ਚੰਡੀਗੜ੍ਹ – ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੇਂਦਰ ਸਰਕਾਰ ਵੱਲੋਂ ਮਾਰਕੀਟਿੰਗ ਸੀਜ਼ਨ 2022-23 ਲਈ ਹਾੜੀ ਸੀਜ਼ਨ ਦੀਆਂ ਫਸਲਾਂ ਕਣਕ, ਜੌਂ ਅਤੇ ਹੋਰ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਵਾਧੇ ਦੇ ਐਲਾਨ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹਾੜੀ ਦੀ ਫਸਲ ਲਈ ਘੱਟੋ-ਘੱਟ ਸਮਰਥਨ ਮੁੱਲ ਵਿੱਚ ਇਹ ਵਾਧਾ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਉਨ੍ਹਾਂ ਦੀ ਆਮਦਨ ਦੁੱਗਣੀ ਕਰਨ ਅਤੇ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਘੱਟੋ -ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਵੱਲੋਂ ਕਿਸਾਨਾਂ ਨੂੰ ਆਪਣੇ ਨਿਜੀ ਸਵਾਰਥਾਂ ਲਈ ਗੁੰਮਰਾਹਕੁੰਨ ਅਤੇ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਰੱਖਣ ਦੀ ਗੱਲ ਕੀਤੀ ਸੀ, ਜਿਸ ਨੂੰ ਉਹ ਪੂਰਾ ਕਰ ਰਹੀ ਹੈ ਅਤੇ ਸਮੇਂ-ਸਮੇਂ ‘ਤੇ ਸਾਰੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਦੇ ਨਾਲ-ਨਾਲ ਮੋਦੀ ਸਰਕਾਰ ਵਲੋਂ ਇਹ ਸੁਨਿਸ਼ਚਿਤ ਕੀਤਾ ਗਿਆ ਹੈ ਕਿ ਕਿਸਾਨਾਂ ਦਾ ਮਿਹਨਤਾਨਾ ਉਨ੍ਹਾਂ ਦੇ ਖਾਤਿਆਂ ਵਿੱਚ ਸਿੱਧਾ ਟਰਾਂਸਫਰ ਕੀਤਾ ਜਾਵੇ ਅਤੇ ਇਹ ਵੀ ਸ਼ੁਰੂ ਹੋ ਗਿਆ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ, ਜੌਂ, ਛੋਲਿਆਂ, ਦਾਲਾਂ, ਸਰ੍ਹੋਂ ਅਤੇ ਕੇਸਰ ਦੇ ਐਮਐਸਪੀ ਵਿੱਚ ਵਾਧਾ ਕੀਤਾ ਹੈ। ਹਾੜੀ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਵਧਾਉਣ ਤੋਂ ਬਾਅਦ, ਕਿਸਾਨਾਂ ਨੂੰ ਕਣਕ ਅਤੇ ਸਰ੍ਹੋਂ ‘ਤੇ ਉਪਜ ਦੀ ਲਾਗਤ ਦੁੱਗਣੀ ਮਿਲੇਗੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਤੇਲ ਬੀਜਾਂ ਦਾ ਝਾੜ ਵਧਾਉਣ ਲਈ ਕਿਸਾਨਾਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਇਹੀ ਕਾਰਨ ਹੈ ਕਿ ਸਰ੍ਹੋਂ ਦੇ ਸਮਰਥਨ ਮੁੱਲ ਵਿੱਚ ਇੱਕਮੁਸ਼ਤ 400 ਰੁਪਏ ਦਾ ਵਾਧਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਕਣਕ ਦੀ ਕੀਮਤ 1,008 ਰੁਪਏ ਆਉਂਦੀ ਹੈ, ਜਦੋਂ ਕਿ ਸਮਰਥਨ ਮੁੱਲ ਹੁਣ ਦੁੱਗਣਾ ਹੋ ਕੇ 2,015 ਰੁਪਏ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ 2018-19 ਵਿੱਚ ਹੀ ਸਾਡੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਾਗਤ ਦਾ ਘੱਟੋ ਘੱਟ 1.5 ਗੁਣਾ ਰਿਟਰਨ ਮਿਲਣਾ ਚਾਹੀਦਾ ਹੈ। ਇਹ ਟੀਚਾ ਹਾੜੀ ਦੀਆਂ ਫਸਲਾਂ ਲਈ ਪ੍ਰਾਪਤ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਆਪਣੀ ਵਚਨਬੱਧਤਾ ਦੁਹਰਾਏਗੀ।