ਨਵੀਂ ਦਿੱਲੀ – ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਅਤੇ ਦਿੱਲੀ ਦੀਆਂ ਸਰਹੱਦਾਂ ‘ਤੇ ਰੋਸ ਪ੍ਰਦਰਸ਼ਨ ਕਰਨ ਵਾਲੇ ਕਿਸਾਨਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ ਸੀ। ਦਿੱਲੀ ਪੁਲਿਸ ਵੱਲੋਂ ਇਸ ਸਬੰਧੀ 54 ਕੇਸ ਦਰਜ ਕੀਤੇ ਗਏ ਸਨ, ਜਿਨ੍ਹਾਂ ਨੂੰ ਵਾਪਸ ਲੈਣ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।
ਇਸ ਨਾਲ ਸਬੰਧਤ ਪ੍ਰਸਤਾਵ ਲੈਫਟੀਨੈਂਟ ਗਵਰਨਰ ਬੈਜਲ ਨੇ 31 ਜਨਵਰੀ 2022 ਨੂੰ ਦਿੱਲੀ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਭੇਜਿਆ ਸੀ। ਦੱਸਿਆ ਜਾਂਦਾ ਹੈ ਕਿ ਗ੍ਰਹਿ ਵਿਭਾਗ ਵੱਲੋਂ ਇੱਕ ਕਮੇਟੀ ਵੀ ਬਣਾਈ ਗਈ ਸੀ। ਇਸ ਸਬੰਧੀ ਅਹਿਮ ਮੀਟਿੰਗ ਵੀ ਕੀਤੀ ਗਈ ਹੈ। ਹੁਣ ਇਸ ਸਬੰਧੀ ਅੰਤਿਮ ਫੈਸਲਾ ਲੈਣ ਲਈ ਸਬੰਧਤ ਫਾਈਲ 16 ਫਰਵਰੀ ਨੂੰ ਦਿੱਲੀ ਦੇ ਗ੍ਰਹਿ ਮੰਤਰੀ ਸਤੇਂਦਰ ਜੈਨ ਨੂੰ ਭੇਜ ਦਿੱਤੀ ਗਈ ਹੈ।
ਦੱਸ ਦਈਏ ਕਿ ਕੇਂਦਰ ਸਰਕਾਰ ਨੇ ਨਵੰਬਰ 2020 ਤੋਂ ਦਸੰਬਰ 2021 ਦਰਮਿਆਨ ਪ੍ਰਦਰਸ਼ਨਕਾਰੀਆਂ ‘ਤੇ ਦਰਜ ਕੇਸ ਵਾਪਸ ਲੈਣ ਲਈ ਵੀ ਸਹਿਮਤੀ ਜਤਾਈ ਸੀ। ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਕੇਸ ਵਾਪਸ ਲਏ ਜਾਣ, ਜਿਨ੍ਹਾਂ ਵਿੱਚ ਪੁਲੀਸ ਨੇ ਚਾਰਜਸ਼ੀਟ ਦਾਖ਼ਲ ਕੀਤੀ ਹੈ, ਉਹ ਦੋ ਕੇਸ ਵੀ ਸ਼ਾਮਲ ਹਨ। ਉਸ ਸਮੇਂ ਦੌਰਾਨ 26 ਜਨਵਰੀ 2021 ਨੂੰ ਕਿਸਾਨਾਂ ਦੇ ਮਾਰਚ ਦੌਰਾਨ ਲਾਲ ਕਿਲੇ ਸਮੇਤ ਰਾਜਧਾਨੀ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਦੀ ਪੁਲਿਸ ਨਾਲ ਹਿੰਸਕ ਝੜਪ ਵੀ ਹੋਈ ਸੀ। ਇਸ ਤੋਂ ਪਹਿਲਾਂ ਪੁਲੀਸ ਵੱਲੋਂ ਇਸ ਮਾਮਲੇ ਵਿੱਚ 25 ਕੇਸ ਦਰਜ ਕੀਤੇ ਗਏ ਸਨ।