ਦੇਹਰਾਦੂਨ – ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਵਿਵਾਦਤ ਬਿਆਨਾਂ ਤੋ ਕਾਂਗਰਸ ਨੇ ਕਿਨਾਰਾ ਕਰਦੇ ਹੋਏ ਸਖਤ ਰੁਖ਼ ਅਪਣਾਉਣ ਦੇ ਸੰਕੇਤ ਦਿੱਤੇ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਹਰੀਸ਼ ਰਾਵਤ ਨੇ ਕਿਹਾ ਕਿ ਸਿੱਧੂ ਦੇ ਸਲਾਹਕਾਰਾਂ ਨਾਲ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਪਾਰਟੀ ਇਸ ਦੀ ਜਾਂਚ ਕਰ ਰਹੀ ਹੈ। ਕਾਂਗਰਸ ਦਾ ਰੁਖ਼ ਇਕਦਮ ਸਪਸ਼ਟ ਹੈ। ਜੰਮੂ ਕਸ਼ਮੀਰ ਭਾਰਤ ਦਾ ਅਟੁੱਟ ਹਿੱਸਾ ਹੈ। ਮਕਬੂਜ਼ਾ ਕਸ਼ਮੀਰ ਵੀ ਦੇਸ਼ ਦਾ ਹਿੱਸਾ ਹੈ।
ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਜੰਮੂ-ਕਸ਼ਮੀਰ ਨੂੰ ਲੈ ਕੇ ਬਿਆਨ ਤੇ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਸਬੰਧਤ ਸਕੈਚ ਇੰਟਰਨੈੱਟ ਮੀਡੀਆ ’ਤੇ ਪੋਸਟ ਕੀਤੇ ਜਾਣ ਦਾ ਮਾਮਲਾ ਪੰਜਾਬ ਦੇ ਨਾਲ ਹੀ ਰਾਸ਼ਟਰੀ ਸਿਆਸਤ ’ਚ ਵੀ ਤੂਲ ਫੜ ਗਿਆ ਹੈ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੇ ਬਿਆਨਾਂ ਲਈ ਕਾਂਗਰਸ ਜ਼ਿੰਮੇਵਾਰ ਨਹੀਂ ਹੈ। ਇਸ ਤਰ੍ਹਾਂ ਦੇ ਝੂਠ ਨਾਲ ਪਾਰਟੀ ਦਾ ਕੋਈ ਸਰੋਕਾਰ ਨਹੀਂ ਹੈ। ਪੰਡਤ ਜਵਾਹਰ ਲਾਲ ਨਹਿਰੂ, ਲਾਲ ਬਹਾਦਰ ਸ਼ਾਸਤਰੀ, ਇੰਦਰਾ ਗਾਂਧੀ ਤੋਂ ਲੈ ਕੇ ਡਾ. ਮਨਮੋਹਨ ਸਿੰਘ ਤਕ ਜੰਮੂ-ਕਸ਼ਮੀਰ ਨੂੰ ਲੈ ਕੇ ਪਾਰਟੀ ਦੇ ਰੁਖ਼ ’ਤੇ ਕਿਸੇ ਨੂੰ ਸ਼ੱਕ ਕਰਨ ਦਾ ਅਧਿਕਾਰ ਨਹੀਂ ਹੈ। ਕਾਂਗਰਸ ਉਸੇ ਰੁਖ਼ ’ਤੇ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ।