ਚੰਡੀਗੜ੍ਹ – ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੂੰ ਚੋਣ ਕਮਿਸ਼ਨ ਤੋਂ ਪ੍ਰਾਇਮਰੀ ਅਧਿਆਪਕਾਂ ਦੀਆਂ 2364 ਅਤੇ 5994 ਭਰਤੀਆਂ ਦੀ ਪ੍ਰਕਿਰਿਆ ਨੂੰ ਅੱਗੇ ਵਧਾਉਣ ਦੀ ਪ੍ਰਵਾਨਗੀ ਦੀ ਮਿਲ ਗਈ ਹੈ। ਜ਼ਿਕਰਯੋਗ ਹੈ ਕਿ 5994 ਅਤੇ 2364 ਈਟੀਟੀ ਪ੍ਰਾਇਮਰੀ ਅਧਿਆਪਕਾਂ ਦੀਆਂ ਭਰਤੀਆਂ ਪਿਛਲੀ ਸਰਕਾਰ ਦੇ ਸਮੇਂ ਤੋਂ ਹੀ ਲਟਕ ਰਹੀਆਂ ਸਨ।
ਦੱਸਣਯੋਗ ਹੈ ਕਿ ਇਨ੍ਹਾਂ ਭਰਤੀ ਪ੍ਰਕਿਰਿਆਵਾਂ ਨੂੰ ਜਲਦ ਪੂਰਾ ਕਰਨਾ ਪੰਜਾਬ ਸਰਕਾਰ ਲਈ ਬਹੁਤ ਲਾਜ਼ਮੀ ਸੀ, ਕਿਉਂਕਿ ਇਸ ਨਾਲ ਸੂਬੇ ਦੇ ਉਨ੍ਹਾਂ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇਗਾ, ਜਿੱਥੇ ਮੌਜੂਦਾ ਸਮੇਂ ਸਿਰਫ ਇੱਕ ਹੀ ਅਧਿਆਪਕ ਸਕੂਲ ਚਲਾ ਰਿਹਾ ਹੈ।
ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਸਿੰਘ ਕੋਲਿਆਂਵਾਲੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸਣਯੋਗ ਹੈ ਕਿ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਸ਼ੁਰੂ ਤੋਂ ਲੈਕੇ ਪਿਛਲੇ ਲੰਮੇ ਸਮੇਂ ਤੋਂ ਤੋਂ ਇਨ੍ਹਾਂ ਭਰਤੀਆਂ ਦੇ ਬੇਰੁਜ਼ਗਾਰ ਅਧਿਆਪਕਾਂ ਦੇ ਸੰਘਰਸ਼ ਦੀ ਡੱਟਵੀਂ ਹਮਾਇਤ ਕੀਤੀ ਗਈ ਸੀ।