Punjab

ਨੁਕਸਾਨੀ ਫ਼ਸਲ ਦੇ ਮੁਆਵਜ਼ੇ ਲਈ ਮੁਆਵਜ਼ੇ ਲਈ 5 ਜ਼ਿਲ੍ਹਿਆਂ ਦੇ ਕਿਸਾਨ ਵਿੱਤ ਮੰਤਰੀ ਦੇ ਘਰ ਅੱਗੇ ਲਾਉਣਗੇ ਪੱਕਾ ਮੋਰਚਾ

ਬਠਿੰਡਾ – ਗੁਲਾਬੀ ਸੁੰਡੀ, ਭਾਰੀ ਮੀਂਹ ਜਾਂ ਹੋਰ ਕਿਸੇ ਕੁਦਰਤੀ ਆਫਤਾਂ ਕਰਕੇ ਨਰਮੇ ਦੀ ਫਸਲ ਅਤੇ ਖ਼ਰਾਬੇ ਦਾ ਮੁਆਵਜ਼ਾ ਪ੍ਰਤੀ ਏਕੜ 60 ਹਜ਼ਾਰ, ਮਜ਼ਦੂਰਾਂ ਨੂੰ ਚੁਗਾਈ ਦੇ ਖੁੱਸੇ ਰੁਜ਼ਗਾਰ ਦਾ ਮੁਆਵਜ਼ਾ 30 ਹਜ਼ਾਰ ਪ੍ਰਤੀ ਪਰਿਵਾਰ ਲੈਣ, ਨਕਲੀ ਕੀਟਨਾਸ਼ਕ ਦਵਾਈਆਂ ਅਤੇ ਨਕਲੀ ਬੀਜ ਵੇਚਣ ਤੇ ਬਣਾਉਣ ਵਾਲੀਆਂ ਕੰਪਨੀਆਂ ਤੇ ਸਬੰਧਤ ਅਧਿਕਾਰੀਆਂ ’ਤੇ ਕਾਰਵਾਈ ਕਰਵਾਉਣ ਅਤੇ ਝੋਨੇ ਦੀ ਸਰਕਾਰੀ ਖਰੀਦ ਤੁਰੰਤ ਸ਼ੁਰੂ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡਿਪਟੀ ਕਮਿਸ਼ਨਰ ਬਠਿੰਡਾ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ।

