ArticlesBreaking NewsLatest NewsPunjab

ਜਸਟਿਸ ਅਸ਼ਵਨੀ ਕੁਮਾਰ ਮਿਸਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ !

ਜਸਟਿਸ ਅਸ਼ਵਨੀ ਕੁਮਾਰ ਮਿਸਰਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ।

ਚੰਡੀਗੜ੍ਹ – ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕ ਲਈ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਲੋਕ ਭਵਨ ਵਿਖੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਜਸਟਿਸ ਮਿਸ਼ਰਾ ਹੁਣ ਜਸਟਿਸ ਸ਼ੀਲ ਨਾਗੂ ਦੀ ਥਾਂ ਚੀਫ਼ ਜਸਟਿਸ ਦਾ ਅਹੁਦਾ ਸੰਭਾਲਣਗੇ।

ਇਹ ਨਿਯੁਕਤੀ ਅਜਿਹੇ ਸਮੇਂ ਹੋਈ ਹੈ ਜਦੋਂ ਪੰਜਾਬ ਸਰਕਾਰ ਨੇ ਜਸਟਿਸ ਮਿਸ਼ਰਾ ਨੂੰ ਚੀਫ਼ ਜਸਟਿਸ ਨਿਯੁਕਤ ਕਰਨ ’ਤੇ ਇਤਰਾਜ਼ ਜਤਾਇਆ ਸੀ। ਪੰਜਾਬ ਕੈਬਨਿਟ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਹੁੰ ਚੁੱਕ ਸਮਾਗਮ ਨੂੰ ਉਦੋਂ ਤੱਕ ਰੋਕਿਆ ਜਾਵੇ ਜਦੋਂ ਤੱਕ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਦੀ ਸਹਿਮਤੀ ਦੀ ਪ੍ਰਕਿਰਿਆ ਪੂਰੀ ਨਹੀਂ ਹੁੰਦੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਦਿਨ ਪਹਿਲਾਂ ਐਮਰਜੈਂਸੀ ਕੈਬਨਿਟ ਮੀਟਿੰਗ ਸੱਦੀ ਸੀ। ਮੀਟਿੰਗ ਵਿੱਚ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਵਿਰੋਧ ਕਰਦਿਆਂ ਮਤਾ ਪਾਸ ਕੀਤਾ ਗਿਆ ਸੀ। ਮਤੇ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਸੀ ਕਿ ਪੰਜਾਬ ਸਰਕਾਰ ਦੀ ਸਹਿਮਤੀ ਮਿਲਣ ਤੱਕ ਨਵੇਂ ਚੀਫ਼ ਜਸਟਿਸ ਨੂੰ ਸਹੁੰ ਨਾ ਚੁਕਾਈ ਜਾਵੇ।

ਹਾਲਾਂਕਿ, ਪੰਜਾਬ ਸਰਕਾਰ ਦੇ ਵਿਰੋਧ ਦੇ ਬਾਵਜੂਦ ਸੋਮਵਾਰ ਨੂੰ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ ਅਤੇ ਜਸਟਿਸ ਮਿਸ਼ਰਾ ਨੇ ਆਪਣੇ ਅਹੁਦੇ ਦੀ ਸਹੁੰ ਚੁੱਕ ਲਈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਸਮੇਤ ਹੋਰ ਅਧਿਕਾਰੀ ਸਮਾਗਮ ਵਿੱਚ ਹਾਜ਼ਰ ਰਹੇ। ਮੁੱਖ ਮੰਤਰੀ ਸਮੇਤ ਪੰਜਾਬ ਦੀਆਂ ਹੋਰ ਸਿਆਸੀ ਹਸਤੀਆਂ ਨੂੰ ਵੀ ਸੱਦਾ ਦਿੱਤਾ ਗਿਆ ਸੀ। ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮੌਜੂਦ ਨਹੀਂ ਸਨ। ਪੰਜਾਬ ਦੀਆਂ ਸਿਆਸੀ ਹਸਤੀਆਂ ਵਿੱਚੋਂ ਗਨੀਵ ਕੌਰ ਮਜੀਠੀਆ ਹੀ ਸਮਾਗਮ ਵਿੱਚ ਸ਼ਾਮਲ ਹੋਈ। ਪੰਜਾਬ ਸਰਕਾਰ ਵੱਲੋਂ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀਜੀਪੀ ਅਤੇ ਐਡਵੋਕੇਟ ਜਨਰਲ ਸਮਾਗਮ ਵਿੱਚ ਮੌਜੂਦ ਰਹੇ।

ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ’ਤੇ ਸਵਾਲ ਬੇਲੋੜੇ: ਢਿੱਲੋਂ

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ’ਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਉਠਾਏ ਜਾ ਰਹੇ ਸਵਾਲਾਂ ਨੂੰ ਬੇਲੋੜਾ ਦੱਸਿਆ ਹੈ। ਕੇਵਲ ਸਿੰਘ ਢਿੱਲੋਂ ਨੇ ਸੋਮਵਾਰ ਨੂੰ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਸੰਵਿਧਾਨ ਵਿੱਚ ਨਿਰਧਾਰਤ ਪ੍ਰਬੰਧਾਂ ਅਤੇ ਨਿਯੁਕਤੀ ਨਾਲ ਸਬੰਧਤ ਪ੍ਰਕਿਰਿਆ ਅਨੁਸਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਸਿਆਸੀ ਰੰਗ ਦੇਣ ਦੀ ਬਜਾਏ ਨਿਰਧਾਰਤ ਪ੍ਰਕਿਰਿਆ ਅਤੇ ਤੱਥਾਂ ਨੂੰ ਸਮਝਣ ਦੀ ਲੋੜ ਹੈ। ਪੰਜਾਬ ਭਾਜਪਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਇੱਕ ਨਿਰਧਾਰਤ ਸੰਵਿਧਾਨਕ ਪ੍ਰਕਿਰਿਆ ਤਹਿਤ ਹੁੰਦੀ ਹੈ। ਉਨ੍ਹਾਂ ਮੁਤਾਬਕ ਇਸ ਮਾਮਲੇ ਨੂੰ ਸਿਆਸੀ ਮੁੱਦਾ ਬਣਾਉਣ ਦੀ ਥਾਂ ਨਿਯੁਕਤੀ ਦੀ ਪ੍ਰਕਿਰਿਆ ਅਤੇ ਇਸ ਨਾਲ ਜੁੜੇ ਤੱਥਾਂ ’ਤੇ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਨਿਆਂਪਾਲਿਕਾ ਨਾਲ ਸਬੰਧਤ ਅਜਿਹੇ ਮਾਮਲਿਆਂ ਵਿੱਚ ਸੰਵਿਧਾਨਕ ਪ੍ਰਬੰਧਾਂ ਅਤੇ ਤੈਅ ਕੀਤੀ ਪ੍ਰਕਿਰਿਆ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।

