸੇ ਵੀ ਮਹਾਮਾਰੀ ਨਾਲ ਲੜਨ ਦੇ ਸਮਰੱਥ ਹੋਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਸਿਹਤ ਬੁਨਿਆਦੀ ਢਾਂਚਾ ਮਿਸ਼ਨ ‘ਤੇ 5 ਸਾਲਾਂ ‘ਚ 64,000 ਕਰੋੜ ਰੁਪਏ ਖਰਚ ਕੀਤੇ ਜਾਣਗੇ। ਟੀਚਾ ਬਲਾਕ, ਜ਼ਿਲ੍ਹਾ, ਖੇਤਰੀ ਤੇ ਰਾਸ਼ਟਰੀ ਪੱਧਰ ‘ਤੇ ਚੰਗੀਆਂ ਪ੍ਰਯੋਗਸ਼ਾਲਾਵਾਂ ਦਾ ਹੋਣਾ ਹੈ। ਇਸ ਯੋਜਨਾ ਵਿੱਚ ਅਗਲੇ 5 ਸਾਲਾਂ ‘ਚ ਇਕ ਜ਼ਿਲ੍ਹੇ ‘ਚ ਔਸਤਨ 90-100 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ‘ਤੇ ਅਸੀਂ ਕੈਂਸਰ, ਸ਼ੂਗਰ ਵਰਗੀਆਂ ਬਿਮਾਰੀਆਂ ਦੇ ਇਲਾਜ ਅਤੇ ਪ੍ਰਾਇਮਰੀ ਪੱਧਰ ਦੀ ਜਾਂਚ ਲਈ 1,50,000 ਸਿਹਤ ਅਤੇ ਤੰਦਰੁਸਤੀ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਦੇਸ਼ ‘ਚ 79,000 ਤੋਂ ਵੱਧ ਕੇਂਦਰਾਂ ਦਾ ਉਦਘਾਟਨ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ 157 ਨਵੇਂ ਮੈਡੀਕਲ ਕਾਲਜਾਂ ਨੂੰ ਮਨਜ਼ੂਰੀ ਦਿੱਤੀ ਹੈ। ਮੈਡੀਕਲ ਵਿਦਿਆਰਥੀਆਂ ਦੀਆਂ ਸੀਟਾਂ ਲਗਪਗ ਦੁੱਗਣੀਆਂ ਹੋ ਗਈਆਂ ਹਨ। ਅਸੀਂ ਲੋਕਾਂ ਨੂੰ ਸਸਤੇ ਇਲਾਜ ਨੂੰ ਯਕੀਨੀ ਬਣਾਉਣ ਲਈ ਇਕ ਸੰਪੂਰਨ ਢੰਗ ਨਾਲ ਕੰਮ ਕੀਤਾ ਹੈ।
previous post