ਇਸ ਤੋਂ ਬਾਅਦ ਮਿੰਨੀ ਸਕੱਤਰੇਤ ਤੋਂ ਹਨੂੰਮਾਨ ਚੌਕ ਤਕ ਸ਼ਹਿਰ ਵਿਚ ਮੁਜ਼ਾਹਰਾ ਕੀਤਾ ਗਿਆ। ਧਰਨੇ ਵਿਚ ਵੱਡੀ ਗਿਣਤੀ ’ਚ ਕਿਸਾਨ ਬੀਬੀਆਂ ਸ਼ਾਮਲ ਹੋਈਆਂ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਨੇ ਫਸਲਾਂ ਦੇ ਖਰਾਬੇ ਦਾ ਪੂਰਾ ਮੁਆਵਜ਼ਾ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਉਜਾੜਾ ਭੱਤਾ ਲੈਣ ਲਈ 5 ਅਕਤੂਬਰ ਤੋਂ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਿੰਡ ਬਾਦਲ ਅੱਗੇ ਅਣਮਿੱਥੇ ਸਮੇਂ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ। ਇਸ ਪੱਕੇ ਮੋਰਚੇ ਵਿਚ ਪੰਜਾਬ ਦੇ ਨਰਮਾ ਪੱਟੀ ਦੇ ਪੰਜ ਜ਼ਿਲ੍ਹਿਆਂ ਬਠਿੰਡਾ, ਮਾਨਸਾ, ਫਾਜ਼ਿਲਕਾ, ਫਰੀਦਕੋਟ ਅਤੇ ਮੁਕਤਸਰ ਸਾਹਿਬ ਦੇ ਕਿਸਾਨ ਸ਼ਾਮਲ ਹੋਣਗੇ। ਅੱਜ ਦੇ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਕਿਹਾ ਕਿ ਇਸ ਵਾਰ ਗੁਲਾਬੀ ਸੁੰਡੀ ਨੇ ਨਰਮੇ ਦੀ ਫ਼ਸਲ ਦਾ 100 ਫੀਸਦੀ ਨੁਕਸਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਵੀ ਜ਼ਿਆਦਾ ਬਾਰਸ਼ ਕਾਰਨ ਨਰਮਾ ਅਤੇ ਹੋਰ ਫ਼ਸਲਾਂ ਵਿਚ ਪਾਣੀ ਖੜ੍ਹਾ ਹੋਣ ਕਰ ਕੇ ਕਈ ਪਿੰਡਾਂ ਵਿਚ ਫ਼ਸਲਾਂ ਪੂਰੀ ਤਰ੍ਹਾਂ ਬਰਬਾਦ ਹੋ ਚੁੱਕੀਆਂ ਹਨ। ਪਹਿਲਾਂ ਹੀ ਕਰਜ਼ੇ ਅਤੇ ਆਰਥਿਕ ਤੰਗੀਆਂ ਕਾਰਨ ਬੁਰੀ ਹਾਲਤ ਵਿਚ ਫਸੇ ਹੋਏ ਕਿਸਾਨ ਖੁਦਕਸ਼ੀਆਂ ਕਰ ਰਹੇ ਹਨ। ਇਸ ਵਾਰ ਫਸਲਾਂ ਦੀ ਬਰਬਾਦੀ ਕਾਰਨ ਇਹ ਵਰਤਾਰਾ ਹੋਰ ਤੇਜ਼ ਹੋ ਗਿਆ ਹੈ। ਕਿਸਾਨਾਂ ਦੀ ਹੋਈ ਮਾੜੀ ਆਰਥਿਕ ਹਾਲਤ ਨੂੰ ਨਰਮੇ ਅਤੇ ਹੋਰ ਫਸਲਾਂ ਦੇ ਇਸ ਖਰਾਬੇ ਨੇ ਹੋਰ ਬਰਬਾਦੀ ਵੱਲ ਧੱਕਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਤੁਰੰਤ ਕਿਸਾਨਾਂ ਮਜ਼ਦੂਰਾਂ ਦੀਆਂ ਫਸਲਾਂ ਦਾ ਪੂਰਾ ਮੁਆਵਜ਼ਾ ਦੇਣ ਦੀ ਜ਼ਰੂਰਤ ਹੈ ਜੋ ਉਨ੍ਹਾਂ ਦੀ ਮਾੜੀ ਆਰਥਿਕਤਾ ਦਾ ਸਹਾਰਾ ਬਣ ਸਕੇ।ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਮੋਠੂ ਸਿੰਘ ਕੋਟੜਾ ਅਤੇ ਮੀਤ ਪ੍ਰਧਾਨ ਬਸੰਤ ਸਿੰਘ ਕੋਠਾ ਗੁਰੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਖਰੀਦ ਇਕ ਅਕਤੂਬਰ ਦੀ ਬਜਾਏ 11 ਅਕਤੂਬਰ ਤੋਂ ਸ਼ੁਰੂ ਕਰਨ ਦਾ ਐਲਾਨ ਕਰ ਕੇ ਕਿਸਾਨਾਂ ਦੇ ਧੀਆਂ-ਪੁੱਤਾਂ ਵਾਂਗੂ ਪਾਲੀ ਫ਼ਸਲ ਵਪਾਰੀਆਂ ਨੂੰ ਲੁੱਟਣ ਲਈ ਖੁੱਲ੍ਹੀ ਛੁੱਟੀ ਦੇ ਦਿੱਤੀ ਹੈ ਜੋ ਕਿ ਸਰਕਾਰ ਦੇ ਮਿੱਥੇ ਘੱਟੋ ਘੱਟ ਸਰਕਾਰੀ ਮੁੱਲ ਤੋਂ ਘੱਟ ਖਰੀਦ ਰਹੇ ਹਨ। ਸਰਕਾਰ ਦੇ ਇਹ ਫੁਰਮਾਨ ਅਸਲ ਵਿਚ ਸਰਕਾਰੀ ਖਰੀਦ ਤੋਂ ਭੱਜ ਕੇ ਖੇਤੀ ਵਿਰੋਧੀ ਕਾਲੇ ਕਾਨੂੰਨ ਲਾਗੂ ਕਰਨ ਦੀ ਸ਼ੁਰੂਆਤ ਹੈ।

ਅੱਜ ਦੇ ਧਰਨੇ ਨੂੰ ਦਰਸ਼ਨ ਸਿੰਘ ਮਾਈਸਰਖਾਨਾ, ਸੁਖਦੇਵ ਸਿੰਘ ਰਾਮਪੁਰਾ, ਬਲਜੀਤ ਸਿੰਘ ਪੂਹਲਾ, ਅਮਰੀਕ ਸਿੰਘ ਸਿਵੀਆਂ, ਜਸਪਾਲ ਸਿੰਘ ਕੋਠਾਗੁਰੂ, ਕੁਲਵੰਤ ਸ਼ਰਮਾ ਰਾਏਕੇ ਕਲਾਂ, ਅਜੇ ਪਲ ਘੁੱਦਾ, ਰਾਜਵਿੰਦਰ ਸਿੰਘ ਰਾਮਨਗਰ, ਗੁਰਮੇਲ ਸਿੰਘ ਰਾਮਗੜ੍ਹ ਭੂੰਦੜ, ਜੋਧਾ ਸਿੰਘ ਮਾਹੀਨੰਗਲ, ਦੀਨਾ ਸਿਵੀਆਂ, ਸੁਖਜੀਤ ਕੌਰ ਚੱਕ ਅਤੇ ਗੁਰਚੇਤ ਕੌਰ ਕੋਠਾ ਗੁਰੂ ਨੇ ਵੀ ਸੰਬੋਧਨ ਕੀਤਾ।

Related posts

ਬੰਦੀ ਛੋੜ ਦਿਵਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸਿੱਖ ਪੰਥ ਦੇ ਨਾਂ ਸੰਦੇਸ਼ !

admin

ਸਪੈਸ਼ਲ ਟਾਸਕ ਫੋਰਸ ਦਾ ਕੰਮ ਹੁਣ ਵਧੇਰੇ ਪਾਰਦਰਸ਼ੀ ਹੋਵੇਗਾ

admin

ਜੂਆਲੋਜਿਕਲ ਸੋਸਾਇਟੀ ਨੇ ‘ਸੇਵਾ ਪਾਰਵ ਅਤੇ ਵਿਸ਼ਵ ਓਜ਼ੋਨ ਦਿਵਸ’ ਮਨਾਇਆ

admin