
26 ਮਈ 2014 ਨੂੰ ਭਾਜਪਾ ਆਗੂ ਨਰੇਂਦਰ ਮੋਦੀ ਨੇ ਦੇਸ਼ ਭਾਰਤ ਦੇ ਪ੍ਰਧਾਨ ਮੰਤਰੀ ਦੀ ਕੁਰਸੀ ਸੰਭਾਲੀ। ਗਿਆਰਾਂ ਸਾਲ, ਗਿਆਰਾਂ ਦਿਨ ਬੀਤ ਗਏ ਹਨ, ਉਹਨਾ ਨੂੰ ਇਹ ਸ਼ਕਤੀਸ਼ਾਲੀ ਅਹੁਦਾ ਸੰਭਾਲਿਆਂ।
ਮੋਦੀ ਜੀ ਦੇ ਸ਼ਬਦਾਂ ਦਾ ਸੰਖੇਪ ਜਾਣੀਏ ਤਾਂ ਉਹ ਇਹ ਕਹਿੰਦੇ ਹਨ ਕਿ ਇਸ ਸਮੇਂ ਵਿੱਚ ਉਹਨਾਂ ਉਹ ਕੰਮ ਕੀਤੇ ਹਨ, ਜਿਹੜੇ (ਆਜ਼ਾਦੀ ਦਿਹਾੜੇ) 15 ਅਗਸਤ 1947 ਜਾਂ (ਗਣਤੰਤਰ ਦਿਹਾੜੇ) 26 ਜਨਵਰੀ 1950 ਤੋਂ ਬਾਅਦ 2014 ਤੱਕ ਕਿਸੇ ਪ੍ਰਧਾਨ ਮੰਤਰੀ ਜਾਂ ਕਿਸੇ ਸਰਕਾਰ ਨੇ ਨਹੀਂ ਕੀਤੇ। ਉਹਨਾਂ ਤੋਂ ਪਹਿਲਾਂ ਸਾਰੇ ਪ੍ਰਧਾਨ ਮੰਤਰੀਆਂ ਨੇ ਤਾਂ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਹੀ ਕੀਤਾ ਹੈ, ਲੋਕਾਂ ਲਈ ਕੋਈ ਕੰਮ ਨਹੀਂ ਕੀਤਾ। ਗਿਆਰਾਂ ਸਾਲਾਂ, ਗਿਆਰਾਂ ਦਿਨਾਂ ਚ ਸਿਰਫ਼ ਉਹਨਾਂ ਨੇ ਹੀ ਦੇਸ਼ ਚ ਵਿਕਾਸ ਦੀਆਂ ਨੇਰ੍ਹੀਆਂ ਲਿਆ ਦਿੱਤੀਆਂ ਹਨ। ਲੋਕਾਂ ਦੇ ਪੈਰ੍ਹਾਂ ਥੱਲੇ ਮੱਖਮਲ ਵਿਛਾ ਦਿੱਤੀ ਹੈ। ਚੱਪਲਾਂ ਵਾਲੇ ਵੀ ਜਹਾਜ਼ੇ ਚੜ੍ਹਾ ਦਿੱਤੇ ਹਨ।
ਦੇਸ਼ ‘ਚ ਅਮੀਰ ਅਤੇ ਵੱਡੇ ਅਮੀਰ 20 ਫ਼ੀਸਦੀ ਹਨ, ਅਤੇ ਬਹੁਤ ਗਰੀਬ 20 ਫ਼ੀਸਦੀ ਹਨ। ਇਹਨਾਂ ਦੋਹਾਂ ਵਰਗਾਂ ਚ ਨਾ-ਬਰਾਬਰੀ ਇੰਨੀ ਵੱਡੀ ਹੈ ਕਿ ਨੇੜ ਭਵਿੱਖ ਵਿੱਚ ਇਹ ਖੱਪਾ ਪੂਰਾ ਹੋਣ ਦੇ ਕੋਈ ਆਸਾਰ ਹੀ ਨਹੀਂ। ਹੇਠਲੇ 20 ਫ਼ੀਸਦੀ ਲੋਕਾਂ ‘ਚ ਡਰ ਦੀ ਭਾਵਨਾ ਹੈ, ਅਸੁਰੱਖਿਆ ਹੈ। ਦੇਸ਼ ਬਹੁ ਗਿਣਤੀ, ਸੰਪਰਦਾਇਕ ਅਤੇ ਜਾਤੀ ਸੰਘਰਸ਼ ਦਾ ਸਾਹਮਣਾ ਕਰ ਰਿਹਾ ਹੈ। ਨਫ਼ਰਤੀ ਭਾਸ਼ਣ ਅਤੇ ਲਿਖਤਾਂ, ਸਰਕਾਰਾਂ ਤੇ ਪੂੰਜੀਪਤੀਆਂ ‘ਚ ਖੁੱਲਾ ਗੱਠਜੋੜ, ਅਪਰਾਧਿਕ ਰੁਚੀਆਂ ਚ ਵਾਧਾ, ਨਿਆਪਾਲਿਕਾ ਦਾ ਪਤਨ, ਸੰਘੀ ਢਾਂਚੇ ‘ਚ ਤਰੇੜਾਂ ਨਹੀਂ ਦਰਾੜਾਂ ਅਤੇ ਵੱਧ ਰਹੀਆਂ ਹਾਕਮਾਂ ਦੀਆਂ ਡਿਕਟੇਟਰਾਨਾਂ ਰੁਚੀਆਂ ਨੇ ਦੇਸ਼ ਨੂੰ ਤਬਾਹੀ ਕੰਢੇ ਲਿਆ ਖੜਾ ਕੀਤਾ ਹੈ। ਕਿੱਡੀ ਵੱਡੀ ਹੈ ਇਹ ਪ੍ਰਾਪਤੀ ਇੰਨੇ ਵਰ੍ਹਿਆਂ ‘ਚ!
ਸਿਖਰਲੇ ਅਤੇ ਹੇਠਲੇ ਵਰਗਾਂ ਦਾ ਅੰਤਰ ਅਤੇ ਸਿਖਰਲਿਆਂ ਨੂੰ ਬਖ਼ਸ਼ੀਆਂ ਜਾ ਰਹੀਆਂ ਹਕੂਮਤੀ ਸੁਵਿਧਾਵਾਂ ਇਸ ਗੱਲੋਂ ਪ੍ਰਮਾਣਿਤ ਹਨ ਕਿ ਅਹਿਮਦਾਬਾਦ ਅਤੇ ਮੁੰਬਈ ਵਿਚਕਾਰ ਚਲਾਈ ਜਾਣ ਵਾਲੀ ਬੁਲਟ ਟ੍ਰੇਨ ਪ੍ਰਯੋਜਨਾ ਉੱਤੇ 1,08,000 ਕਰੋੜ ਖ਼ਰਚੇ ਜਾਣੇ ਹਨ ਜਦ ਕਿ ਧਨ ਦੀ ਭਾਰੀ ਘਾਟ ਕਾਰਨ ਰੇਲ ਵਿੱਚ ਆਮ ਲੋਕਾਂ ਲਈ ਸੁਵਿਧਾਵਾਂ ਤਹਿਸ਼-ਨਹਿਸ਼ ਹੋਈਆਂ ਪਈਆਂ ਹਨ। 2014 ਤੋਂ 2025 ਵਿਚਕਾਰ 29,970 ਲੋਕ ਰੇਲ ਹਾਦਸਿਆਂ ‘ਚ ਮਾਰੇ ਗਏ ਅਤੇ 30,214 ਜ਼ਖ਼ਮੀ ਹੋਏ, ਇਹ ਦੇਸ਼ ਦੇ ਸਭ ਤੋਂ ਵੱਡੇ ਮਹਿਕਮੇ ‘ਚ ਵਾਪਰਿਆ ਹੈ।
