ਵਾਸ਼ਿੰਗਟਨ – ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਕਾਰਨ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਉਸ ਨੇ ਆਪਣੇ ’ਤੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਕਿਹਾ ਕਿ ਦੇਸ਼ ਆਪਣੇ ਨਾਗਰਿਕਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਨੂੰ ਬਰਦਾਸ਼ਤ ਨਹੀਂ ਕਰੇਗਾ। ਗੁਪਤਾ (53) ਨੂੰ ਨਿਊਯਾਰਕ ਵਿੱਚ ਖ਼ਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਲਈ ਅਮਰੀਕੀ ਸਰਕਾਰ ਦੀ ਅਪੀਲ ’ਤੇ 30 ਜੂਨ 2023 ਨੂੰ ਚੈੱਕ ਗਣਰਾਜ ਵਿੱਚ ਗਿ੍ਰਫਤਾਰ ਕੀਤਾ ਗਿਆ ਸੀ। ਉਸ ਨੂੰ ਇਸ ਮਹੀਨੇ 14 ਜੂਨ ਨੂੰ ਅਮਰੀਕਾ ਹਵਾਲੇ ਕੀਤਾ ਗਿਆ। ਗੁਪਤਾ ਦੇ ਅਟਾਰਨੀ ਜੈਫਰੀ ਚੈਬਰੋਵੇ ਅਨੁਸਾਰ ਅੱਜ ਉਹ ਆਪਣੀ ਪਹਿਲੀ ਪੇਸ਼ੀ ਲਈ ਮੈਨਹਟਨ ਸੰਘੀ ਅਦਾਲਤ ਵਿੱਚ ਮੈਜਿਸਟਰੇਟ ਜੱਜ ਜੇਮਜ਼ ਕੌਟ ਦੇ ਸਾਹਮਣੇ ਪੇਸ਼ ਹੋਇਆ, ਜਿੱਥੇ ਉਸ ਨੇ ਆਪਣੇ ’ਤੇ ਲੱਗ ਦੋਸ਼ ਨਹੀਂ ਮੰਨੇ।
