ਚੰਡੀਗੜ੍ਹ – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-8’ ਚਲਾਇਆ ਗਿਆ। ਇਸ ਆਪ੍ਰੇਸ਼ਨ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਕੇ ਨਸ਼ਾ ਤਸਕਰੀ ਅਤੇ ਸ਼ਰਾਬ ਤਸਕਰੀ ’ਤੇ ਨਕੇਲ ਕੱਸਣ ਤੋਂ ਇਲਾਵਾ ਹਰਿਆਣਾ ਅਤੇ ਜੰਮੂ-ਕਸ਼ਮੀਰ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਗੈਂਗਸਟਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਹਰਕਤ ’ਤੇ ਬਾਜ਼ ਅੱਖ ਰੱਖਣਾਂ ਵੀ ਸੀ।
ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਵੇਰੇ 6 ਵਜੇ ਤੋਂ ਦੁਪਹਿਰ 2 ਵਜੇ ਤੱਕ ਸਮਕਾਲੀ ਤਰੀਕੇ ਨਾਲ ਚਲਾਇਆ ਗਿਆ।
ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਨੀਅਰ ਪੁਲਿਸ ਸੁਪਰਡੰਟਾਂ (ਐਸਐਸਪੀਜ਼) ਨੂੰ ‘ਆਪ੍ਰੇਸ਼ਨ ਸੀਲ-8’ ਦੇ ਹਿੱਸੇ ਵਜੋਂ ਪ੍ਰਭਾਵਸ਼ਾਲੀ ਨਕਾਬੰਦੀ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਯੂਟੀ) ਦੇ ਆਪਣੇ ਹਮਰੁਤਬਾ ਨਾਲ ਤਾਲਮੇਲ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਸਬੰਧਤ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕਾ ਆਪ੍ਰੇਸ਼ਨ ਚਲਾਉਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ’ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਪੁਲਿਸ ਨਫ਼ਰੀ ਜੁਟਾਉਣ ਦੇ ਨਿਰਦੇਸ਼ ਦਿੱਤੇ ਗਏ ਸਨ।
ਉਨ੍ਹਾਂ ਦੱਸਿਆ ਕਿ 10 ਜ਼ਿਲਿ੍ਹਆਂ ਦੇ ਲਗਭਗ 92 ਐਂਟਰੀ/ਐਗਜ਼ਿਟ ਪੁਆਇੰਟਾਂ, ਜੋ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਦੇ ਹਨ, ਵਿਖੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਕਰਮੀਆਂ ਦੀ ਨਫ਼ਰੀ ਵਿੱਚ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨਾਕੇ ਸਥਾਪਤ ਕੀਤੇ ਗਏ । 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਇਸ ਅਪ੍ਰੇਸ਼ਨ ਦੌਰਾਨ ਸ਼ੱਕੀ ਵਾਹਨਾਂ/ਵਿਅਕਤੀਆਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ ਅਤੇ ਆਮ ਲੋਕਾਂ ਲਈ ਘੱਟ ਤੋਂ ਘੱਟ ਅਸੁਵਿਧਾ ਨੂੰ ਯਕੀਨੀ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਵਾਹਨਾਂ ਦੀ ਜਾਂਚ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ‘ਵਾਹਨ’ ਮੋਬਾਈਲ ਐਪ ਦੀ ਵਰਤੋਂ ਕਰਕੇ ਵਾਹਨਾਂ ਦੇ ਰਜਿਸਟਰੇਸ਼ਨ ਨੰਬਰਾਂ ਦੀ ਵੀ ਪੁਸ਼ਟੀ ਕੀਤੀ ।
ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਇਸ ਅਪਰੇਸ਼ਨ ਦੌਰਾਨ ਆਉਣ ਜਾਣ ਵਾਲੇ ਸਾਰੇ ਵਿਅਕਤੀਆਂ ਨਾਲ, ਉਨ੍ਹਾਂ ਦੇ ਵਾਹਨਾਂ ਦੀ ਚੈਕਿੰਗ ਕਰਦੇ ਸਮੇਂ, ਨਿਮਰਤਾ ਨਾਲ ਪੇਸ਼ ਆਉਣ ਸਖ਼ਤ ਹਦਾਇਤ ਕੀਤੀ ਗਈ ਸੀ।
ਵਿਸ਼ੇਸ਼ ਡੀਜੀਪੀ ਨੇ ਦੱਸਿਆ ਕਿ ਸੂਬੇ ਵਿੱਚ ਆਉਣ/ ਜਾਣ ਵਾਲੇ 4245 ਵਾਹਨਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 293 ਦੇ ਚਲਾਨ ਕੀਤੇ ਗਏ ਅਤੇ 16 ਨੂੰ ਜ਼ਬਤ ਕੀਤਾ ਗਿਆ। ਪੁਲਿਸ ਨੇ 27 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ 26 ਐਫਆਈਆਰਜ਼ ਵੀ ਦਰਜ ਕੀਤੀਆਂ ਹਨ। ਇਸ ਦੇ ਨਾਲ ਹੀ ਪੁਲਿਸ ਟੀਮਾਂ ਨੇ 401 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ।
ਇਸ ਅਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 1.1 ਕਿਲੋ ਅਫੀਮ, 29 ਕਿਲੋ ਭੁੱਕੀ, 42 ਕਿਲੋ ਨਸ਼ੀਲਾ ਪਾਊਡਰ, 1070 ਨਸ਼ੀਲੇ ਕੈਪਸੂਲ/ਗੋਲੀਆਂ ਅਤੇ ਭਾਰੀ ਮਾਤਰਾ ਵਿੱਚ ਜਾਇਜ਼ ਅਤੇ ਨਜਾਇਜ਼ ਸ਼ਰਾਬ ਵੀ ਬਰਾਮਦ ਕੀਤੀ ਹੈ।
ਦੱਸਣਯੋਗ ਹੈ ਕਿ ਅਜਿਹੇ ਆਪਰੇਸ਼ਨ ਖੇਤਰੀ ਪੱਧਰ ‘ਤੇ ਪੁਲਿਸ ਦੀ ਮੌਜੂਦਗੀ ਨੂੰ ਦਰਸਾਉਣ ਤੋਂ ਇਲਾਵਾ, ਸਮਾਜ ਵਿਰੋਧੀ ਅਨਸਰਾਂ ਵਿੱਚ ਡਰ ਪੈਦਾ ਕਰਨ ਅਤੇ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਵਿੱਚ ਮਦਦ ਕਰਦੇ ਹਨ।