ਦੇਸ਼ ਦੇ ਬਿਹਤਰ ਜੀਵਨ ਦੀ ਕੁੰਜੀ, ਉਸ ਦੇਸ਼ ਦੇ ਨਾਗਰਿਕ ਦੀ ਪ੍ਰਤੀ ਜੀਅ ਆਮਦਨ ਹੈ ਨਾ ਕਿ ਜੀਡੀਪੀ ਦਾ ਆਕਾਰ। ਦੇਸ਼ ਦੀ ਪ੍ਰਤੀ ਜੀਅ ਆਮਦਨ 10 ਸਾਲਾਂ ਵਿੱਚ 1,438 ਅਮਰੀਕੀ ਡਾਲਰ ਤੋਂ 2,711 ਡਾਲਰ ਤੱਕ ਵਧੀ ਅਤੇ ਗਿਆਰਵੇਂ ਸਾਲ ਇਹ 2,878 ਤੱਕ ਪਹੁੰਚੀ। ਇਸ ਲਿਹਾਜ ਨਾਲ ਭਾਰਤ 196 ਦੇਸ਼ਾਂ ਵਿੱਚੋਂ 136ਵੇਂ ਸਥਾਨ ‘ਤੇ ਹੈ। ਵਿਕਸਿਤ ਦੇਸ਼ ਬਣਨ ਲਈ ਕਿਸੇ ਦੇਸ਼ ਦੀ ਆਮਦਨ ਪ੍ਰਤੀ ਜੀਅ 14,000 ਡਾਲਰ ਜ਼ਰੂਰੀ ਹੈ। ਦੇਸ਼ ਦਾ ਆਮ ਨਾਗਰਿਕ ਕਦੋਂ ਇਸ ਆਮਦਨ ਪੱਧਰ ‘ਤੇ ਪੁੱਜ ਸਕੇਗਾ? ਜਦ ਕਿ ਉਸ ਦੇ ਆਰਥਿਕ ਹਾਲਾਤ ਬਹੁਤ ਪਤਲੇ ਹਨ। ਪਰ ਦੇਸ਼ ਦਾ ਵੱਡਾ, ਵਿਸ਼ੇਸ਼ ਵਰਗ ਵੱਡੀਆਂ ਉਡਾਰੀਆਂ ਭਰ ਰਿਹਾ ਹੈ।
ਪਿਛਲੇ ਦਿਨੀ ਅਖ਼ਬਾਰਾਂ ਦੀਆਂ ਸੁਰਖੀਆਂ ਚ ਇਹ ਖਬਰ ਛਾਈ ਹੋਈ ਹੈ ਕਿ ਭਾਰਤ ਵਿੱਚ ਗਰੀਬੀ ਘੱਟ ਗਈ ਹੈ। ਗਰੀਬੀ ਤੋਂ ਹੇਠਲੇ ਪੱਧਰ ‘ਤੇ ਬਹੁਤ ਘੱਟ ਲੋਕ ਰਹਿ ਗਏ ਹਨ। ਗਰੀਬੀ ਦੇ ਸ਼ਹਿਰਾਂ ‘ਚ ਦਰਸ਼ਨ ਕਰਨੇ ਹੋਣ ਤਾਂ ਮੁੰਬਈ ਚ ਮਰੀਨ ਡਰਾਈਵ ‘ਤੇ ਜਾਓ, ਪਤਾ ਲੱਗ ਜਾਏਗਾ ਕਿ ਦਹਾਕਿਆਂ ਤੋਂ ਇੱਥੇ ਲੋਕ ਬਿਨਾਂ ਛੱਤ ਤੋਂ ਬਸੇਰਾ ਕਰਦੇ ਹਨ। ਬੱਚੀਆਂ ਚੂੜੀਆਂ ਵੇਚ ਕੇ ਗੁਜ਼ਾਰਾ ਕਰਦੀਆਂ ਹਨ ਅਤੇ ਮਸਾਂ ਢਿੱਡ ਭਰਦੀਆਂ ਹਨ। ਹੈਰਾਨੀ ਵਾਲੀ ਗੱਲ ਹੈ ਕਿ ਕੀ ਇਹ ਗਰੀਬੀ ਨਹੀਂ? ਪਰ ਦੂਜੇ ਪਾਸੇ ਗਗਨ ਚੁੰਬੀ ਇਮਾਰਤਾਂ, ਹਾਈਵੇ ਵੱਧ ਰਹੇ ਹਨ। ਕਿਸ ਵਾਸਤੇ ਤੇ ਕਿਉਂ?
