ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ਲਈ ਹੋਣ ਵਾਲੀ ਉਪ ਚੋਣ ਵਿੱਚ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਪਾਰਟੀ ਦੀ ਕੇਂਦਰੀ ਚੋਣ ਕਮੇਟੀ ਨੇ ਉਨ੍ਹਾਂ ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਜਾਣਕਾਰੀ ਭਾਜਪਾ ਵੱਲੋਂ 31 ਮਈ, 2025 ਨੂੰ ਜਾਰੀ ਇੱਕ ਪ੍ਰੈਸ ਰਿਲੀਜ਼ ਵਿੱਚ ਦਿੱਤੀ ਗਈ ਹੈ। ਇਸ ਸੀਟ ਲਈ ਵੋਟਿੰਗ 19 ਜੂਨ, 2025 ਨੂੰ ਹੋਵੇਗੀ, ਜਦੋਂ ਕਿ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਜੂਨ, 2025 ਨੂੰ ਕੀਤਾ ਜਾਵੇਗਾ।
ਲੁਧਿਆਣਾ ਪੱਛਮੀ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੇ ਦਿਹਾਂਤ ਤੋਂ ਬਾਅਦ ਖ਼ਾਲੀ ਹੋ ਗਈ ਸੀ, ਜਿੱਥੇ ਹੁਣ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਕਾਂਗਰਸ ਵੱਲੋਂ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਸ਼ੁੱਕਰਵਾਰ ਨੂੰ ਉਪ ਚੋਣ ਲਈ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਵੀਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਵੀ ਵੀਰਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।
ਭਾਜਪਾ ਅਜੇ ਤਕ ਇਸ ਚੋਣ ਵਿਚੋਂ ਪੂਰੀ ਤਰ੍ਹਾਂ ਨਦਾਰਦ ਨਜ਼ਰ ਆ ਰਹੀ ਸੀ। ਭਾਜਪਾ ਦੀ ਗੈਰ ਮੌਜੂਦਗੀ ਇਸ ਗੱਲ ਤੋਂ ਵੀ ਜ਼ਾਹਰ ਹੁੰਦੀ ਹੈ ਕਿ ਅੱਜ ਨਾਮਜ਼ਦਗੀ ਭਰਨ ਦੇ ਆਖਰੀ ਦਿਨ ਪਾਰਟੀ ਵੱਲੋਂ ਆਪਣੇ ਉਮੀਦਵਾਰ ਦਾ ਐਲਾਨ ਕੀਤਾ ਗਿਆ। ਹਲਕੇ ਵਿਚ ਨਾ ਤਾਂ ਭਾਜਪਾ ਦੀ ਅਜੇ ਤਕ ਕੋਈ ਹਿਲਜੁਲ ਨਜ਼ਰ ਆ ਰਹੀ ਹੈ ਅਤੇ ਨਾ ਹੀ ਕਿਸੇ ਵੱਡੇ ਆਗੂ ਦਾ ਇਸ ਬਾਰੇ ਕੋਈ ਬਿਆਨ ਆਇਆ ਹੈ। ਇਕ ਪਾਸੇ ਜਿੱਥੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚਾਲੇ ਪੋਸਟਰ ਵਾਰ ਰਾਹੀਂ ਤਿੱਖੀਆਂ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਹੀ ਭਾਜਪਾ ਦੇ ਅਜੇ ਤਕ ਹਲਕੇ ਵਿਚ ਪੋਸਟਰ ਵੀ ਨਹੀਂ ਲੱਗੇ ਹਨ।