ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਤੀਜੇ ਭੂਪੇਂਦਰ ਹਨੀ ਦੀ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਕੀਤੀ ਗਈ ਗ੍ਰਫਿਤਾਰੀ ਤੋਂ ਬਾਅਦ ‘ਚੰਨੀ-ਹਨੀ-ਮਨੀ’ ਦੇ ਪੰਜਾਬ ਦੀ ਸਿਆਸਤ ‘ਚ ਚਰਚੇ ਤੇਜ ਹੋ ਗਈ ਹੈ। ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ 8 ਫਰਵਰੀ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਭੁਪਿੰਦਰ ਸਿੰਘ ਹਨੀ ਨੂੰ ਅੱਜ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿਥੇ ਈਡੀ ਨੂੰ ਪੁੱਛ-ਗਿੱਛ ਲਈ ਚਾਰ ਦਿਨਾਂ ਦਾ ਰਿਮਾਂਡ ਮਿਲ ਗਿਆ ਹੈ।
ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ ਵਿੱਚ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਈਡੀ ਨੇ ਹਨੀ ਨੂੰ ਪੁੱਛਗਿੱਛ ਲਈ ਜਲੰਧਰ ਦਫਤਰ ਬੁਲਾਇਆ ਸੀ। ਜਿੱਥੇ ਉਸ ਤੋਂ ਕਰੀਬ 7 ਤੋਂ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਈਡੀ ਜਵਾਬਾਂ ਤੋਂ ਸੰਤੁਸ਼ਟ ਨਹੀਂ ਸੀ ਅਤੇ ਇਸ ਲਈ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਨੂੰ ਗ੍ਰਿਫਤਾਰ ਕਰ ਲਿਆ ਗਿਆ। ਉਸ ਨੂੰ ਰਾਤ 1 ਵਜੇ ਦੇ ਕਰੀਬ ਮੈਡੀਕਲ ਜਾਂਚ ਲਈ ਜਲੰਧਰ ਦੇ ਹਸਪਤਾਲ ਲਿਜਾਇਆ ਗਿਆ। ਹੁਣ ਹੋਰ ਪੁੱਛ-ਗਿੱਛ ਵਾਸਤੇ ਅਦਾਲਤ ਤੋਂ ਹਨੀ ਦਾ ਹੋਰ ਰਿਮਾਂਡ ਲਿਆ ਗਿਆ ਹੈ।
18 ਜਨਵਰੀ ਨੂੰ ਈਡੀ ਨੇ ਭੁਪਿੰਦਰ ਹਨੀ ਅਤੇ ਉਸ ਦੇ ਸਾਥੀਆਂ ਦੇ ਮੋਹਾਲੀ ਅਤੇ ਲੁਧਿਆਣਾ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ 10 ਕਰੋੜ ਦੀ ਨਕਦੀ, 12 ਲੱਖ ਰੋਲੈਕਸ ਘੜੀ, 21 ਲੱਖ ਦਾ ਸੋਨਾ ਬਰਾਮਦ ਕੀਤਾ ਗਿਆ। ਈਡੀ ਨੇ ਹਨੀ ਦੇ ਮੋਹਾਲੀ ਸਥਿਤ ਘਰ ਤੋਂ 8 ਕਰੋੜ ਰੁਪਏ ਅਤੇ ਉਸ ਦੇ ਸਾਥੀ ਸੰਦੀਪ ਦੇ ਲੁਧਿਆਣਾ ਸਥਿਤ ਠਿਕਾਣੇ ਤੋਂ 2 ਕਰੋੜ ਰੁਪਏ ਬਰਾਮਦ ਕੀਤੇ ਸਨ।
