ਜਲੰਧਰ, (ਪਰਮਿੰਦਰ ਸਿੰਘ) – ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਇਕ ਵੱਡਾ ਐਕਸ਼ਨ ਲੈਂਦਿਆਂ ਗੈਰ-ਕਾਨੂੰਨੀ ਚੱਲ ਰਿਹਾ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਮਸ਼ੇਰ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ’ਤੇ ਸਿਵਲ, ਸਿਹਤ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਜਾਂਚ ਟੀਮ ਵਲੋਂ ਰੇਡ ਕੀਤੀ ਗਈ। ਇਸ ਦੌਰਾਨ 34 ਨੌਜਵਾਨਾਂ ਨੂੰ ਕੇਂਦਰ ਵਿਚੋਂ ਛੁਡਵਾ ਕੇ ਸਿਵਲ ਹਸਪਤਾਲ ਜਲੰਧਰ ਵਿਖੇ ਸਥਾਪਿਤ ਨਸ਼ਾ ਛੁਡਾਊ ਕੇਂਦਰ ਵਿਖੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ। ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਨਸ਼ਾ ਛੁਡਾਊ ਕੇਂਦਰ ਦੇ ਹੈਲਪਲਾਈਨ ਨੰਬਰ 0181-2911960 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।