ਅੰਮ੍ਰਿਤਸਰ – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਵਿਖੇ ਤੀਆਂ ਦੇ ਪਵਿੱਤਰ ਤਿਉਹਾਰ ਨੂੰ ਸਮਰਪਿਤ ‘ਅੰਤਰ ਖ਼ਾਲਸਾ ਪੰਜਾਬੀ ਲੋਕ ਗੀਤ ਮੁਕਾਬਲੇ’ ਕਰਵਾਏ ਗਏ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਉਕਤ ਸਮਾਗਮ ’ਚ ਸ੍ਰੀਮਤੀ ਮਨਤੇਜ ਕੌਰ ਛੀਨਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਬੀ. ਐੱਸ. ਸੀ. (ਆਨਰਜ਼) ਅਤੇ ਐੱਮ. ਐੱਸ.ਸੀ. (ਆਨਰਜ਼) ਹਿਊਮਨ ਜੈਨੇਟਿਕਸ-ਗੋਲਡ ਮੈਡਲਿਸਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਸਿਰਫ਼ ਇਕ ਸਕੂਲ ਹੀ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਦਾ ਕੇਂਦਰ ਹੈ। ਉਨ੍ਹਾਂ ਕਿਹਾ ਕਿ ਇਸ ਸਕੂਲ ’ਚ ਪੜ੍ਹਾਈ ਦੇ ਨਾਲ-ਨਾਲ ਬੱਚਿਆਂ ਦੇ ਗੁਣਾਂ ਨੂੰ ਨਿਖਾਰਨ, ਉਨ੍ਹਾਂ ਦੇ ਆਤਮ-ਵਿਸ਼ਵਾਸ ਨੂੰ ਵਧਾਉਣ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਲਈ ਹਰੇਕ ਸੰਭਵ ਉਪਰਾਲਾ ਕੀਤਾ ਜਾਂਦਾ ਹੈ। ਉਨ੍ਹਾਂ ਨੇ ਪ੍ਰਿੰ: ਸ੍ਰੀਮਤੀ ਗਿੱਲ, ਸਮੁੱਚੇ ਸਟਾਫ਼ ਅਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਬੱਚਿਆਂ ’ਚ ਸੱਭਿਆਚਾਰਕ ਜਾਗਰੂਕਤਾ ਅਤੇ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਦੇ ਹਨ।
ਇਸ ਮੌਕੇ ਵਿਦਿਆਰਥੀਆਂ ਦੇ 2 ਪੱਧਰਾਂ ਸੀਨੀਅਰ ਅਤੇ ਜੂਨੀਅਰ ਵਰਗ ’ਤੇ ਮੁਕਾਬਲਿਆਂ ਨੂੰ ਕਰਵਾਇਆ ਗਿਆ। ਸਮਾਗਮ ਮੌਕੇ ਵਿਦਿਆਰਥੀਆਂ ਨੇ ਪੰਜਾਬੀ ਲੋਕ ਗੀਤਾਂ, ਗਿੱਧਾ, ਭੰਗੜਾ ਅਤੇ ਹੋਰ ਲੋਕ ਕਲਾਵਾਂ ਰਾਹੀਂ ਆਪਣੀ ਪੇਸ਼ਕਾਰੀ ਦਿੱਤੀ। ਹਰੇਕ ਪੇਸ਼ਕਾਰੀ ’ਚ ਪੰਜਾਬੀ ਸੱਭਿਆਚਾਰ ਦੀ ਝਲਕ ਸਾਫ਼ ਦੇਖਣ ਨੂੰ ਮਿਲੀ। ਇਸ ਪ੍ਰੋਗਰਾਮ ’ਚ ਸਕੂਲ ਦੇ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫਤਿਹ ਸਿੰਘ ਚਾਰੇ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਮੌਕੇ ਪ੍ਰਿੰ: ਗਿੱਲ ਨੇ ਕਿਹਾ ਕਿ ਇਸ ਮੁਕਾਬਲੇ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਅੰਦਰ ਛੁਪੇ ਹੋਏ ਹੁਨਰ ਨੂੰ ਪਛਾਣਨਾ, ਮੰਚ ’ਤੇ ਆਉਣ ਦਾ ਹੌਸਲਾ ਦੇਣਾ ਅਤੇ ਪੰਜਾਬ ਦੀ ਅਨਮੋਲ ਵਿਰਾਸਤ ਨਾਲ ਨਵੀਂ ਪੀੜ੍ਹੀ ਨੂੰ ਜੋੜਨਾ ਸੀ। ਉਨ੍ਹਾਂ ਕਿਹਾ ਕਿ ਸਕੂਲ ਅਜਿਹੇ ਉਪਰਾਲਿਆਂ ਰਾਹੀਂ ਆਪਣੇ ਟੀਚੇ ਨੂੰ ਉਜਾਗਰ ਕਰਦਾ ਹੈ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਕਿਤਾਬੀ ਗਿਆਨ ਨਹੀਂ, ਸਗੋਂ ਵਿਦਿਆਰਥੀ ਨੂੰ ਹਰੇਕ ਖੇਤਰ ’ਚ ਨਿਪੁੰਨ ਅਤੇ ਸੱਭਿਆਚਾਰ ਨਾਲ ਜੁੜਿਆ ਹੋਇਆ ਨਾਗਰਿਕ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੇ ਨਿਰੰਤਰ ਸਹਿਯੋਗ, ਮਾਰਗਦਰਸ਼ਨ ਅਤੇ ਵਿਸ਼ੇਸ਼ ਉਪਰਾਲਿਆਂ ਸਦਕਾ ਹੀ ਵਿਦਿਆਰਥੀ ਅਜਿਹੇ ਮੁਕਾਬਲਿਆਂ ’ਚ ਵਧੀਆ ਪ੍ਰਦਰਸ਼ਨ ਕਰਕੇ ਜੇਤੂ ਬਣਦੇ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਨਾ ਸਿਰਫ਼ ਆਪਣੇ ਹਾਊਸ ਦਾ ਨਾਮ ਰੌਸ਼ਨ ਕੀਤਾ, ਸਗੋਂ ਸਮੁੱਚੇ ਸਕੂਲ ਦਾ ਮਾਣ ਵੀ ਵਧਾਇਆ।
ਇਸ ਮੌਕੇ ਸ੍ਰੀਮਤੀ ਮਨਤੇਜ ਛੀਨਾ ਨੇ ਪ੍ਰਿੰ: ਸ੍ਰੀਮਤੀ ਗਿੱਲ ਨਾਲ ਮਿਲ ਕੇ ਸਕੂਲ ਦੇ ਹੋਣਹਾਰ ਅਤੇ ਕਾਬਲ ਵਿਦਿਆਰਥੀ ਅਰਮਾਨਬੀਰ ਸਿੰਘ ਨੂੰ ਵਿਸ਼ੇਸ਼ ਪੇਸ਼ਕਾਰੀ ਲਈ ਉਚੇਚੇ ਤੌਰ ’ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਰਮਾਨਬੀਰ ਸਿੰਘ ਵੱਲੋਂ ਪੇਸ਼ ਕੀਤਾ ਗਿਆ ਸ਼ਬਦ ਗਾਇਨ, ਲੋਕ ਗੀਤ ਅਤੇ ਹਾਊਸ ਪ੍ਰਫੋਰਮੈਂਸ ਬਾਕਮਾਲ ਸਨ। ਇਸ ਮੌਕੇ ਉਨ੍ਹਾਂ ਹੋਰਨਾਂ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਨਾਲ ਸਨਮਾਨਿਤ ਕਰਦਿਆਂ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
