ਨਵੀਂ ਦਿੱਲੀ – ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੋ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿਚ ਤਰਥੱਲੀ ਮਚ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਵੀਰਵਾਰ ਨੂੰ ਹਵਾਈ ਅੱਡਿਆਂ ਤੇ ਬੰਦਰਗਾਹਾਂ ‘ਤੇ ਤਾਇਨਾਤ ਸਿਹਤ ਅਧਿਕਾਰੀਆਂ ਦੇ ਨਾਲ-ਨਾਲ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ‘ਚ ਕੋਰੋਨਾ ਦੇ ਨਵੇਂ ਰੂਪ ‘ਓਮੀਕ੍ਰੋਨ’ ਦੇ ਖਤਰੇ ਤੇ ਇਸ ਦੀ ਰੋਕਥਾਮ ਸਬੰਧੀ ਵੱਖ-ਵੱਖ ਨੁਕਤਿਆਂ ‘ਤੇ ਚਰਚਾ ਕੀਤੀ ਗਈ। ਜ਼ਿਕਰਯੋਗ ਹੈ ਕਿ ਸਿਹਤ ਮੰਤਰਾਲਾ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਦੇਸ਼ ਵਿਚ ਆਉਣ ਵਾਲੇ ਅੰਤਰਰਾਸ਼ਟਰੀ ਯਾਤਰੀਆਂ ਦੀ ਸਖਤੀ ਨਾਲ ਨਿਗਰਾਨੀ ਕਰਨ ਤੇ ਉਨ੍ਹਾਂ ਦੇ ਕੋਵਿਡ -19 ਟੈਸਟ ਕਰਵਾਉਣ ਦੀ ਸਲਾਹ ਦੇ ਰਿਹਾ ਹੈ।ਸਿਹਤ ਮੰਤਰਾਲੇ ਨੇ ਸੂਬਿਆਂ ਨੂੰ ‘ਖ਼ਤਰੇ’ ਵਾਲੇ ਦੇਸ਼ਾਂ ਤੋਂ ਸੰਕਰਮਿਤ ਅੰਤਰਰਾਸ਼ਟਰੀ ਯਾਤਰੀਆਂ ਦੇ ਨਮੂਨਿਆਂ ਦੀ ਜੀਨੋਮ ਸੀਕਵੈਂਸਿੰਗ ਕਰਨ ਦੇ ਨਿਰਦੇਸ਼ ਦਿੱਤੇ ਹਨ। ਖ਼ਤਰੇ ਵਾਲੇ ਦੇਸ਼ਾਂ ਦੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਆਰਟੀ-ਪੀਸੀਆਰ ਟੈਸਟ ਦੀਆਂ ਰਿਪੋਰਟਾਂ ਆਉਣ ਤਕ ਹਵਾਈ ਅੱਡਿਆਂ ‘ਤੇ ਇੰਤਜ਼ਾਰ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ। ਸੂਬਿਆਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਵੀ ਹੁਕਮ ਦਿੱਤੇ ਗਏ ਹਨ ਕਿ ਉਹ ਇਨਫੈਕਟਿਡ ਯਾਤਰੀਆਂ ਦੇ ਜੀਨੋਮ ਟੈਸਟ ਲਈ ਨਮੂਨੇ ਤੁਰੰਤ ਸਬੰਧਤ ਇਨਸਾਕੋਗ ਪ੍ਰਯੋਗਸ਼ਾਲਾਵਾਂ ਵਿਚ ਭੇਜਣ। ਇੰਨਾ ਹੀ ਨਹੀਂ, ਸੂਬਿਆਂ ਨੂੰ ਇਨਫੈਕਟਿਡ ਯਾਤਰੀਆਂ ਦੇ ਸੰਪਰਕ ਵਿਚ ਆਏ ਲੋਕਾਂ ਦਾ ਪਤਾ ਲਗਾਉਣ ਲਈ ਵੀ ਕਿਹਾ ਗਿਆ ਹੈ।