ਯਾਦ ਕਰ ਸਕਦੇ ਹੋ ਕਰੋਨਾ ਕਾਲ ਨੂੰ ਜਦੋਂ ਸ਼ਹਿਰਾਂ ਚੋਂ ਕੰਮ ਕਰਦੇ ਮਜ਼ਦੂਰ ਫੈਕਟਰੀਆਂ ਤੇ ਕਾਰੋਬਾਰ ਬੰਦ ਹੋਣ ਕਾਰਨ, ਪੈਦਲ ਆਪਣੇ ਪਿਛਲੇ ਪਿੰਡਾਂ ਤੱਕ ਚਾਲੇ ਪਾ ਗਏ। ਸਿਰਫ਼ ਮਗਨਰੇਗਾ ਹੀ ਇਕ ਸਕੀਮ ਸੀ, ਜਿਸ ਅਧੀਨ ਇਹ ਕਾਮੇ ਪਿੰਡਾਂ ਚ ਕੰਮ ‘ਤੇ ਲੱਗੇ ਤੇ ਮਜ਼ਦੂਰਾਂ ਪ੍ਰਤੀ ਦਿਨ 250 ਰੁਪਏ ਪ੍ਰਾਪਤ ਕਰ ਸਕੇ, ਉਹ ਵੀ ਸਾਲ ਦੇ 100 ਦਿਨ ਪਰ ਭੁੱਖੇ ਮਰਨੋਂ ਬਚੇ ਰਹੇ। ਇਸ ਕਾਲ ਦੀ ਪ੍ਰਾਪਤੀ ਵੇਖੋ, ਸੈਂਕੜੇ ਹੋਰ ਧਨਾਡ ਅਰਬਪਤੀਆਂ ਦੀ ਲਿਸਟ ਵਿੱਚ ਸ਼ਾਮਿਲ ਹੋ ਗਏ।
ਪਰ ਸਵਾਲ ਹੈ ਕਿ 11 ਸਾਲਾਂ 11 ਦਿਨਾਂ ਦੇ ਸ਼ਾਸਨ ਕਾਲ ਚ ਕਿ ਮੋਦੀ ਜੀ ਦੀ ਸਰਕਾਰ ਗਰੀਬੀ ਹਟਾਉਣ ਦੇ ਨਵੇਂ ਢੰਗ ਤਰੀਕੇ, ਸਾਧਨ ਲੱਭ ਸਕੀ? ਉਸ ਵੱਲੋਂ ਮਗਨਰੇਗਾ ਨੂੰ ਨਿੰਦਿਆ ਗਿਆ। ਪਹਿਲੀਆਂ ਚਲਦੀਆਂ ਵਿਕਾਸ ਸਕੀਮਾਂ ਦੇ ਰੰਗ-ਢੰਗ ਬਦਲ ਦਿੱਤੇ ਗਏ। ਹੁਣ ਯੋਜਨਾਵਾਂ ਬਣਦੀਆਂ ਹਨ ਉਹ, ਜਿਹੜੀਆਂ ਹਾਕਮਾਂ ਪੱਲੇ ਵੋਟ ਪਾਉਂਦੀਆਂ ਹਨ। ਮਹਾਰਾਸ਼ਟਰ ਸੂਬੇ ਦੀ ਚੋਣ ਜਿੱਤਣ ਲਈ ਭਾਰਤੀ ਜਨਤਾ ਪਾਰਟੀ ਨੇ “ਲਾਡਲੀ ਬਹਿਨਾ” ਯੋਜਨਾ ਬਣਾ ਲਈ । ਜਾਂ ਫਿਰ ਸਰਕਾਰਾਂ ਇਹੋ ਜਿਹੇ ਢੰਗ ਤਰੀਕੇ ਲੱਭਦੀਆਂ ਹਨ ਲੋਕਾਂ ਨੂੰ ਖੈਰਾਤ ਵੰਡਣ ਦੇ, ਜਿਸ ਨਾਲ ਉਨਾਂ ਦੀ ਪਾਰਟੀ ਤਾਕਤ ਚ ਆਉਂਦੀ ਹੈ। ਇਹ ਖੈਰਾਤਾਂ ਲੈਣ ਲਈ ਲੰਬੀਆਂ ਕਤਾਰਾਂ ਲੱਗਦੀਆਂ ਹਨ, ਕਿੰਨਾਂ ਲੋਕਾਂ ਦੀਆਂ ਆਖ਼ਰ? ਬਿਨਾਂ ਸ਼ੱਕ ਗਰੀਬਾਂ ਦੀਆਂ । 