ਫਰੀਦਕੋਟ – ਜ਼ਿਲ੍ਹਾ ਪੁਲਿਸ ਨੇ ਡੇਰਾ ਸੱਚਾ ਸੌਦਾ ਸਿਰਸਾ ਦੀ ਕੌਮੀ ਕਮੇਟੀ ਦੇ ਤਿੰਨ ਮੈਂਬਰਾਂ ਸੰਦੀਪ ਬਰੇਟਾ, ਪ੍ਰਦੀਪ ਕਲੇਰ ਤੇ ਹਰਸ਼ ਧੁਰੀ ਖ਼ਿਲਾਫ਼ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਜੋ 2015 ਦੇ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਤਿੰਨੋਂ ਘਟਨਾਵਾਂ ‘ਚ ਲੋੜੀਂਦੇ ਸਨ। ਇਨ੍ਹਾਂ ਘਟਨਾਵਾਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਐਸਆਈਟੀ ਨੇ ਡੇਰਾ ਕਮੇਟੀ ਦੇ ਇਨ੍ਹਾਂ ਤਿੰਨਾਂ ਮੈਂਬਰਾਂ ਦੇ ਨਾਂ ਦੱਸੇ ਹਨ। ਇਨ੍ਹਾਂ ਦਾ ਕੋਈ ਸੁਰਾਗ ਨਾ ਮਿਲਣ ਕਾਰਨ ਅਦਾਲਤ ਨੇ ਇਨ੍ਹਾਂ ਤਿੰਨਾਂ ਘਟਨਾਵਾਂ ‘ਚ ਭਗੌੜਾ ਐਲਾਨ ਦਿੱਤਾ ਹੈ। ਜ਼ਿਕਰਯੋਗ ਹੈ ਕਿ ਤਿੰਨੋਂ ਮੁਲਜ਼ਮ ਮੋਗਾ ਦੇ ਪਿੰਡ ਮਲਕੇ ਤੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਗੁਰੂਸਰ ‘ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ‘ਚ ਭਗੌੜੇ ਚੱਲ ਰਹੇ ਹਨ। ਇਹ ਘਟਨਾਵਾਂ ਅਕਤੂਬਰ 2015 ‘ਚ ਵੀ ਸਾਹਮਣੇ ਆਈਆਂ ਸਨ।ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਨਵੇਂ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਤਿੰਨ ਫਰਾਰ ਮੁਲਜ਼ਮਾਂ ਦੀ ਭਾਲ ਲਈ 4 ਮੈਂਬਰੀ ਟੀਮ ਦਾ ਗਠਨ ਕੀਤਾ ਸੀ। ਇਸ ਦੀ ਨਿਗਰਾਨੀ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਕਰਨਗੇ। ਟੀਮ ‘ਚ ਏਆਈਜੀ ਰਜਿੰਦਰ ਸਿੰਘ ਸੋਹਲ, ਡੀਐਸਪੀ ਗੁਰਚਰਨ ਸਿੰਘ, ਡੀਐਸਪੀ ਰਾਕੇਸ਼ ਯਾਦਵ ਤੇ ਇੰਸਪੈਕਟਰ ਵਿਜੇ ਕੁਮਾਰ ਸ਼ਾਮਲ ਹਨ। ਇਨ੍ਹਾਂ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਹਰਿਆਣਾ ਨਿਵਾਸੀ ਪ੍ਰਦੀਪ ਕਲੇਰ ਤੇ ਪੰਜਾਬ ਨਿਵਾਸੀ ਹਰਸ਼ ਧੁਰੀ ਤੇ ਸੰਦੀਪ ਬਰੇਟਾ ਸਾਲ 2015 ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀ ਹਨ। ਉਸ ਨੂੰ 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਦੋਸ਼ ‘ਚ ਭਗੌੜਾ ਕਰਾਰ ਕੀਤਾ ਗਿਆ ਹੈ।ਬਰਗਾੜੀ ਬੇਅਦਬੀ ਕੇਸ ਤੇ ਇਸ ਨਾਲ ਜੁੜੇ ਮੁੱਦੇ ਪੰਜਾਬ ਦੀ ਸਿਆਸਤ ‘ਚ ਸੰਵੇਦਨਸ਼ੀਲ ਰਹੇ। ਹਾਲ ਹੀ ‘ਚ ਨਵਜੋਤ ਸਿੰਘ ਸਿੱਧੂ ਨੇ ਬੇਅਦਬੀ ਦੇ ਮੁੱਦੇ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਕੇਸ ਦੀ ਜਾਂਚ ਨਾਲ ਜੁੜੇ ਹੋਣ ਕਾਰਨ ਉਨ੍ਹਾਂ ਡੀਜੀਪੀ ਸਹੋਤਾ ਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਦਾ ਵਿਰੋਧ ਕਰਦਿਆਂ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਦੇ ਵਿਰੋਧ ਤੋਂ ਬਾਅਦ ਬੈਕਫੁੱਟ ’ਤੇ ਆਈ ਨਵੀਂ ਚਰਨਜੀਤ ਸਿੰਘ ਚੰਨੀ ਸਰਕਾਰ ਨੂੰ ਡੀਜੀਪੀ ਦੇ ਅਹੁਦੇ ’ਤੇ ਨਿਯੁਕਤੀ ਲਈ ਅਧਿਕਾਰੀਆਂ ਦੇ ਨਾਂ ਕੇਂਦਰ ਸਰਕਾਰ ਨੂੰ ਭੇਜਣੇ ਪਏ।