ਨਵੀਂ ਦਿੱਲੀ – ਦਿੱਲੀ ਹਾਈ ਕੋਰਟ ਨੇ ਕਥਿਤ ਆਬਕਾਰੀ ਨੀਤੀ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਦੇ ਹੇਠਲੀ ਅਦਾਲਤ ਦੇ ਹੁਕਮਾਂ ‘ਤੇ ਅੱਜ ਰੋਕ ਲਗਾ ਦਿੱਤੀ। ਜਸਟਿਸ ਸੁਧੀਰ ਕੁਮਾਰ ਜੈਨ ਦੇ ਛੁੱਟੀ ਵਾਲੇ ਬੈਂਚ ਨੇ ਕਿਹਾ ਕਿ ਹੇਠਲੀ ਅਦਾਲਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੇਸ਼ ਕੀਤੀ ਸਮੱਗਰੀ ਦਾ ਸਹੀ ਤਰ੍ਹਾਂ ਵਿਸ਼ਲੇਸ਼ਣ ਕਰਨ ਵਿੱਚ ਅਸਫਲ ਰਹੀ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਦੀ ਜ਼ਮਾਨਤ ਪਟੀਸ਼ਨ ਦਾ ਫੈਸਲਾ ਕਰਦੇ ਸਮੇਂ ਵਿਵੇਕ ਦੀ ਵਰਤੋਂ ਨਹੀਂ ਕੀਤੀ। ਬੈਂਚ ਨੇ ਇਹ ਵੀ ਕਿਹਾ ਕਿ ਹੇਠਲੀ ਅਦਾਲਤ ਨੂੰ ਈਡੀ ਨੂੰ ਆਪਣਾ ਪੱਖ ਪੇਸ਼ ਕਰਨ ਦਾ ਢੁੱਕਵਾਂ ਮੌਕਾ ਦੇਣਾ ਚਾਹੀਦਾ ਸੀ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਦੱਸਣਯੋਗ ਹੈ ਕਿ ਕੇਜਰੀਵਾਲ ਨੂੰ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਰਾਹਤ ਦਿੰਦੇ ਹੋਏ 1 ਲੱਖ ਰੁਪਏ ਦੇ ਨਿੱਜੀ ਮੁਚੱਲਕੇ ’ਤੇ ਜ਼ਮਾਨਤ ਦੇ ਦਿੱਤੀ ਸੀ ਪਰ ਈਡੀ ਇਸ ਫ਼ੈਸਲੇ ਦੇ ਖ਼ਿਲਾਫ਼ ਹਾਈਕੋਰਟ ਗਈ ਸੀ। ਕੋਰਟ ਨੇ ਪਹਿਲੇ ਹੀ ਦਿਨ ਕੇਜਰੀਵਾਲ ਦੀ ਜ਼ਮਾਨਤ ਨੂੰ ਲੈ ਕੇ ਆਈ ਹੇਠਲੀ ਅਦਾਲਤ ਦੇ ਫ਼ੈਸਲੇ ’ਤੇ ਰੋਕ ਲਗਾ ਦਿੱਤੀ ਸੀ ਅਤੇ ਅੱਜ ਅਦਾਲਤ ਦੇ ਫ਼ੈਸਲੇ ਤੋਂ ਬਾਅਦ ਫਿਲਹਾਲ ਇਹ ਰੋਕ ਅਜੇ ਵੀ ਬਰਕਰਾਰ ਰਹੇਗੀ।
