ਅੰਮ੍ਰਿਤਸਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਹਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਛਰਨਛੋਹ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਵਿਸ਼ਾਲ ਕੌਮੀ ਨਗਰ ਕੀਰਤਨ 21 ਅਗਸਤ ਨੂੰ ਆਰੰਭ ਹੋਵੇਗਾ। ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਸ਼ਹੀਦੀ ਨਗਰ ਕੀਰਤਨ “ਧਰਮ ਹੇਤ ਸਾਕਾ ਜਿਨਿ ਕੀਆ” ਦੇ ਸਿਰਲੇਖ ਹੇਠ ਭਾਰਤ ਦੇ 20 ਸੂਬਿਆਂ ਵਿਚ ਦੀ ਹੁੰਦਾ ਹੋਇਆ 23 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੰਨ ਹੋਵੇਗਾ। ਉਨ੍ਹਾਂ ਕਿਹਾ ਕਿ 350 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ। ਇਸ ਸਬੰਧ ਵਿਚ ਜਿਥੇ ਦੇਸ਼ ਭਰ ਅੰਦਰ ਵੱਡੇ ਸ਼ਹਿਰਾਂ ਵਿਚ ਗੁਰਮਤਿ ਸਮਾਗਮ ਕੀਤੇ ਜਾਣਗੇ, ਉਥੇ ਹੀ ਵਿਸ਼ੇਸ਼ ਤੌਰ ’ਤੇ ਸ਼ਹੀਦੀ ਨਗਰ ਕੀਰਤਨ ਵੀ ਸਜਾਏ ਜਾ ਰਹੇ ਹਨ। ਇਸ ਤਹਿਤ ਪਹਿਲਾ ਨਗਰ ਕੀਰਤਨ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਵੇਗਾ। ਪਹਿਲੇ 10 ਦਿਨ ਦੇ ਵੇਰਵੇ ਸਾਂਝੇ ਕਰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਇਹ ਨਗਰ ਕੀਰਤਨ 21 ਅਗਸਤ ਨੂੰ ਗੁਰਦੁਆਰਾ ਧੋਬੜੀ ਸਾਹਿਬ ਤੋਂ ਚੱਲ ਕੇ ਗੁਰਦੁਆਰਾ ਸਿੰਘ ਸਭਾ ਸਿਲੀਗੁੜੀ ਪਹੁੰਚੇਗਾ। 22 ਅਗਸਤ ਨੂੰ ਸਿਲੀਗੁੜੀ ਤੋਂ ਮਾਲਦਾ, 23 ਅਗਸਤ ਨੂੰ ਮਾਲਦਾ ਤੋਂ ਕਲਕੱਤਾ ਪੁੱਜੇਗਾ। ਕਲਕੱਤਾ ਵਿਖੇ ਦੋ ਦਿਨ ਵੱਖ-ਵੱਖ ਇਲਾਕਿਆਂ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜਿਥੋਂ 25 ਅਗਸਤ ਨੂੰ ਗੁਰਦੁਆਰਾ ਗੁਰੂ ਨਾਨਕ ਆਸਨਸੋਲ ਬੰਗਾਲ ਪਹੁੰਚੇਗਾ। 26 ਅਗਸਤ ਨੂੰ ਆਸਨਸੋਲ ਤੋਂ ਚੱਲ ਕੇ ਜਮਸ਼ੇਦਪੁਰ ਟਾਟਾ ਨਗਰ, 27 ਨੂੰ ਜਮਸ਼ੇਦਪੁਰ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ, 28 ਅਗਸਤ ਨੂੰ ਰਾਂਚੀ ਤੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬਿਹਾਰ ਵਿਖੇ ਪੁੱਜੇਗਾ। 29 ਅਗਸਤ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਤੋਂ ਸਾਸਾਰਾਮ, 30 ਅਗਸਤ ਨੂੰ ਸਾਸਾਰਾਮ ਤੋਂ ਬਨਾਰਸ ਯੂਪੀ ਅਤੇ 31 ਅਗਸਤ ਬਨਾਰਸ ਤੋਂ ਅਗਲੇ ਪੜਾਅ ਲਈ ਰਵਾਨਾ ਹੋਵੇਗਾ। ਇਸੇ ਤਰ੍ਹਾਂ ਇਹ ਨਗਰ ਕੀਰਤਨ ਕਰੀਬ ਤਿੰਨ ਮਹੀਨੇ ਪੜਾਅ-ਦਰ-ਪੜਾਅ ਚੱਲਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਬਿਜੈ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਸ. ਬਲਦੇਵ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਸੁਰਜੀਤ ਸਿੰਘ ਰਾਣਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਭਾਈ ਬਲਦੇਵ ਸਿੰਘ ਓਗਰਾ ਆਦਿ ਹਾਜ਼ਰ ਸਨ।