ਫ਼ਰੀਦਕੋਟ – ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਅੰਗ ਗਲੀਆਂ ’ਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੋਨੀਕਾ ਲਾਂਬਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਅਗਲੀ ਪੇਸ਼ੀ 16 ਮਈ ਲਈ ਮੁਲਤਵੀ ਕਰ ਦਿੱਤੀ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਜਿਸ਼ ਰਚਣ ’ਚ ਸ਼ਾਮਲ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਗਿਆ ਸੀ, ਜੋ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਨਜ਼ਰਬੰਦ ਹੈ। ਜਿਸ ’ਤੇ ਡੇਰਾ ਮੁਖੀ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ ਤੇ ਚੱਲ ਰਹੇ ਕੇਸਾਂ ਵਿੱਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਫਰੀਦਕੋਟ ਦੀ ਅਦਾਲਤ ਵਿੱਚ ਚੱਲ ਰਹੇ ਕੇਸਾਂ ’ਚ ਅੰਤਰਿਮ ਜ਼ਮਾਨਤ ਦੇ ਦਿੱਤੀ। ਐੱਸਆਈਟੀ ਵਲੋਂ ਉਕਤ ਮਾਮਲੇ ਵਿੱਚ ਡੇਰਾ ਪ੍ਰੇਮੀ ਨਿਸ਼ਾਨ ਸਿੰਘ, ਰਣਜੀਤ ਸਿੰਘ, ਪ੍ਰਦੀਪ ਸਿੰਘ, ਬਲਜੀਤ ਸਿੰਘ, ਸ਼ਕਤੀ ਸਿੰਘ, ਸੁਖਜਿੰਦਰ ਸਿੰਘ ਸੰਨੀ ਆਦਿ ਖਿਲਾਫ ਪਹਿਲਾਂ ਹੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਅਦਾਲਤ ਵੱਲੋਂ ਪ੍ਰੋਡਕਸ਼ਨ ਵਾਰੰਟ ਰੋਹਤਕ ਦੀ ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਨੂੰ ਭੇਜੇ ਸਨ, ਜਿਸ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਦੇ ਮੁਖੀ ਨੂੰ ਰਾਹਤ ਦਿੰਦਿਆਂ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਕੀਤੇ ਸਨ।