ਈਡੀ ਦੇ ਸੂਤਰਾਂ ਨੇ ਛਾਪੇਮਾਰੀ ਦੌਰਾਨ ਮਨਮਾਨੀ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰ ਦਿੱਤਾ ਸੀ। ਉਨਾਂ ਕਿਹਾ ਸੀ ਕਿ ਮੰਗਲਵਾਰ ਨੂੰ ਸ਼ੁਰੂ ਕੀਤੀ ਗਈ ਕਾਰਵਾਈ “ਕਾਨੂੰਨੀ ਪ੍ਰਕਿਰਿਆਵਾਂ ਦੇ ਬਾਅਦ ਕੀਤੀ ਗਈ ਸੀ ਅਤੇ ਇਸ ਦੌਰਾਨ ਕੋਈ ਨਿੱਜੀ ਟਿੱਪਣੀ ਜਾਂ ਧਮਕੀ ਨਹੀਂ ਦਿੱਤੀ ਗਈ ਸੀ”। ਸੂਤਰਾਂ ਨੇ ਦੱਸਿਆ ਕਿ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਮੰਗਲਵਾਰ ਨੂੰ ਪੰਜਾਬ ਦੇ ਮੋਹਾਲੀ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਠਾਨਕੋਟ ਸਮੇਤ ਹੋਰ ਸ਼ਹਿਰਾਂ ‘ਚ ਦਰਜਨ ਭਰ ਥਾਵਾਂ ‘ਤੇ ਛਾਪੇਮਾਰੀ ਸ਼ੁਰੂ ਕੀਤੀ ਗਈ, ਜੋ ਬੁੱਧਵਾਰ ਤੜਕੇ ਖਤਮ ਹੋ ਗਈ। ਉਨ੍ਹਾਂ ਕਿਹਾ ਕਿ ਇਹ ਛਾਪੇਮਾਰੀ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੀਆਂ ਧਾਰਾਵਾਂ ਤਹਿਤ ਕੀਤੀ ਗਈ ਸੀ ਅਤੇ ਇਸ ਦੌਰਾਨ ਜਾਂਚ ਏਜੰਸੀ ਵੱਲੋਂ ਵੱਡੀ ਗਿਣਤੀ ਵਿੱਚ ਦਸਤਾਵੇਜ਼ ਅਤੇ ਇਲੈਕਟ੍ਰਾਨਿਕ ਉਪਕਰਣ ਵੀ ਜ਼ਬਤ ਕੀਤੇ ਗਏ ਸਨ। ਈਡੀ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਛਾਪੇਮਾਰੀ ਕੁਦਰਤਦੀਪ ਸਿੰਘ, ਦਿ ਪਿੰਜੌਰ ਰਾਇਲਟੀ ਕੰਪਨੀ ਅਤੇ ਇਸ ਦੇ ਭਾਈਵਾਲਾਂ, ਕੰਵਰਮਹੀਪ ਸਿੰਘ, ਮਨਪ੍ਰੀਤ ਸਿੰਘ, ਸੁਸ਼ੀਲ ਕੁਮਾਰ ਜੋਸ਼ੀ, ਜਗਵੀਰ ਇੰਦਰ ਸਿੰਘ, ਰਣਦੀਪ ਸਿੰਘ, ਪ੍ਰੋਵਾਈਡਰ ਓਵਰਸੀਜ਼ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਅਤੇ ਇਸਦੇ ਡਾਇਰੈਕਟਰਾਂ ਅਤੇ ਸ਼ੇਅਰ ਹੋਲਡਰਾਂ ਦੇ ਖਿਲਾਫ ਕੀਤੀ ਗਈ ਹੈ, ਜਿਸ ਵਿੱਚ ਭੁਪਿੰਦਰ ਸਿੰਘ ਅਤੇ ਸੰਦੀਪ ਕੁਮਾਰ ਵੀ ਸ਼ਾਮਲ ਹੈ।
ਭੂਪੇਂਦਰ ਸਿੰਘ ਹਨੀ ਅਤੇ ਉਸ ਦੇ ਸਾਥੀਆਂ ਦੇ ਇੱਥੇ ਛਾਪੇਮਾਰੀ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਭਾਰੀ ਮਾਤਰਾ ਵਿੱਚ ਕੀਮਤੀ ਸਾਮਾਨ ਅਤੇ ਨਕਦੀ ਬਰਾਮਦ ਕੀਤੀ ਸੀ। ਇਸ ਛਾਪੇਮਾਰੀ ਵਿੱਚ ਈਡੀ ਨੂੰ 10 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਮਿਲੀ ਹੈ। ਇਸ ਤੋਂ ਇਲਾਵਾ 21 ਲੱਖ ਰੁਪਏ ਤੋਂ ਵੱਧ ਦਾ ਸੋਨਾ ਅਤੇ 12 ਲੱਖ ਰੁਪਏ ਦੀ ਰੋਲੇਕਸ ਘੜੀ ਸਮੇਤ ਕਈ ਅਹਿਮ ਦਸਤਾਵੇਜ਼ ਬਰਾਮਦ ਹੋਏ ਹਨ। ਕੀਮਤੀ ਸਮਾਨ ਦੀ ਬਰਾਮਦਗੀ ਤੋਂ ਬਾਅਦ ਜਾਂਚ ਲਈ ED ਵੱਲੋਂ ਤਲਬ ਕੀਤਾ ਗਿਆ ਸੀ। ਜਾਂਚ ਤੋਂ ਬਾਅਦ ਉਸ ਨੂੰ ਛੱਡ ਦਿੱਤਾ ਗਿਆ ਅਤੇ ਉਸ ਨੂੰ ਈਡੀ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਗਏ। ਪਰ ਉਹ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਇਆ।
ਹਨੀ ਦੀ ਗ੍ਰਿਫਤਾਰੀ ਉਸ ਵੇਲੇ ਹੋਈ, ਜਦੋਂ ਕਾਂਗਰਸ ਹਾਈਕਮਾਨ ਨੇ ਮੁੱਖ ਮੰਤਰੀ ਉਮੀਦਵਾਰ ਦੇ ਨਾਂ ਦਾ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ। ਚੰਨੀ ਇਸ ਅਹੁਦੇ ਲਈ ਸਭ ਤੋਂ ਅੱਗੇ ਹਨ। ਕਾਂਗਰਸ ਹਾਈਕਮਾਨ ਵਲੋਂ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਚੋਣਾਂ ਵਿੱਚ ਭਾਜਪਾ ਦਾ ਵੱਡਾ ਦਾਅ ਹੈ।ਇਸ ਉੱਤੇ ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਦੀ ਬਿਆਨ ਸਾਹਮਣੇ ਆਇਆ ਹੈ। ਸੂਰਜੇਵਾਲਾ ਨੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਗ੍ਰਿਫ਼ਤਾਰੀ ਨੂੰ ‘ਰਾਜਨੀਤਕ ਨੌਟੰਕੀ’ ਕਰਾਰ ਦਿੱਤਾ। ਇੰਨਾ ਹੀ ਨਹੀਂ, ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਲ-ਨਾਲ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਉੱਤੇ ਵੀ ਨਿਸ਼ਾਨੇ ਸਾਧੇ। ਕਾਂਗਰਸ ਦੇ ਸੀਨੀਅਰ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਟਵੀਟ ਕਰਦਿਆ ਲਿਖਿਆ ਕਿ ਪੰਜਾਬ ਵਿੱਚ ਚੋਣਾਂ ਤੋਂ 15 ਦਿਨ ਪਹਿਲਾਂ ਰਾਜਨੀਤਕ ਨੌਟੰਕੀ ਸ਼ੁਰੂ ਹੋ ਗਈ ਹੈ। ਭਾਜਪਾ ਦਾ Election Department- ED ਮੈਦਾਨ ਵਿੱਚ ਉਤਰਿਆ। ਉਨ੍ਹਾਂ ਨੇ ਅੱਗੇ ਲਿਖਿਆ ਕਿ, ਚੋਣਾਂ ਨੂੰ ਭਟਕਾਉਣ ਲਈ ਭਾਜਪਾਈ ਪ੍ਰਯੋਗ, ਜੋ 6 ਸਾਲ ਪੁਰਾਣੇ ਮਾਮਲੇ ਵਿੱਚ ਚੰਨੀ ਅਤੇ 33 ਸਾਲ ਪੁਰਾਣੇ ਮਾਮਲੇ ਵਿੱਚ ਸਿੱਧੂ ਉੱਤੇ ਹਮਲੇ ਕਰ ਰਹੇ ਹਨ, ਕੇਜਰੀਵਾਲ ਸਾਥ ਦੇ ਰਹੇ ਹਨ।