ਅੰਮ੍ਰਿਤਸਰ – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਕਾਂਗਰਸ ਦੇ ਉਮੀਦਵਾਰ ਤੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬੁੱਧਵਾਰ ਨੂੰ ਅਚਾਨਕ ਚੋਣ ਪ੍ਰਚਾਰ ਅੱਧ ਵਿਚਾਲੇ ਛੱਡ ਕੇ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋ ਗਏ। ਇਸ ਤੋਂ ਬਾਅਦ ਸਿਆਸੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ ਹੈ।
ਸਿਆਸੀ ਮਾਹਿਰ ਇਸ ਨੂੰ ਪੰਜਾਬ ਕਾਂਗਰਸ ਦੇ ਦਿੱਗਜ ਆਗੂਆਂ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਕੁਰਸੀ ਨੂੰ ਲੈ ਕੇ ਚੱਲ ਰਹੀ ਤਕਰਾਰ ਦੇ ਨਤੀਜੇ ਵਜੋਂ ਦੇਖ ਰਹੇ ਹਨ। ਸਿੱਧੂ ਦੇ ਵੈਸ਼ਨੋ ਦੇਵੀ ਜਾਣ ਦੀ ਪੁਸ਼ਟੀ ਉਨ੍ਹਾਂ ਦੇ ਨੇੜਲੇ ਆਗੂਆਂ ਨੇ ਕੀਤੀ ਹੈ।
ਇਸ ਤੋਂ ਪਹਿਲਾਂ ਸਵੇਰੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਇਹ ਕਹਿ ਕੇ ਸਿਆਸੀ ਖਲਬਲੀ ਮਚਾ ਦਿੱਤੀ ਸੀ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਉਨ੍ਹਾਂ ਕੋਲ 42 ਵਿਧਾਇਕਾਂ ਦਾ ਸਮਰਥਨ ਸੀ ਪਰ ਸੀਐੱਮ ਬਣੇ 2 ਵਿਧਾਇਕਾਂ ਦੇ ਸਮਰਥਨ ਵਾਲੇ ਚਰਨਜੀਤ ਸਿੰਘ ਚੰਨੀ। ਸੁਖਜਿੰਦਰ ਸਿੰਘ ਰੰਧਾਵਾ ਨੂੰ 16 ਵਿਧਾਇਕਾਂ ਨੇ ਤੇ ਨਵਜੋਤ ਸਿੰਘ ਸਿੱਧੂ ਨੂੰ ਸਿਰਫ਼ 6 ਵਿਧਾਇਕਾਂ ਨੇ ਆਪਣਾ ਸਮਰਥਨ ਦਿੱਤਾ ਸੀ।
ਦਸ ਨਿਰਧਾਰਤ ਪ੍ਰੋਗਰਾਮ ਛੱਡ ਕੇ ਮਾਤਾ ਵੈਸ਼ਨੋ ਦੇਵੀ ਗਏ ਸਿੱਧੂ
ਸਿੱਧੂ ਦੇ ਬੁੱਧਵਾਰ ਦੇ ਸ਼ਡਿਊਲ ਅਨੁਸਾਰ ਹਲਕਾ ਮੌੜ ਦੇ ਵੱਖ-ਵੱਖ ਵਾਰਡਾਂ ‘ਚ ਦਸ ਦੇ ਕਰੀਬ ਪ੍ਰੋਗਰਾਮ ਤੈਅ ਕੀਤੇ ਗਏ ਸਨ। ਉਹ ਅੱਜ ਸਵੇਰੇ ਡੀਸੀਸੀ ਦੀ ਸਾਬਕਾ ਪ੍ਰਧਾਨ ਅਤੇ ਕੌਂਸਲਰ ਜਤਿੰਦਰ ਸੋਨੀਆ ਦੇ ਘਰ ਰੱਖੇ ਗਏ ਪਹਿਲੇ ਪ੍ਰੋਗਰਾਮ ‘ਚ ਵੀ ਨਹੀਂ ਪੁੱਜੇ। ਪਤਾ ਕਰਨ ‘ਤੇ ਪਤਾ ਲੱਗਾ ਕਿ ਸਿੱਧੂ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਗਏ ਸਨ। ਉਨ੍ਹਾਂ ਦੇ ਅਚਾਨਕ ਚਲੇ ਜਾਣ ਕਾਰਨ ਕਈ ਚਰਚਾਵਾਂ ਚੱਲ ਰਹੀਆਂ ਹਨ। ਸਾਬਕਾ ਸ਼ਹਿਰੀ ਪ੍ਰਧਾਨ ਤੇ ਕਾਂਗਰਸ ਦੇ ਕੌਂਸਲਰ ਜਤਿੰਦਰ ਸੋਨੀਆ ਨੇ ਦੱਸਿਆ ਕਿ ਸਿੱਧੂ ਦੇ ਉਨ੍ਹਾਂ ਦੇ ਘਰ ਆਉਣ ਦੀ ਸੂਚਨਾ ਮਿਲੀ ਸੀ। ਹਾਲਾਂਕਿ ਮੰਗਲਵਾਰ ਨੂੰ ਇੱਕ ਪ੍ਰੋਗਰਾਮ ਸੀ, ਜਿਸ ਵਿੱਚ ਸਿੱਧੂ ਨੇ ਆਉਣਾ ਸੀ, ਪਰ ਉਹ ਨਹੀਂ ਆਏ। ਉਨ੍ਹਾਂ ਦੇ ਬੁੱਧਵਾਰ ਨੂੰ ਆਉਣ ਦੀ ਉਮੀਦ ਸੀ, ਪਰ ਕੋਈ ਜਾਣਕਾਰੀ ਨਹੀਂ ਦਿੱਤੀ ਗਈ।