80 ਕਰੋੜ ਇਹੋ ਗਰੀਬ ਲੋਕ ਉਹ ਮੁਫ਼ਤ ਦਾ ਰਾਸ਼ਨ ਪ੍ਰਾਪਤ ਕਰਦੇ ਹਨ ਤਾਂ ਫਿਰ ਗਰੀਬਾਂ ਦੀ ਲਿਸਟ ਕਿਵੇਂ ਘਟੀ? 4,026 ਦਿਨਾਂ ਦੀ ਮੋਦੀ ਹਕੂਮਤ ਆਮ ਲੋਕਾਂ ਪੱਲੇ ਕੀ ਪਾ ਸਕੀ?
ਇੱਕ ਵਿਕਾਸਸ਼ੀਲ ਦੇਸ਼ ਆਪਣੀ ਤਰੱਕੀ ਦੀ ਵਾਰਤਾ ਵੱਡੇ ਅੰਕੜਿਆਂ ਚ ਦਿਖਾਉਂਦੇ ਹਨ। ਦੱਸਦੇ ਹਨ ਕਿ ਵੱਡੀ ਮਾਤਰਾ ਚ ਸਕੂਲ ਖੋਲੇ, ਸੜਕਾਂ ਦਾ ਨਿਰਮਾਣ ਹੋਇਆ ਹੈ। ਪਰ ਕੀ ਮਾਤਰਾ ਵਿੱਚ ਵਾਧਾ ਦੇਸ਼ ਦੀ ਤਰੱਕੀ ਹੈ? ਕੀ ਚੰਗਾ ਰਾਜ ਪ੍ਰਬੰਧ ਹੈ? ਚੰਗਾ ਰਾਜ ਪ੍ਰਬੰਧ ਉਸਨੂੰ ਮੰਨਿਆ ਜਾਂਦਾ ਹੈ ਜਦ ਦੇਸ਼ ‘ਚ ਸਾਰਿਆਂ ਲਈ ਵਧੀਆ, ਮਜ਼ਬੂਤ ਅਤੇ ਨਿਆ ਸੰਗਤ ਵਿਵਸਥਾ ਹੋਵੇ ਅਤੇ ਹਰ ਵਿਅਕਤੀਆਂ ਨੂੰ ਸੰਤੁਸ਼ਟੀ ਹੋਵੇ ਕਿ ਉਸਦਾ ਅਤੇ ਉਸਦੇ ਪਰਿਵਾਰ ਦਾ ਭਵਿੱਖ ਹੋਰ ਵੀ ਚੰਗੇਰਾ ਬਣੇਗਾ। ਪਰ 11 ਸਾਲ 11 ਦਿਨ ਚੰਗਾ ਰਾਜ ਪ੍ਰਬੰਧ ਨਹੀਂ ਦੇ ਸਕਿਆ। ਕੀ ਮੋਦੀ ਜੀ ਦੱਸ ਸਕਦੇ ਹਨ ਕਿ ਕਿੰਨੇ ਲੱਖ ਲੋਕਾਂ ਦਾ ਜੀਵਨ ਪੱਧਰ ਵਧਿਆ? ਕਿੰਨੇ ਲੱਖ ਲੋਕਾਂ ਨੂੰ ਬਿਹਤਰ ਰੁਜ਼ਗਾਰ ਮਿਲਿਆ। ਕੀ ਲੋਕ ਇਸ ਸਮੇਂ ਦੌਰਾਨ ਬੇਰੁਜ਼ਗਾਰੀ, ਗਰੀਬੀ ਤੋਂ ਡਰ ਰਹਿਤ ਹੋ ਸਕੇ?