ਭਾਜਪਾ ਆਗੂ ਨੇ ਪੰਜਾਬ ਸਰਕਾਰ ਦਾ ‘ਸਿਆਸੀ ਦਿਖਾਵਾ’ ਕਰਾਰ ਦਿੱਤਾ – ਖਿਆਲਾ

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਬੁਲਾਰੇ ਪ੍ਰੋ. ਸਰਚੰਦ ਸਿੰਘ ਖਿਆਲਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਦਾ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ‘ਸਿਆਸੀ ਦਿਖਾਵਾ’ ਕਰਾਰ ਦਿੱਤਾ ਹੈ। ਪ੍ਰੋ. ਖਿਆਲਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੋਂ ਸਵਾਲ ਕੀਤਾ ਕਿ ਜਦੋਂ ਸੰਵਿਧਾਨਕ ਪ੍ਰਕਿਰਿਆ ਅਧੀਨ ਨਿਯੁਕਤੀ ਬਾਰੇ ਪੰਜਾਬ ਸਰਕਾਰ ਤੋਂ ਰਾਏ ਮੰਗੀ ਗਈ ਸੀ ਤਾਂ ਸਰਕਾਰ ਨੇ ਸਮੇਂ ਸਿਰ ਆਪਣੀ ਰਾਏ ਜਾਂ ਇਤਰਾਜ਼ ਕਿਉਂ ਨਹੀਂ ਦਰਜ ਕਰਵਾਇਆ। ਉਨ੍ਹਾਂ ਦਾਅਵਾ ਕੀਤਾ ਕਿ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਪ੍ਰਸਤਾਵ 10 ਅਗਸਤ ਨੂੰ ਪੰਜਾਬ ਸਰਕਾਰ ਨੂੰ ਭੇਜਿਆ ਗਿਆ ਸੀ। ਭਾਜਪਾ ਆਗੂ ਨੇ ਕਿਹਾ ਕਿ ਹਾਈ ਕੋਰਟ ਦੇ ਚੀਫ਼ ਜਸਟਿਸ ਦੀ ਨਿਯੁਕਤੀ ਇੱਕ ਨਿਰਧਾਰਤ ਸੰਵਿਧਾਨਕ ਅਤੇ ਨਿਆਂਇਕ ਪ੍ਰਕਿਰਿਆ ਤਹਿਤ ਹੁੰਦੀ ਹੈ। ਇਸ ਲਈ ਇਸ ਮਾਮਲੇ ਨੂੰ ਸਿਆਸੀ ਵਿਵਾਦ ਦਾ ਵਿਸ਼ਾ ਨਹੀਂ ਬਣਾਇਆ ਜਾਣਾ ਚਾਹੀਦਾ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕੈਬਨਿਟ ਵੱਲੋਂ ਜਸਟਿਸ ਮਿਸ਼ਰਾ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਨਾ ਹੋਣ ਦੀ ਵੀ ਆਲੋਚਨਾ ਕੀਤੀ। ਪ੍ਰੋ. ਖਿਆਲਾ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਸੰਵਿਧਾਨਕ ਜ਼ਿੰਮੇਵਾਰੀਆਂ ਨੂੰ ਪਹਿਲ ਦੇਣ ਦੀ ਬਜਾਏ ਸਿਆਸੀ ਸਹੂਲਤ ਨੂੰ ਤਰਜੀਹ ਦੇ ਰਹੀ ਹੈ। ਭਾਜਪਾ ਆਗੂ ਨੇ ਇਹ ਵੀ ਦਾਅਵਾ ਕੀਤਾ ਕਿ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਵੱਲੋਂ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਲੰਬਿਤ ਮਹਿੰਗਾਈ ਭੱਤੇ (DA) ਅਤੇ ਮਹਿੰਗਾਈ ਰਾਹਤ (DR) ਨਾਲ ਸਬੰਧਤ ਮਾਮਲਿਆਂ ਵਿੱਚ ਅਪਣਾਏ ਗਏ ਸਖ਼ਤ ਰੁਖ ਕਾਰਨ ਵੀ ਪੰਜਾਬ ਸਰਕਾਰ ਉਨ੍ਹਾਂ ਤੋਂ ਨਾਰਾਜ਼ ਹੋ ਸਕਦੀ ਹੈ। ਪ੍ਰੋ. ਖਿਆਲਾ ਨੇ ਕਿਹਾ ਕਿ ਚੀਫ਼ ਜਸਟਿਸ ਦੀ ਨਿਯੁਕਤੀ ਨਾਲ ਜੁੜੀ ਪ੍ਰਕਿਰਿਆ ਨੂੰ ਸੰਵਿਧਾਨਕ ਨਿਯਮਾਂ ਅਨੁਸਾਰ ਹੀ ਦੇਖਿਆ ਜਾਣਾ ਚਾਹੀਦਾ ਹੈ ਅਤੇ ਇਸ ਨੂੰ ਸਿਆਸੀ ਟਕਰਾਅ ਦਾ ਰੂਪ ਨਹੀਂ ਦਿੱਤਾ ਜਾਣਾ ਚਾਹੀਦਾ।

Related posts

ਕਿੰਝ ਪੈਦਾ ਕਰੀਏ ਬੱਚਿਆਂ ਅੰਦਰ ਗੁਰਬਾਣੀ ਪ੍ਰਤੀ ਸਨੇਹ ?

admin

ਭੱਠਲ ਦੇ ਬਿਆਨਾਂ ਤੋਂ ਪਤਾ ਚੱਲਦਾ, ਕਾਂਗਰਸ ਲੋਕਾਂ ਨੂੰ ਲੜਵਾ-ਮਰਵਾ ਕੇ ਸੱਤਾ ‘ਚ ਆਉਂਦੀ ਰਹੀ ਹੈ : ਕੁਲਦੀਪ ਸਿੰਘ ਧਾਲੀਵਾਲ

admin

‘ਬਿੱਲ ਲਿਆਓ ਇਨਾਮ ਪਾਓ’ ਯੋਜਨਾ; 2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

Bunty