Punjab

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ 

ਚੰਡੀਗੜ੍ਹ – ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ।
ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ।
ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ ‘ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।
ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।

Related posts

ਆਧੁਨਿਕ ਤਕਨੀਕ ਨਾਲ ਛੇੜਛਾੜ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਸੁਚੇਤ – ਐਡਵੋਕੇਟ ਧਾਮੀ

admin

ਟੀਚਰ ਵਲੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਕਰਨ ‘ਤੇ ਵਿਦਿਆਰਥਣ ਵਲੋਂ ਹੋਸਟਲ ‘ਚ ਖੁਦਕਸ਼ੀ

admin

ਸਾਹਿਰ ਲੁਧਿਆਣਵੀ ਅਤੇ ਅਮ੍ਰਿਤਾ ਪ੍ਰੀਤਮ ਦੇ ਸਬੰਧਾਂ ’ਤੇ ਆਧਾਰਿਤ ਨਾਟਕ ‘ਵੋ ਅਫਸਾਨਾ’ ਦਾ ਮੰਚਨ

admin