ਇਸ ਤੋਂ ਵੀ ਵੱਡੀ ਗੱਲ ਇਹ ਜਾਨਣ ਵਾਲੀ ਹੈ ਕਿ ਇਸ ਸਮੇਂ ਦੌਰਾਨ ਕਿ ਭਾਰਤ ‘ਚ ਨਿਆ ਸੰਗਤ ਵਿਵਸਥਾ ਬਣ ਸਕੀ ਹੈ? ਕੀ ਕਾਨੂੰਨ ਵਿਵਸਥਾ ਚੰਗੀ ਹੋਈ ਹੈ? ਕੀ ਲੋਕ ਪਹਿਲਾਂ ਨਾਲੋਂ ਸੌਖਾ ਮਹਿਸੂਸ ਕਰ ਸਕੇ ਹਨ? ਕੀ ਔਰਤਾਂ ਮਾਨਸਿਕ ਤੌਰ ‘ਤੇ ਸੁਰੱਖਿਅਤ ਮਹਿਸੂਸ ਕਰਦੀਆਂ ਹਨ?
ਇਹਨਾਂ ਸਾਲਾਂ ਚ ਵੱਡੀਆਂ ਸ਼ਰਮਨਾਕ ਘਟਨਾਵਾਂ ਵਾਪਰੀਆਂ ਹਨ। ਮਣੀਪੁਰ, ਦਿੱਲੀ ਅਤੇ ਦੇਸ਼ ਦੇ ਹੋਰ ਕਈ ਥਾਵਾਂ ਉੱਤੇ ਫਿਰਕੂ ਫਸਾਦ ਹੋਏ, ਉਸ ਕਾਰਨ ਦੇਸ਼ ਦੇ ਘੱਟ ਗਿਣਤੀ ਲੋਕ ਅਸੁਰੱਖਿਅਤ ਹੋਏ । ਕਈ ਹਾਲਤਾਂ ‘ਚ ਘੱਟ ਗਿਣਤੀ ਲੋਕ ਆਪਣੇ-ਆਪ ਨੂੰ ਦੂਜੇ ਦਰਜੇ ਦੇ ਸ਼ਹਿਰੀ ਮੰਨਣ ਲੱਗ ਪਏ, ਜਿਹੜੇ ਲਗਾਤਾਰ ਧਾਰਮਿਕ ਬਹੁ ਗਿਣਤੀ ਲੋਕਾਂ ਦੇ ਧੱਕੇ, ਧੌਂਸ ਦਾ ਸ਼ਿਕਾਰ ਹੋਏ ਹਨ।
2014 ‘ਚ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਂਗਡੋਰ ਸੰਭਾਲੀ ਸੀ ਤਾਂ ਦੇਸ਼ ਦੀ ਪਾਰਲੀਮੈਂਟ ‘ਚ ਗਿਣਤੀ ਦੇ ਕੁਝ ਵਿਅਕਤੀ ਹੀ ਸਨ, ਜਿਨਾਂ ਉਤੇ ਅਪਰਾਧਿਕ ਕੇਸ ਦਰਜ ਸਨ। ਮੋਦੀ ਜੀ ਨੇ ਐਲਾਨਿਆ ਸੀ ਕਿ ਕਿਸੇ ਉਸ ਵਿਅਕਤੀ ਨੂੰ ਦੇਸ਼ ਦੀ ਕਾਨੂੰਨ ਘੜਨੀ ਸਭਾ ‘ਚ ਬੈਠਣ ਦੀ ਆਗਿਆ ਉਹ ਅੱਗੋਂ ਤੋਂ ਨਹੀਂ ਦੇਣਗੇ, ਜਿਨਾਂ ‘ਤੇ ਅਪਰਾਧਿਕ ਮਾਮਲੇ ਹਨ। ਪਰ 2024 ਦੀ ਪਾਰਲੀਮੈਂਟ ਚ 46 ਫ਼ੀਸਦੀ ਮੈਂਬਰ ਪਾਰਲੀਮੈਂਟ, ਅਪਰਾਧਿਕ ਕੇਸਾਂ ਵਾਲੇ ਬੈਠੇ ਹਨ। ਇਹ ਪਿਛਲੇ ਸਮੇਂ ਦੀ ਰਿਕਾਰਡ ਗਿਣਤੀ ਹੈ। ਕੀ ਇਸ ਨੂੰ 11 ਸਾਲਾਂ ਦੀ ਵੱਡੀ ਪ੍ਰਾਪਤੀ ਚ ਸ਼ਾਮਿਲ ਕੀਤਾ ਜਾਵੇ ਕਿ ਦੇਸ਼ ‘ਚ ਧੰਨ ਕੁਬੇਰ ਅਪਰਾਧਿਕ ਪਿਛੋਕੜ ਵਾਲੇ ਧੱਕੜ ਲੋਕਾਂ ਦਾ ਕਬਜ਼ਾ ਹੋ ਗਿਆ ਹੈ? ਕੀ ਇਹਨਾਂ ਤੋਂ ਆਮ ਆਦਮੀ ਨੂੰ ਕੋਈ ਇਨਸਾਫ਼ ਮਿਲਣ ਦੀ ਤਵੱਕੋ ਹੈ ?
ਦੇਸ਼ ਦੀ ਸਾਰੀ ਸ਼ਕਤੀ ਪ੍ਰਧਾਨ ਮੰਤਰੀ ਦੇ ਹੱਥਾਂ ‘ਚ ਕੇਂਦਰਿਤ ਹੈ। ਸਵੇਰੇ-ਸ਼ਾਮ ਉਨਾਂ ਦੇ ਨਾਂ ਦੀ ਮਾਲਾ ਮੀਡੀਆ ‘ਚ ਜਪੀ ਜਾਂਦੀ ਹੈ। ਪਾਰਟੀ ਪੱਧਰ ਉੱਤੇ ਉਹਨਾਂ ਦਾ ਵੱਡਾ ਜਸ ਗਾਇਆ ਜਾਂਦਾ ਹੈ। ਇਨਾਂ ਸ਼ਕਤੀਆਂ ਦੇ ਬਾਵਜੂਦ ਜੇਕਰ ਦੇਸ਼ ਬਿਹਤਰ, ਜ਼ਿਆਦਾ ਮਜ਼ਬੂਤ ਅਤੇ ਨਿਆ ਸੰਗਤ ਨਹੀਂ ਬਣਦਾ ਤਾਂ ਉਸ ਦੀ ਕਾਰਗੁਜ਼ਾਰੀ ਉੱਤੇ ਪ੍ਰਸ਼ਨ ਚਿੰਨ ਤਾਂ ਲੱਗਣਗੇ ਹੀ।
ਰਾਜ ਭਾਗ ਦੇ ਇੰਨੇ ਸਾਲਾਂ ਚ ਮੋਦੀ ਜੀ ਨੇ ਅੱਧੇ ਤੋਂ ਵੱਧ ਦੁਨੀਆਂ ਦੇ ਦੇਸ਼ਾਂ ਦਾ ਦੌਰਾ ਕਰ ਲਿਆ ਆਪਣੀ ਸਖਸ਼ੀਅਤ ਦੇ ਉਭਾਰ ਲਈ। ਉਹਨਾ ਨੇ ਕਿੰਨੇ ਦੇਸ਼ ਮਿੱਤਰ ਬਣਾਏ, ਉਹ ਇਸ ਗੱਲ ਤੋਂ ਵੇਖਿਆ ਜਾ ਸਕਦਾ ਹੈ ਕਿ ਪਾਕਿਸਤਾਨ ਨਾਲ ਕੁਝ ਦਿਨਾਂ ਦੀ ਲੜਾਈ ਦੌਰਾਨ ਕੋਈ ਵੀ ਦੇਸ਼ ਉਹਨਾਂ ਨਾਲ ਨਹੀਂ ਖੜਿਆ, ਅਮਰੀਕਾ ਵੀ ਨਹੀਂ। ਉਹਨਾਂ ਇਹਨਾਂ ਸਾਲਾਂ ‘ਚ ਦੇਸ਼ ਦੀ ਵਿਦੇਸ਼ੀ ਨੀਤੀ ਨਾਲ ਜਿਵੇਂ ਖਿਲਵਾੜ ਕੀਤਾ, ਉਨਾਂ ਦੀ ਕਾਰਗੁਜ਼ਾਰੀ ‘ਤੇ ਸਵਾਲ ਤਾਂ ਉੱਠਣਗੇ ਹੀ।
11 ਸਾਲ, 11 ਦਿਨਾਂ ਦਾ ਸਮਾਂ ਕੋਈ ਘੱਟ ਨਹੀਂ ਹੁੰਦਾ। ਇਸ ਸਮੇਂ ਨੂੰ ‘ਸਭ ਕਾ ਸਾਥ ਸਭ ਕਾ ਵਿਕਾਸ’ ਲਈ ਵਰਤਿਆ ਜਾ ਸਕਦਾ ਹੈ। ਪਰ ਵਿਕਾਸ ਤਾਂ ਉਹਨਾਂ ਆਪਣੇ ਨਿੱਜੀ ਹਿੱਤਾਂ ਨੂੰ ਸਾਹਮਣੇ ਰੱਖ ਕੇ ਕੀਤਾ ਜਾਂ ਕਰਵਾਇਆ। ਦੇਸ਼ ਦੇ ਸੰਘੀ ਢਾਂਚੇ ਨੂੰ ਸੱਟ ਮਾਰੀ, ਧਾਰਮਿਕ ਘੱਟ ਗਿਣਤੀਆਂ ਦਾ ਵਿਸ਼ਵਾਸ ਤਾਰ-ਤਾਰ ਕੀਤਾ, ਸੰਵਿਧਾਨ ਦੀਆਂ ਪਰੰਪਰਾਵਾਂ ਨੂੰ ਤੋੜ ਕੇ ਵਿਰੋਧੀ ਸਰਕਾਰਾਂ ਤੋੜੀਆਂ, ਖੁਦ ਮੁਖਤਾਰ ਸੰਸਥਾਵਾਂ ਨੂੰ ਆਪਣੇ ਹਿੱਤਾਂ ਲਈ ਵਰਤਿਆ, ਨਿਆਪਾਲਿਕਾ ਨੂੰ ਕਮਜ਼ੋਰ ਕਰਨ ਲਰੀ ਯਤਨ ਕੀਤੇ, ਵਿਚਾਰਾਂ ਦੀ ਆਜ਼ਾਦੀ ਉੱਤੇ ਵੱਡੀ ਸੱਟ ਮਾਰੀ, ਆਪਣੇ ਵਿਰੋਧੀਆਂ ਨੂੰ ਜੇਲਾਂ ‘ਚ ਡਕਿਆ। ਤਾਂ ਫਿਰ ਮੋਦੀ ਜੀ ਦੀ ਕਾਰਗੁਜ਼ਾਰੀ ਉੱਤੇ ਸਵਾਲ ਤਾਂ ਉੱਠਣੇ ਹੀ ਸਨ, ਜੋ ਉੱਠ ਰਹੇ ਹਨ।